ਮਜੀਠੀਆ ਦੀ ਜ਼ਮਾਨਤ ਨੇ ਅਕਾਲੀ ਦਲ ’ਚ ਨਵਾਂ ਜੋਸ਼ ਭਰਿਆ : ਸਰਬਜੀਤ ਸਿੰਘ ਸੋਢੀ ਰੰਗਾ
ਮਜੀਠੀਆ ਦੀ ਜਮਾਨਤ ਨੇ ਅਕਾਲੀ ਦਲ ’ਚ ਨਵਾਂ ਜੋਸ਼ ਭਰਿਆ - ਸਰਬਜੀਤ ਸਿੰਘ ਸੋਢੀ ਰੰਗਾ
Publish Date: Thu, 05 Feb 2026 03:50 PM (IST)
Updated Date: Thu, 05 Feb 2026 03:53 PM (IST)

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ: ਇੱਥੇ ਯੂਥ ਅਕਾਲੀ ਆਗੂ ਸਰਬਜੀਤ ਸਿੰਘ ਸੋਢੀ ਰੰਗਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਜਮਾਨਤ ਮਿਲਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਾਬਤ ਹੋ ਗਿਆ ਹੈ ਕਿ ਮਜੀਠੀਆ ਖ਼ਿਲਾਫ਼ ਕੀਤੀ ਗਈ ਕਾਰਵਾਈ ਸੱਤਾਧਾਰੀ ਪਾਰਟੀ ਦੀ ਸਿਆਸੀ ਖੁੰਦਕਬਾਜ਼ੀ ਦਾ ਨਤੀਜਾ ਸੀ। ਸਰਬਜੀਤ ਸਿੰਘ ਰੰਗਾ ਨੇ ਕਿਹਾ ਕਿ ਮਜੀਠੀਆ ਦੀ ਗ੍ਰਿਫ਼ਤਾਰੀ ਸਿਰਫ਼ ਸਿਆਸੀ ਬਦਲੇ ਦੀ ਭਾਵਨਾ ਤਹਿਤ ਕੀਤੀ ਗਈ ਸੀ ਤੇ ਸੱਤ ਮਹੀਨੇ ਤੋਂ ਵੱਧ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਮਜੀਠੀਆ ਖ਼ਿਲਾਫ਼ ਕੋਈ ਵੀ ਢੁੱਕਵਾਂ ਅਤੇ ਪੁਖ਼ਤਾ ਸਬੂਤ ਅਦਾਲਤ ਵਿੱਚ ਪੇਸ਼ ਕਰਨ ਵਿੱਚ ਅਸਫ਼ਲ ਰਹੀ ਹੈ, ਜਿਸ ਕਾਰਨ ਅਦਾਲਤ ਨੇ ਉਨ੍ਹਾਂ ਨੂੰ ਜਮਾਨਤ ਦੇਣੀ ਯੋਗ ਸਮਝੀ। ਇਹ ਫ਼ੈਸਲਾ ਨਿਆਂ ਪ੍ਰਣਾਲੀ ’ਤੇ ਲੋਕਾਂ ਦੇ ਭਰੋਸੇ ਨੂੰ ਮਜ਼ਬੂਤ ਕਰਦਾ ਹੈ ਅਤੇ ਸੱਤਾਧਾਰੀ ਪਾਰਟੀ ਦੀ ਉਸ ਨੀਤੀ ਨੂੰ ਵੀ ਬੇਨਕਾਬ ਕਰਦਾ ਹੈ, ਜਿਸ ਤਹਿਤ ਵਿਰੋਧੀ ਧਿਰ ਦੇ ਆਗੂਆਂ ਨੂੰ ਝੂਠੇ ਮਾਮਲਿਆਂ ਵਿੱਚ ਫਸਾ ਕੇ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਅਕਾਲੀ ਦਲ ਨੇ ਹਮੇਸ਼ਾ ਕਾਨੂੰਨ ਅਤੇ ਸੰਵਿਧਾਨ ’ਤੇ ਭਰੋਸਾ ਕੀਤਾ ਹੈ ਅਤੇ ਅੱਗੇ ਵੀ ਕਰਦਾ ਰਹੇਗਾ। ਸਰਬਜੀਤ ਸਿੰਘ ਰੰਗਾ ਨੇ ਦਾਅਵਾ ਕੀਤਾ ਕਿ ਪਿਛਲੇ ਕੁੱਝ ਸਮੇਂ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀ ਸਿਆਸਤ ਵਿੱਚ ਮਜ਼ਬੂਤ ਵਾਪਸੀ ਕੀਤੀ ਹੈ ਅਤੇ ਪੰਜਾਬ ਭਰ ਵਿੱਚ ਪਾਰਟੀ ਦਾ ਆਧਾਰ ਦੁਬਾਰਾ ਮਜ਼ਬੂਤ ਹੋ ਰਿਹਾ ਹੈ। ਹੁਣ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿੱਚ ਅਕਾਲੀ ਦਲ ਨਵੇਂ ਜੋਸ਼ ਅਤੇ ਉਤਸ਼ਾਹ ਨਾਲ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਲਈ ਜ਼ਮੀਨੀ ਪੱਧਰ ’ਤੇ ਹੋਰ ਸਰਗਰਮ ਹੋਵੇਗਾ। ਅਕਾਲੀ ਦਲ ਆਉਣ ਵਾਲੇ ਸਮੇਂ ਵਿੱਚ ਲੋਕਾਂ ਦੇ ਮੁੱਦੇ ਜ਼ੋਰਦਾਰ ਢੰਗ ਨਾਲ ਉਠਾਏਗਾ ਅਤੇ ਸੱਤਾਧਾਰੀ ਸਰਕਾਰ ਦੀਆਂ ਨਾਕਾਮੀਆਂ ਨੂੰ ਜਨਤਾ ਸਾਹਮਣੇ ਲਿਆਉਂਦਾ ਰਹੇਗਾ।