ਭਾਰਤ-ਅਮਰੀਕਾ ਸਮਝੌਤਾ ਕਿਸਾਨਾਂ ਦੇ ਹੱਕ 'ਚ : ਅਜੈ ਕੌਸ਼ਲ ਸੇਠੂ
ਭਾਰਤ-ਅਮਰੀਕਾ ਸਮਝੌਤਾ ਕਿਸਾਨਾਂ ਦੇ ਹੱਕ 'ਚ - ਅਜੈ ਕੌਸ਼ਲ ਸੇਠੂ
Publish Date: Mon, 09 Feb 2026 04:00 PM (IST)
Updated Date: Mon, 09 Feb 2026 04:02 PM (IST)

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ: ਭਾਰਤ ਅਤੇ ਅਮਰੀਕਾ ਦਰਮਿਆਨ ਹੋਏ ਸਮਝੌਤੇ ਵਿਚ ਜਿੱਥੇ ਇਕ ਪਾਸੇ ਭਾਰਤ ਦੇ ਕਿਸਾਨਾਂ ਦੇ ਹਿੱਤਾਂ ਦੀ ਦ੍ਰਿੜਤਾ ਨਾਲ ਰੱਖਿਆ ਕੀਤੀ ਗਈ ਹੈ ਉੱਥੇ ਦੂਜੇ ਪਾਸੇ ਭਾਰਤ ਦੇ ਛੋਟੇ ਅਤੇ ਦਰਮਿਆਨੇ ਉਦਯੋਗ ਮਾਲਕਾਂ ਲਈ ਦੁਨੀਆ ਦੀ ਸਭ ਤੋਂ ਵੱਡੀ ਅਰਥ ਵਿਵਸਥਾ ਦੇ ਦਰਵਾਜ਼ੇ ਖੋਲ੍ਹ ਦਿੱਤੇ ਗਏ ਹਨ। ਇਹ ਪ੍ਰਗਟਾਵਾ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੈ ਕੌਸ਼ਲ ਸੇਠੂ ਨੇ ਭਾਰਤ ਅਤੇ ਅਮਰੀਕਾ ਦਰਮਿਆਨ ਹੋਏ ਸਮਝੌਤੇ ਨੂੰ ਸਰਬਪੱਖੀ ਵਿਕਾਸ ਦਾ ਆਧਾਰ ਕਰਾਰ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਪਹਿਲਾਂ ਹੀ ਸਪੱਸ਼ਟ ਕੀਤਾ ਸੀ ਕਿ ਉਹ ਦੇਸ਼ ਨੂੰ ਝੁੱਕਣ ਨਹੀਂ ਦੇਣਗੇ ਅਤੇ ਕਿਸਾਨਾਂ ਦੇ ਹਿੱਤਾਂ ਨੂੰ ਛਿੱਕੇ ਨਹੀਂ ਟੰਗਿਆ ਜਾਵੇਗਾ। ਭਾਰਤ ਸਰਕਾਰ ਨੇ ਪੂਰੀ ਸਾਵਧਾਨੀ ਅਤੇ ਵਿਚਾਰ-ਵਟਾਂਦਰੇ ਤੋਂ ਬਾਅਦ ਦੁਨੀਆ ਦੀ ਸਭ ਤੋਂ ਵੱਡੀ ਅਰਥ ਵਿਵਸਥਾ ਨਾਲ ਸਫ਼ਲਤਾ ਪੂਰਵਕ ਇਹ ਸਮਝੌਤਾ ਕੀਤਾ ਹੈ, ਜੋ ਦੇਸ਼ ਸਮੇਤ ਪੰਜਾਬ ਵਿੱਚ ਵੀ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰੇਗਾ। ਇਸ ਸਮਝੌਤੇ ਨਾਲ ਦੇਸ਼ ਦੇ ਕਿਸਾਨਾਂ, ਖ਼ਾਸ ਕਰਕੇ ਪੰਜਾਬ ਦੇ ਕਿਸਾਨਾਂ ‘ਤੇ ਕਿਸੇ ਵੀ ਤਰ੍ਹਾਂ ਦਾ ਨਕਾਰਾਤਮਕ ਅਸਰ ਨਹੀਂ ਪਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਅਮਰੀਕਾ ਤੋਂ ਅਜਿਹਾ ਕੋਈ ਵੀ ਅਨਾਜ ਆਯਾਤ ਨਹੀਂ ਕੀਤਾ ਜਾਵੇਗਾ, ਜਿਸ ਦੀ ਪੈਦਾਵਾਰ ਪੰਜਾਬ ਵਿੱਚ ਹੁੰਦੀ ਹੈ। ਇਸੇ ਤਰ੍ਹਾਂ, ਇਸ ਸਮਝੌਤੇ ਦੇ ਤਹਿਤ ਡੇਅਰੀ ਖੇਤਰ ਲਈ ਵੀ ਪੂਰੀ ਸੁਰੱਖਿਆ ਯਕੀਨੀ ਬਣਾਈ ਗਈ ਹੈ। ਇਸ ਸਮਝੌਤੇ ਨਾਲ ਦੇਸ਼ ਤੋਂ ਨਿਰਯਾਤ ਵਿੱਚ ਵਾਧਾ ਹੋਵੇਗਾ ਅਤੇ ਉਦਯੋਗਿਕ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ, ਜਿਸ ਨਾਲ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਬਿਨਾਂ ਠੋਸ ਤੱਥਾਂ ਤੋਂ ਰੌਲਾ ਪਾ ਰਹੀਆਂ ਹਨ ਜਦਕਿ ਇਸ ਸਮਝੌਤੇ ਵਿੱਚ ਉਹ ਸਾਰੇ ਖੇਤੀ ਉਤਪਾਦ, ਜੋ ਸਾਡੇ ਕਿਸਾਨਾਂ ਦੀ ਮੁੱਖ ਤਾਕਤ ਹਨ, ਇਸ ਤੋਂ ਬਾਹਰ ਰੱਖੇ ਗਏ ਹਨ। ਇਸ ਮੌਕੇ ਜ਼ਿਲ੍ਹਾ ਜਰਨਲ ਸਕੱਤਰ ਰਘੂਨਾਥ ਸਿੰਘ ਰਾਣਾ, ਮੰਡਲ ਪ੍ਰਧਾਨ ਕੁਲਤਾਰ ਸਿੰਘ ਹੈਪੀ, ਮਦਨ ਲਾਲ ਨਾਂਗਲੂ, ਮੰਡਲ ਪ੍ਰਧਾਨ ਮਨੋਜ ਕੁਮਾਰ, ਮੰਡਲ ਜਰਨਲ ਸਕੱਤਰ ਜਗਤਾਰ ਸਿੰਘ ਆਦਿ ਹਾਜ਼ਰ ਸਨ।