‘ਆਪ’ ਦੇ ਰਾਜ ’ਚ ਸਮਾਜ ਤੇ ਪੰਜਾਬ ਦੋਵੇਂ ਅਸੁਰੱਖਿਅਤ : ਖੰਨਾ
ਅਸੁਰੱਖਿਅਤ ਸਮਾਜ, ਅਸੁਰੱਖਿਅਤ ਪੰਜਾਬ: ਖੰਨਾ
Publish Date: Sat, 07 Feb 2026 03:32 PM (IST)
Updated Date: Sat, 07 Feb 2026 03:35 PM (IST)

ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਕਿਹਾ ਹੈ ਕਿ ਜਲੰਧਰ ਵਿੱਚ ਹਾਲ ਹੀ ਵਿੱਚ ਅਪਰਾਧੀਆਂ ਵੱਲੋਂ ‘ਆਪ’ ਦੇ ਨੌਜਵਾਨ ਆਗੂ ਦੀ ਗੋਲੀ ਮਾਰ ਕੇ ਹੱਤਿਆ ਕੀਤਾ ਜਾਣਾ ਬਹੁਤ ਅਫਸੋਸਜਨਕ ਹੈ ਅਤੇ ਪੰਜਾਬ ਦੇ ਭਵਿੱਖ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਜਿਸ ਸੂਬੇ ਵਿੱਚ ਸੱਤਾਧਾਰੀ ਪਾਰਟੀ ਦੇ ਆਗੂ ਵੀ ਸੁਰੱਖਿਅਤ ਨਹੀਂ ਹਨ, ਉੱਥੇ ਆਮ ਲੋਕਾਂ ਦੀ ਸੁਰੱਖਿਆ ’ਤੇ ਵੱਡੇ ਸਵਾਲ ਖੜ੍ਹੇ ਹੁੰਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਦੇ ਰਾਜ ਵਿਚ ਸਮਾਜ ਅਤੇ ਪੰਜਾਬ ਦੋਵੇਂ ਅਸੁਰੱਖਿਅਤ ਹੋ ਚੁੱਕੇ ਹਨ। ਇਹ ਵਿਚਾਰ ਖੰਨਾ ਨੇ ਆਪਣੇ ਦਫ਼ਤਰ ਵਿੱਚ ਉਨ੍ਹਾਂ ਨੂੰ ਮਿਲਣ ਆਏ ਲੋਕਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਕਮਜ਼ੋਰ ਅਗਵਾਈ ਹੇਠ ਪੰਜਾਬ ਵਿੱਚ ਅਪਰਾਧ ਤੇਜ਼ੀ ਨਾਲ ਵਧ ਰਿਹਾ ਹੈ ਅਤੇ ਸੂਬੇ ਦਾ ਭਵਿੱਖ ਖ਼ਤਰੇ ਵਿੱਚ ਹੈ। ਅਪਰਾਧੀ ਅਨਸਰ ਇੰਨੇ ਬੇਲਗਾਮ ਹੋ ਗਏ ਹਨ ਕਿ ਹੁਣ ਲੋਕਾਂ ਨੂੰ ਸ਼ਰੇਆਮ ਮਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਰੋਜ਼ਾਨਾ ਕਤਲ ਅਤੇ ਜਬਰੀ ਵਸੂਲੀ ਵਰਗੇ ਵੱਡੇ ਅਪਰਾਧਾਂ ਦੀਆਂ ਖ਼ਬਰਾਂ ਆ ਰਹੀਆਂ ਹਨ ਅਤੇ ਅਪਰਾਧੀ ਨਿਡਰ ਹੋ ਕੇ ਇਨ੍ਹਾਂ ਦੀ ਜ਼ਿੰਮੇਵਾਰੀ ਵੀ ਲੈ ਰਹੇ ਹਨ, ਜੋ ਕਾਨੂੰਨ ਵਿਵਸਥਾ ਲਈ ਖੁੱਲ੍ਹੀ ਚੁਣੌਤੀ ਹੈ। ਖੰਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਸੰਭਾਲਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਸਤੀਫਾ ਦੇਣਾ ਚਾਹੀਦਾ ਹੈ ਅਤੇ ਪੰਜਾਬ ਦੀ ਵਾਗਡੋਰ ਰਾਜਪਾਲ ਨੂੰ ਸੌਂਪ ਦੇਣੀ ਚਾਹੀਦੀ ਹੈ।