ਹਲੇੜ ਜਨਾਰਧਨ ’ਚ ਡਰਾਅ ਰਾਹੀਂ ਸ਼ਰਧਾਲੂ ਚੁਣੇ
ਹਲੇੜ ਜਨਾਰਧਨ ਵਿੱਚ ਡਰਾਅ ਰਾਹੀਂ ਸ਼ਰਧਾਲੂ ਚੁਣੇ ਗਏ
Publish Date: Mon, 09 Feb 2026 03:32 PM (IST)
Updated Date: Mon, 09 Feb 2026 03:35 PM (IST)

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ: ਨੇੜਲੇ ਪਿੰਡ ਹਲੇੜ ਜਨਾਰਧਨ ਵਿਖੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਚੋਣ ਡਰਾਅ ਰਾਹੀਂ ਪੂਰੀ ਪਾਰਦਰਸ਼ਤਾ ਨਾਲ ਕੀਤੀ ਗਈ। ਇਸ ਮੌਕੇ ਹਲਕਾ ਕੋਆਰਡੀਨੇਟਰ ਵਿਰਾਸਤ ਸੇਵਾ ਸੰਗਠਨ ਸੰਦੀਪ ਕੁਮਾਰ ਟਿੰਮਾ ਨੇ ਅਗਵਾਈ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹਰ ਵਰਗ ਦੇ ਲੋਕਾਂ ਨੂੰ ਧਾਰਮਿਕ ਯਾਤਰਾਵਾਂ ਦਾ ਲਾਭ ਪਹੁੰਚਾਉਣਾ ਹੈ, ਤਾਂ ਜੋ ਕੋਈ ਵੀ ਵਿਅਕਤੀ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਤੋਂ ਵਾਂਝਾ ਨਾ ਰਹੇ। ਸੰਦੀਪ ਕੁਮਾਰ ਟਿੰਮਾ ਨੇ ਦੱਸਿਆ ਕਿ ਇਸ ਯੋਜਨਾ ਅਧੀਨ ਚੁਣੇ ਗਏ ਸ਼ਰਧਾਲੂਆਂ ਨੂੰ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੀ ਯਾਤਰਾ ਦੌਰਾਨ ਤਿੰਨ ਦਿਨ ਅਤੇ ਦੋ ਰਾਤਾਂ ਦੇ ਠਹਿਰਾਅ ਦਾ ਪੂਰਾ ਪ੍ਰਬੰਧ ਕੀਤਾ ਜਾਵੇਗਾ। ਇਸ ਦੇ ਨਾਲ ਹੀ ਯਾਤਰਾ ਦੌਰਾਨ ਸ਼ਰਧਾਲੂਆਂ ਲਈ ਸਿਹਤ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ, ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਟਿੰਮਾ ਨੇ ਕਿਹਾ ਕਿ ਇਹ ਯੋਜਨਾ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਫ਼ਲਸਫ਼ੇ ਦੇ ਅਨੁਸਾਰ ਸ਼ੁਰੂ ਕੀਤੀ ਗਈ ਹੈ, ਜਿਨ੍ਹਾਂ ਨੇ ਸਦਾ ਮਨੁੱਖਤਾ ਨੂੰ ਪਿਆਰ, ਭਾਈਚਾਰਕ ਸਾਂਝ ਅਤੇ ਅਮਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਮਾਜ ਦਾ ਇੱਕ ਵੱਡਾ ਵਰਗ ਅਜਿਹਾ ਹੈ ਜੋ ਕਿਸੇ ਨਾ ਕਿਸੇ ਕਾਰਨ ਧਾਰਮਿਕ ਸਥਾਨਾਂ ਦੀ ਯਾਤਰਾ ਨਹੀਂ ਕਰ ਸਕਿਆ, ਪਰ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਸ ਪਹਿਲ ਨਾਲ ਉਨ੍ਹਾਂ ਦਾ ਸੁਪਨਾ ਵੀ ਸਾਕਾਰ ਹੋ ਰਿਹਾ ਹੈ। ਟਿੰਮਾ ਨੇ ਪੰਜਾਬ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਅਤੇ ਯੋਜਨਾਵਾਂ ਦੀ ਸਿਫ਼ਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਲਾਗੂ ਕੀਤੀਆਂ ਜਾ ਰਹੀਆਂ ਸਕੀਮਾਂ ਨਾਲ ਆਮ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ। ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਸਰਕਾਰ ਦੀਆਂ ਹੋਰ ਭਲਾਈ ਸਕੀਮਾਂ ਨਾਲ ਜੁੜ ਕੇ ਆਪਣੇ ਜੀਵਨ ਨੂੰ ਹੋਰ ਸੁਖਦਾਇਕ ਬਣਾਉਣ।