ਡੇਰਾ ਸੱਚਖੰਡ ਬੱਲਾਂ ਲੋਕਾਂ ਦੀ ਆਸਥਾ ਦਾ ਕੇਂਦਰ : ਅਵਿਨਾਸ਼ ਰਾਏ ਖੰਨਾ
ਡੇਰਾ ਸੱਚਖੰਡ ਬੱਲਾਂ ਲੋਕਾਂ ਦੀ ਆਸਥਾ ਦਾ ਕੇਂਦਰ: ਅਵਿਨਾਸ਼ ਰਾਏ ਖੰਨਾ
Publish Date: Fri, 06 Feb 2026 03:21 PM (IST)
Updated Date: Fri, 06 Feb 2026 03:23 PM (IST)

ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਡੇਰਾ ਸੱਚਖੰਡ ਬੱਲਾਂ ਲੋਕਾਂ ਦੀ ਆਸਥਾ ਦਾ ਵੱਡਾ ਕੇਂਦਰ ਹੈ, ਜਿੱਥੇ ਡੇਰਾ ਮੁਖੀ ਸੰਤ ਨਿਰੰਜਣ ਦਾਸ ਨਾ ਸਿਰਫ਼ ਲੋਕਾਂ ਨੂੰ ਅਧਿਆਤਮਿਕਤਾ ਨਾਲ ਜੋੜ ਰਹੇ ਹਨ, ਬਲਕਿ ਲੋਕ ਭਲਾਈ ਦੇ ਕੰਮਾਂ ਵਿਚ ਵੀ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ। ਖੰਨਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸਮਰਪਿਤ ਡੇਰਾ ਸੱਚਖੰਡ ਬੱਲਾਂ ਦੀ ਸਥਾਪਨਾ ਸੰਤ ਪੀਪਲ ਦਾਸ ਵੱਲੋਂ ਕੀਤੀ ਗਈ ਸੀ ਅਤੇ ਇਸ ਨੂੰ ਸੰਤ ਸਰਵਣ ਦਾਸ ਨੇ ਵਿਕਸਤ ਕੀਤਾ। ਉਨ੍ਹਾਂ ਦੱਸਿਆ ਕਿ ਡੇਰਾ ਸੱਚਖੰਡ ਬੱਲਾਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਫੈਲਾਉਣ ਦੇ ਨਾਲ-ਨਾਲ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਵੀ ਅਹਿਮ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਲੋਕਾਂ ਲਈ ਇੱਥੇ ਸੰਤ ਸਰਵਣ ਦਾਸ ਚੈਰੀਟੇਬਲ ਹਸਪਤਾਲ ਅਤੇ ਸੰਤ ਸਰਵਣ ਦਾਸ ਮਾਡਲ ਸਕੂਲ ਵਰਗੀਆਂ ਸੰਸਥਾਵਾਂ ਸਥਾਪਿਤ ਕੀਤੀਆਂ ਗਈਆਂ ਹਨ। ਸਮਾਜਿਕ ਦ੍ਰਿਸ਼ਟੀਕੋਣ ਤੋਂ ਡੇਰਾ ਸੱਚਖੰਡ ਬੱਲਾਂ ਦਲਿਤ ਸਸ਼ਕਤੀਕਰਨ ਦਾ ਇੱਕ ਪ੍ਰਮੁੱਖ ਕੇਂਦਰ ਹੈ ਅਤੇ ਪੰਜਾਬ ਵਿੱਚ ਇਸ ਦਾ ਮਹੱਤਵਪੂਰਨ ਰਾਜਨੀਤਿਕ ਪ੍ਰਭਾਵ ਵੀ ਹੈ। ਖੰਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹਾਲ ਹੀ ਵਿਚ ਡੇਰਾ ਸੱਚਖੰਡ ਬੱਲਾਂ ਦਾ ਦੌਰਾ ਕਰਨਾ ਅਤੇ ਡੇਰਾ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕਰਨਾ ਕੇਂਦਰ ਸਰਕਾਰ ਦਾ ਸ਼ਲਾਘਾਯੋਗ ਫੈਸਲਾ ਹੈ। ਉਨ੍ਹਾਂ ਕਿਹਾ ਕਿ ਸੰਤ ਨਿਰੰਜਣ ਦਾਸ ਜੀ ਧਰਮ ਦੇ ਪ੍ਰਚਾਰ ਅਤੇ ਲੋਕ ਭਲਾਈ ਲਈ ਕੀਤੀਆਂ ਸੇਵਾਵਾਂ ਕਰਕੇ ਇਸ ਪੁਰਸਕਾਰ ਦੇ ਪੂਰੀ ਤਰ੍ਹਾਂ ਹੱਕਦਾਰ ਹਨ।