ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸ਼ਿਕਾਇਤਾਂ ਸੁਣੀਆਂ
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਹਲਕੇ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ
Publish Date: Thu, 12 Feb 2026 04:42 PM (IST)
Updated Date: Fri, 13 Feb 2026 04:03 AM (IST)

ਕਿਹਾ- ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ ਹੱਲ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਆਪਣੇ ਦਫ਼ਤਰ ਵਿੱਚ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਤੋਂ ਆਏ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਧਿਆਨ ਨਾਲ ਸੁਣਿਆ। ਇਸ ਦੌਰਾਨ ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਨਤਕ ਸਮੱਸਿਆਵਾਂ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਾਰਾ ਕੀਤਾ ਜਾਵੇ। ਵੱਡੀ ਗਿਣਤੀ ਵਿੱਚ ਲੋਕ ਆਪਣੀਆਂ ਵਿਅਕਤੀਗਤ ਅਤੇ ਸਮੂਹਿਕ ਸਮੱਸਿਆਵਾਂ ਲੈ ਕੇ ਮੰਤਰੀ ਦੇ ਦਫ਼ਤਰ ਪਹੁੰਚੇ। ਸ਼ਿਕਾਇਤਾਂ ਵਿੱਚ ਮਾਲੀਆ, ਸਿਹਤ, ਸਿੱਖਿਆ, ਬਿਜਲੀ, ਪੀਣ ਵਾਲਾ ਪਾਣੀ, ਸੜਕਾਂ, ਸੀਵਰੇਜ ਅਤੇ ਸਮਾਜ ਭਲਾਈ ਨਾਲ ਸਬੰਧਤ ਮਾਮਲੇ ਪ੍ਰਮੁੱਖ ਰਹੇ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਜਨਤਕ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪਾਰਦਰਸ਼ੀ, ਜਵਾਬਦੇਹ ਅਤੇ ਸੰਵੇਦਨਸ਼ੀਲ ਪ੍ਰਸ਼ਾਸਨ ਪ੍ਰਦਾਨ ਕਰਨਾ ਹੈ ਤਾਂ ਜੋ ਲੋਕਾਂ ਨੂੰ ਦਫ਼ਤਰਾਂ ਦੇ ਬੇਲੋੜੇ ਚੱਕਰ ਨਾ ਲਗਾਉਣੇ ਪੈਣ। ਕੈਬਨਿਟ ਮੰਤਰੀ ਨੇ ਕਈ ਮਾਮਲਿਆਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਅਤੇ ਬਾਕੀ ਰਹਿੰਦੇ ਮਾਮਲੇ ਤੁਰੰਤ ਕਾਰਵਾਈ ਲਈ ਸਬੰਧਤ ਵਿਭਾਗਾਂ ਨੂੰ ਭੇਜੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਹਰ ਸ਼ਿਕਾਇਤ ਦੀ ਨਿਯਮਤ ਨਿਗਰਾਨੀ ਕੀਤੀ ਜਾਵੇ ਅਤੇ ਸ਼ਿਕਾਇਤਕਰਤਾਵਾਂ ਨੂੰ ਹੱਲ ਬਾਰੇ ਜਾਣਕਾਰੀ ਦਿੱਤੀ ਜਾਵੇ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਜਨਤਾ ਨਾਲ ਸਿੱਧਾ ਸੰਪਰਕ ਬਣਾਈ ਰੱਖਣਾ ਉਨ੍ਹਾਂ ਦੀ ਤਰਜੀਹ ਹੈ, ਤਾਂ ਜੋ ਜ਼ਮੀਨੀ ਪੱਧਰ ’ਤੇ ਸਮੱਸਿਆਵਾਂ ਨੂੰ ਸਮਝ ਕੇ ਪ੍ਰਭਾਵਸ਼ਾਲੀ ਹੱਲ ਲੱਭੇ ਜਾ ਸਕਣ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਜਾਰੀ ਰਹਿਣਗੇ, ਜਿਸ ਨਾਲ ਹਲਕੇ ਦੇ ਸਰਵਪੱਖੀ ਵਿਕਾਸ ਨੂੰ ਹੋਰ ਤੇਜ਼ੀ ਮਿਲੇਗੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।