ਮੁੱਖ ਮੰਤਰੀ ਦੀ ਟਿੱਪਣੀ ਨਾਲ ਧਾਰਮਿਕ ਭਾਵਨਾਵਾਂ ਨੂੰ ਪੁੱਜੀ ਠੇਸ : ਜੰਗੀ ਲਾਲ ਮਹਾਜਨ
ਮੁੱਖ ਮੰਤਰੀ ਦੀ ਟਿੱਪਣੀ ਨਾਲ ਧਾਰਮਿਕ ਭਾਵਨਾਵਾਂ ਨੂੰ ਪੁੱਜੀ ਠੇਸ - ਜੰਗੀ ਲਾਲ ਮਹਾਜਨ
Publish Date: Thu, 05 Feb 2026 04:02 PM (IST)
Updated Date: Thu, 05 Feb 2026 04:05 PM (IST)

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡੇਰਾ ਰਾਧਾ ਸੁਆਮੀ ਬਿਆਸ ਦੇ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸੰਬੰਧੀ ਕੀਤੀ ਟਿੱਪਣੀ ’ਤੇ ਤਿੱਖਾ ਪ੍ਰਤੀਕਰਮ ਦਿੰਦੇ ਹੋਏ ਮੁਕੇਰੀਆਂ ਤੋਂ ਹਲਕਾ ਵਿਧਾਇਕ ਜੰਗੀ ਲਾਲ ਮਹਾਜਨ ਨੇ ਇਸਨੂੰ ਮੰਦਭਾਗਾ ਅਤੇ ਨਿੰਦਨਯੋਗ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਸ਼ਬਦਾਂ ਨਾਲ ਲੱਖਾਂ ਸ਼ਰਧਾਲੂਆਂ ਅਤੇ ਡੇਰਾ ਸਮਰਥਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ ਤੇ ਅਜਿਹੇ ਗੈਰ-ਜਿੰਮੇਵਾਰਾਨਾ ਬਿਆਨ ਮੁੱਖ ਮੰਤਰੀ ਦੇ ਅਹੁੱਦੇ ਦੀ ਮਰਿਆਦਾ ਨੂੰ ਵੀ ਸੱਟ ਮਾਰਦੇ ਹਨ। ਰਾਧਾ ਸੁਆਮੀ ਡੇਰਾ ਬਿਆਸ ਇੱਕ ਅਧਿਆਤਮਿਕ ਸੰਸਥਾ ਹੈ, ਜਿਸ ਨਾਲ ਦੇਸ਼ ਅਤੇ ਵਿਦੇਸ਼ ਵਿੱਚ ਕਰੋੜਾਂ ਦੀ ਗਿਣਤੀ ਵਿੱਚ ਸ਼ਰਧਾਲੂ ਜੁੜੇ ਹੋਏ ਹਨ ਤੇ ਕਿਸੇ ਵੀ ਸੰਵਿਧਾਨਕ ਅਹੁੱਦੇ ’ਤੇ ਬੈਠੇ ਵਿਅਕਤੀ ਨੂੰ ਧਾਰਮਿਕ ਸੰਸਥਾਵਾਂ ਅਤੇ ਉਨ੍ਹਾਂ ਦੇ ਮੁੱਖੀਆਂ ਬਾਰੇ ਟਿੱਪਣੀ ਕਰਦਿਆਂ ਸੰਜਮ ਵਰਤਣਾ ਚਾਹੀਦਾ ਹੈ। ਮਹਾਜਨ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਦੀ ਟਿੱਪਣੀ ਤੋਂ ਹੰਕਾਰ ਦੀ ਝਲਕ ਮਿਲਦੀ ਹੈ ਅਤੇ ਇਸ ਤਰ੍ਹਾਂ ਦੇ ਬਿਆਨ ਪੰਜਾਬ ਦੀ ਭਾਈਚਾਰਕ ਸਾਂਝ ਲਈ ਨੁਕਸਾਨਦਾਇਕ ਸਾਬਤ ਹੋ ਸਕਦੇ ਹਨ। ਲੋਕ ਧਾਰਮਿਕ ਮਾਮਲਿਆਂ ਵਿੱਚ ਰਾਜਨੀਤਿਕ ਦਖ਼ਲਅੰਦਾਜ਼ੀ ਨੂੰ ਕਦੇ ਵੀ ਸਵੀਕਾਰ ਨਹੀਂ ਕਰਦੇ ਅਤੇ ਇਹੀ ਕਾਰਨ ਹੈ ਕਿ ਅਜਿਹੇ ਬਿਆਨ ਸਰਕਾਰ ਦੇ ਅਕਸ ਨੂੰ ਵੀ ਠੇਸ ਪਹੁੰਚਾਉਂਦੇ ਹਨ। ਧਾਰਮਿਕ ਸੰਵੇਦਨਸ਼ੀਲ ਮਸਲਿਆਂ ’ਤੇ ਟਿੱਪਣੀਆਂ ਕਰਨੀਆਂ ਅਕਸਰ ਤਣਾਅ ਵਧਾਉਂਦੀਆਂ ਹਨ ਅਤੇ ਸਰਕਾਰ ਨੂੰ ਇਸ ਬਾਰੇ ਤੁਰੰਤ ਸਪਸ਼ਟੀਕਰਨ ਦੇਣਾ ਚਾਹੀਦਾ ਹੈ। ਮਹਾਜਨ ਨੇ ਪੁਰਜ਼ੋਰ ਮੰਗ ਕੀਤੀ ਕਿ ਕਾਨੂੰਨ ਸਭ ਲਈ ਬਰਾਬਰ ਹੈ ਤੇ ਮੁੱਖ ਮੰਤਰੀ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਸਮੇਤ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਕੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਅਗਾਂਹ ਤੋਂ ਅਜਿਹਾ ਹੋਣ ਤੋਂ ਰੋਕਿਆ ਜਾ ਸਕੇ।