ਬਿਕਰਮ ਮਜੀਠੀਆ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਨਾਕਾਮ : ਲਾਲੀ ਬਾਜਵਾ
ਬਿਕਰਮ ਮਜੀਠੀਆ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਨਾਕਾਮ: ਲਾਲੀ ਬਾਜਵਾ
Publish Date: Wed, 04 Feb 2026 03:47 PM (IST)
Updated Date: Wed, 04 Feb 2026 03:50 PM (IST)

ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸੁਪਰੀਮ ਕੋਰਟ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਵੱਡੀ ਕਾਨੂੰਨੀ ਰਾਹਤ ਨੂੰ ਲੈ ਕੇ ਅਕਾਲੀ ਦਲ ਦੇ ਆਗੂਆਂ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕਿਹਾ ਕਿ ਇਹ ਫ਼ੈਸਲਾ ਸਾਫ਼ ਕਰਦਾ ਹੈ ਕਿ ਸਰਕਾਰ ਵੱਲੋਂ ਸਿਆਸੀ ਬਦਲਾਖੋਰੀ ਦੇ ਤਹਿਤ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਸੀ, ਜੋ ਹੁਣ ਨਾਕਾਮ ਹੋ ਗਈ ਹੈ। ਲਾਲੀ ਬਾਜਵਾ ਨੇ ਆਪਣੇ ਗ੍ਰਹਿ ਵਿਖੇ ਆਗੂਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੇ ਹਮੇਸ਼ਾ ਸਰਕਾਰ ਦੀਆਂ ਨਾਕਾਮੀਆਂ ਅਤੇ ਵਾਅਦਾਖਿਲਾਫ਼ੀ ਨੂੰ ਲੋਕਾਂ ਸਾਹਮਣੇ ਰੱਖਿਆ, ਜਿਸ ਕਾਰਨ ਘਬਰਾਈ ਸਰਕਾਰ ਨੇ ਉਨ੍ਹਾਂ ਨੂੰ ਝੂਠੇ ਕੇਸ ਵਿੱਚ ਫਸਾ ਕੇ ਜੇਲ੍ਹ ਭੇਜ ਦਿੱਤਾ। ਉਨ੍ਹਾਂ ਕਿਹਾ ਕਿ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਸਰਕਾਰ ਕੋਈ ਠੋਸ ਸਬੂਤ ਪੇਸ਼ ਨਹੀਂ ਕਰ ਸਕੀ, ਜਿਸ ਤੋਂ ਬਾਅਦ ਸੁਪਰੀਮ ਕੋਰਟ ਵੱਲੋਂ ਇਨਸਾਫ਼ ਕੀਤਾ ਗਿਆ। ਲਾਲੀ ਬਾਜਵਾ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਮੁੜ ਪੂਰੀ ਤਾਕਤ ਨਾਲ ਲੋਕਾਂ ਵਿੱਚ ਆਪਣੀ ਪਕੜ ਬਣਾ ਰਿਹਾ ਹੈ ਕਿਉਂਕਿ ਪੰਜਾਬ ਦੇ ਲੋਕ ਸਮਝ ਚੁੱਕੇ ਹਨ ਕਿ ਸੂਬੇ ਦੇ ਹੱਕਾਂ ਅਤੇ ਹਿਤਾਂ ਦੀ ਅਸਲੀ ਰਾਖੀ ਸਿਰਫ਼ ਅਕਾਲੀ ਦਲ ਹੀ ਕਰ ਸਕਦਾ ਹੈ। ਉਨ੍ਹਾਂ ਇਹ ਵੀ ਆਖਿਆ ਕਿ ਮੌਜੂਦਾ ਸਰਕਾਰ ਆਪਣੇ ਹੀ ਵਿਧਾਇਕਾਂ ਅਤੇ ਮੰਤਰੀਆਂ ਦੀ ਸੁਣਵਾਈ ਨਾ ਕਰਕੇ ਮਖੌਲ ਬਣ ਚੁੱਕੀ ਹੈ ਅਤੇ ਸੂਬੇ ਦੇ ਅਹਿਮ ਫ਼ੈਸਲੇ ਦਿੱਲੀ ਦੀ ਲੀਡਰਸ਼ਿਪ ਵੱਲੋਂ ਕੀਤੇ ਜਾ ਰਹੇ ਹਨ। ਇਸ ਮੌਕੇ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋਂ ਖੁਸ਼ੀ ਦਾ ਇਜ਼ਹਾਰ ਕਰਦਿਆਂ ਲੱਡੂ ਵੰਡੇ ਗਏ। ਸਮਾਗਮ ਦੌਰਾਨ ਰਾਣਾ ਰਣਵੀਰ ਸਿੰਘ, ਸੁਖਜਿੰਦਰ ਸਿੰਘ ਔਜਲਾ, ਬਲਰਾਜ ਸਿੰਘ ਚੌਹਾਨ, ਰਣਧੀਰ ਸਿੰਘ ਭਾਰਜ, ਅਜਮੇਰ ਸਿੰਘ ਸਹੋਤਾ, ਜਪਿੰਦਰ ਅਟਵਾਲ, ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ, ਰਵਿੰਦਰਪਾਲ ਸਿੰਘ ਮਿੰਟੂ, ਸਤਵਿੰਦਰ ਸਿੰਘ ਆਹਲੂਵਾਲੀਆ, ਕੁਲਦੀਪ ਸਿੰਘ ਢੱਡੇ, ਸੁਖਵਿੰਦਰ ਸੁੱਖੀ ਸਮੇਤ ਹੋਰ ਆਗੂ ਹਾਜ਼ਰ ਸਨ।