ਸਿਹਤ ਵਿਭਾਗ ਵੱਲੋਂ ਵਿਸ਼ਵ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਗਿਆ
ਸਿਹਤ ਵਿਭਾਗ ਵੱਲੋਂ ਵਿਸ਼ਵ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਗਿਆ
Publish Date: Wed, 04 Feb 2026 04:39 PM (IST)
Updated Date: Wed, 04 Feb 2026 04:41 PM (IST)

ਕੈਂਸਰ ਦੀ ਸ਼ੁਰੂਆਤੀ ਪਛਾਣ ਨਾਲ ਇਲਾਜ ਸੰਭਵ : ਡਾ. ਰਣਜੀਤ ਸਿੰਘ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵੀਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਾਸ ਮੀਡੀਆ ਵਿੰਗ ਵੱਲੋਂ ਵਿਸ਼ਵ ਕੈਂਸਰ ਜਾਗਰੂਕਤਾ ਦਿਵਸ ਮੌਕੇ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਜਚਾ-ਬੱਚਾ ਵਾਰਡ ਵਿੱਚ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ ਨੇ ਮਰੀਜ਼ਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਂਸਰ ਦੀ ਸ਼ੁਰੂਆਤੀ ਅਵਸਥਾ ਵਿੱਚ ਪਛਾਣ ਹੋਣ ਨਾਲ ਇਸ ਦਾ ਇਲਾਜ ਪੂਰੀ ਤਰ੍ਹਾਂ ਸੰਭਵ ਹੈ। ਉਨ੍ਹਾਂ ਦੱਸਿਆ ਕਿ ਪ੍ਰਦੂਸ਼ਿਤ ਵਾਤਾਵਰਣ, ਅਸੰਤੁਲਿਤ ਜੀਵਨ ਸ਼ੈਲੀ, ਸਿਗਰਟਨੋਸ਼ੀ, ਤੰਬਾਕੂ ਸੇਵਨ ਅਤੇ ਗਲਤ ਖਾਣ-ਪੀਣ ਦੀਆਂ ਆਦਤਾਂ ਕੈਂਸਰ ਦੇ ਮੁੱਖ ਕਾਰਨ ਹਨ। ਡਾ. ਮੰਜਨਰੀ ਅਰੋੜਾ ਨੇ ਕਿਹਾ ਕਿ ਤੰਬਾਕੂ ਨਾਲ ਮੂੰਹ, ਗਲੇ ਅਤੇ ਫੇਫੜਿਆਂ ਦੇ ਕੈਂਸਰ ਦੇ ਮਾਮਲੇ ਵਧ ਰਹੇ ਹਨ। ਉਨ੍ਹਾਂ ਸਲਾਹ ਦਿੱਤੀ ਕਿ ਮੂੰਹ ਵਿੱਚ ਛਾਲਾ ਜਾਂ ਧੱਬਾ ਲੰਬੇ ਸਮੇਂ ਤੱਕ ਨਾ ਠੀਕ ਹੋਵੇ ਤਾਂ ਤੁਰੰਤ ਜਾਂਚ ਕਰਵਾਈ ਜਾਵੇ। ਗਾਇਨੀ ਡਾ. ਪਰਵਾਜ ਨੇ ਦੱਸਿਆ ਕਿ ਔਰਤਾਂ ਵਿੱਚ ਬ੍ਰੈਸਟ ਅਤੇ ਸਰਵਾਈਕਲ ਕੈਂਸਰ ਆਮ ਹਨ ਅਤੇ ਪੰਜਾਬ ਸਰਕਾਰ ਵੱਲੋਂ 30 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਲਈ ਮੁਫ਼ਤ ਸਕਰੀਨਿੰਗ ਦੀ ਸਹੂਲਤ ਦਿੱਤੀ ਜਾ ਰਹੀ ਹੈ। ਡਾ. ਮਨਦੀਪ ਕੌਰ ਨੇ ਐਚਪੀਵੀ ਵੈਕਸੀਨ ਨੂੰ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਪ੍ਰਭਾਵਸ਼ਾਲੀ ਦੱਸਿਆ। ਡਿਪਟੀ ਮਾਸ ਮੀਡੀਆ ਅਫ਼ਸਰ ਰਵਿੰਦਰ ਜੱਸਲ ਨੇ ਜਾਣਕਾਰੀ ਦਿੱਤੀ ਕਿ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਤਹਿਤ ਮਰੀਜ਼ਾਂ ਨੂੰ 1.5 ਲੱਖ ਰੁਪਏ ਤੱਕ ਦੀ ਆਰਥਿਕ ਸਹਾਇਤਾ ਦਿੱਤੀ ਜਾਂਦੀ ਹੈ। ਇਸ ਮੌਕੇ ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਪੋਸਟਰ ਤਿਆਰ ਕਰਕੇ ਮਰੀਜ਼ਾਂ ਨੂੰ ਕੈਂਸਰ ਤੋਂ ਬਚਾਅ ਲਈ ਪ੍ਰੇਰਿਤ ਕੀਤਾ ਗਿਆ।