ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਮਿਲੀ ਵਿਸ਼ੇਸ਼ ਗ੍ਰਾਂਟ
ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਮਿਲੀ ਵਿਸ਼ੇਸ਼ ਗ੍ਰਾਂਟ
Publish Date: Thu, 12 Feb 2026 04:12 PM (IST)
Updated Date: Fri, 13 Feb 2026 04:00 AM (IST)

ਪਿੰਡਾਂ ਦੀ ਤਰੱਕੀ ਨੂੰ ਮਿਲੇਗੀ ਨਵੀਂ ਦਿਸ਼ਾ : ਪ੍ਰੋ. ਜੀਐੱਸ ਮੁਲਤਾਨੀ ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ: ਹਲਕਾ ਮੁਕੇਰੀਆਂ ਦੇ ਬਲਾਕ ਤਲਵਾੜਾ ਅਧੀਨ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਐਲਾਨ ਨੂੰ ਅਮਲੀਜਾਮਾ ਪਹਿਨਾਇਆ ਗਿਆ ਹੈ। ਇਸ ਸੰਬੰਧੀ ਹਲਕਾ ਇੰਚਾਰਜ ਪ੍ਰੋ. ਜੀਐੱਸ ਮੁਲਤਾਨੀ ਵੱਲੋਂ ਪਿੰਡ ਬਨਕਰਨਪੁਰ ਤੇ ਚੱਕ ਪੰਡਾਇਣ ਦੇ ਸਰਬਸੰਮਤੀ ਨਾਲ ਚੁਣੇ ਸਰਪੰਚਾਂ ਨੂੰ 5-5 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਭੇਟ ਕੀਤੀ ਗਈ। ਇਸ ਸਮੇਂ ਪ੍ਰੋ. ਜੀਐੱਸ ਮੁਲਤਾਨੀ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਹ ਵਾਅਦਾ ਕੀਤਾ ਗਿਆ ਸੀ ਕਿ ਜਿਹੜੀਆਂ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਜਾਣਗੀਆਂ, ਉਨ੍ਹਾਂ ਨੂੰ 5 ਲੱਖ ਰੁਪਏ ਦੀ ਵਿਸ਼ੇਸ਼ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਸਰਕਾਰ ਆਪਣੇ ਹਰ ਐਲਾਨ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਤੇ ਇਸੇ ਲੜੀ ਤਹਿਤ ਬਲਾਕ ਤਲਵਾੜਾ ਦੀਆਂ ਦੋ ਪੰਚਾਇਤਾਂ ਨੂੰ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਹ ਗ੍ਰਾਂਟ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਸਾਫ਼-ਸਫ਼ਾਈ, ਗਲੀਆਂ-ਨਾਲੀਆਂ, ਪੀਣ ਵਾਲੇ ਪਾਣੀ ਅਤੇ ਹੋਰ ਵਿਕਾਸੀ ਕੰਮਾਂ ਲਈ ਵਰਤੀ ਜਾਵੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਨਾਲ ਪਿੰਡਾਂ ਦੀ ਤਰੱਕੀ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਹੋਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਮੁਕੇਰੀਆਂ ਹਲਕੇ ਅੰਦਰ ਬਾਕੀ ਰਹਿੰਦੀਆਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਵੀ ਬਹੁਤ ਜਲਦੀ 5-5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਜਾਵੇਗੀ। ਗ੍ਰਾਂਟ ਹਾਸਲ ਕਰਨ ਵਾਲੇ ਸਰਪੰਚਾਂ ਅਤੇ ਪੰਚਾਂ ਵੱਲੋਂ ਪੰਜਾਬ ਸਰਕਾਰ ਅਤੇ ਹਲਕਾ ਇੰਚਾਰਜ ਦਾ ਧੰਨਵਾਦ ਕੀਤਾ ਗਿਆ ਅਤੇ ਵਿਕਾਸ ਕਾਰਜਾਂ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਬੀਡੀਪੀਓ ਤਲਵਾੜਾ ਵਿਕਰਮ ਸਿੰਘ, ਸਰਪੰਚ ਸੀਮਾ ਰਾਣੀ ਚੱਕ ਪੰਡਾਇਣ, ਸਰਪੰਚ ਸੰਦੀਪ ਕੌਰ ਬਨਕਰਨਪੁਰ, ਬਲਾਕ ਸੰਮਤੀ ਮੈਂਬਰ ਰਾਕੇਸ਼ ਕੁਮਾਰ, ਬਲਾਕ ਸੰਮਤੀ ਮੈਂਬਰ ਚੰਚਲਾ ਦੇਵੀ, ਸੁਰਿੰਦਰ ਠਾਕੁਰ ਪ੍ਰਧਾਨ ਜਰਨਲ ਕੈਟਾਗਿਰੀ, ਵਿੱਕੀ ਸ਼ਰਮਾ ਬਲਾਕ ਪ੍ਰਧਾਨ, ਅਮਿਤ ਕੁਮਾਰ ਬਲਾਕ ਪ੍ਰਧਾਨ, ਡਾ. ਜੌਲੀ ਬਲਾਕ ਪ੍ਰਧਾਨ, ਰਵਿੰਦਰ ਸਿੰਘ ਆਦਿ ਹਾਜ਼ਰ ਸਨ।