ਭਾਜਪਾ ਜੋ ਕਹਿੰਦੀ ਹੈ, ਕਰ ਕੇ ਵਿਖਾਉਂਦੀ ਹੈ: ਭਾਟੀਆ, ਗੈਂਦ
ਭਾਜਪਾ ਜੋ ਕਹਿੰਦੀ ਹੈ ਉਹ ਕਰਕੇ ਵਿਖਾਂਦੀ ਹੈ: ਸੁਰੇਸ਼ ਭਾਟੀਆ, ਅਸ਼ਵਨੀ ਗੈਂਦ
Publish Date: Tue, 10 Feb 2026 05:34 PM (IST)
Updated Date: Wed, 11 Feb 2026 04:03 AM (IST)

ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਦਿੱਲੀ ਵਿੱਚ ਨਵੀਂ ਸਰਕਾਰ ਬਣਨ ਤੋਂ ਪਹਿਲਾਂ ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਹਰ ਤਿਉਹਾਰ ’ਤੇ ਔਰਤਾਂ ਨੂੰ ਮੁਫ਼ਤ ਗੈਸ ਸਿਲੰਡਰ ਦੇਣ ਦਾ ਕੀਤਾ ਗਿਆ ਵਾਅਦਾ ਇਸ ਸਾਲ ਹੋਲੀ ਦੇ ਮੌਕੇ ’ਤੇ ਪੂਰਾ ਕੀਤਾ ਜਾ ਰਿਹਾ ਹੈ। ਇਹ ਗੱਲ ਜ਼ਿਲ੍ਹਾ ਭਾਜਪਾ ਦੇ ਜਨਰਲ ਸਕੱਤਰ ਅਤੇ ਸਾਬਕਾ ਕੌਂਸਲਰ ਸੁਰੇਸ਼ ਭਾਟੀਆ ਬਿੱਟੂ ਅਤੇ ਜ਼ਿਲ੍ਹਾ ਭਾਜਪਾ ਸਕੱਤਰ ਅਸ਼ਵਨੀ ਗੈਂਦ ਨੇ ਇੱਕ ਸਾਂਝੇ ਬਿਆਨ ਵਿੱਚ ਕਹੀ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੂੰ ਸੱਤਾ ਵਿੱਚ ਆਏ ਸਿਰਫ਼ ਇੱਕ ਸਾਲ ਹੋਇਆ ਹੈ ਅਤੇ ਵਾਅਦੇ ਪੂਰੇ ਕਰਨ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਜਿਸ ਨਾਲ ਸਪੱਸ਼ਟ ਹੁੰਦਾ ਹੈ ਕਿ ਭਾਜਪਾ ਜੋ ਕਹਿੰਦੀ ਹੈ ਉਹ ਕਰਦੀ ਵੀ ਹੈ। ਉਨ੍ਹਾਂ ਦੂਜੇ ਪਾਸੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦੇ ਹੋਏ ਕਿਹਾ ਕਿ 2022 ਵਿੱਚ ਸਰਕਾਰ ਬਣਨ ਸਮੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਪਰ ਚਾਰ ਸਾਲ ਦਾ ਸਮਾਂ ਬੀਤਣ ਦੇ ਬਾਵਜੂਦ ਵੀ ਇਹ ਵਾਅਦਾ ਅਧੂਰਾ ਪਿਆ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਪੰਜਾਬ ਦੇ ਲੋਕਾਂ ਵਿੱਚ, ਖ਼ਾਸ ਕਰਕੇ ਔਰਤਾਂ ਵਿੱਚ, ਸਰਕਾਰ ਪ੍ਰਤੀ ਅਸੰਤੁਸ਼ਟੀ ਵੱਧ ਰਹੀ ਹੈ ਅਤੇ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਭਾਟੀਆ ਅਤੇ ਗੈਂਦ ਨੇ ਅੱਗੇ ਕਿਹਾ ਕਿ ਵਾਅਦੇ ਕਰਨਾ ਆਸਾਨ ਹੁੰਦਾ ਹੈ ਪਰ ਉਨ੍ਹਾਂ ਨੂੰ ਪੂਰਾ ਕਰਨਾ ਅਸਲ ਇਮਤਿਹਾਨ ਹੈ। ਉਨ੍ਹਾਂ ਕਿਹਾ ਕਿ ਜੇਕਰ 2027 ਵਿੱਚ ਪੰਜਾਬ ਵਿੱਚ ਭਾਜਪਾ ਦੀ ਡਬਲ ਇੰਜਣ ਸਰਕਾਰ ਬਣਦੀ ਹੈ ਤਾਂ ਸੂਬਾ ਵਿਕਾਸ ਦੇ ਰਾਹ ’ਤੇ ਤੇਜ਼ੀ ਨਾਲ ਅੱਗੇ ਵਧੇਗਾ। ਇਸ ਮੌਕੇ ਵੀਰ ਪ੍ਰਤਾਪ ਰਾਣਾ, ਨੀਰਜ ਗੈਂਦ, ਰਾਕੇਸ਼ ਕੁਮਾਰ ਅਤੇ ਰਵਿੰਦਰ ਸਿੰਘ ਵੀ ਹਾਜ਼ਰ ਸਨ।