ਮਜੀਠੀਆ ਨੂੰ ਮਿਲੀ ਜ਼ਮਾਨਤ ਸੱਚਾਈ ਦੀ ਜਿੱਤ: ਅਕਾਲੀ ਆਗੂ
ਬਿਕਰਮ ਸਿੰਘ ਮਜੀਠੀਆ ਨੂੰ ਮੁਬਾਰਕਬਾਦ ਕੀਤੀ ਭੇਟ
Publish Date: Thu, 12 Feb 2026 04:56 PM (IST)
Updated Date: Fri, 13 Feb 2026 04:03 AM (IST)

ਮਜੀਠੀਆ ਨੂੰ ਮੁਬਾਰਕਬਾਦ ਕੀਤੀ ਭੇਟ ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ ਸੱਚਾਈ ਅਤੇ ਇਨਸਾਫ਼ ਦੀ ਜਿੱਤ ਹੈ। ਇਹ ਵਿਚਾਰ ਹਲਕਾ ਮੁਕੇਰੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਸੌਦਾਗਰ ਸਿੰਘ ਚਨੌਰ ਅਤੇ ਬਲਜੀਤ ਸਿੰਘ ਛੰਨੀ ਨੰਦ ਸਿੰਘ ਵੱਲੋਂ ਬਿਕਰਮ ਸਿੰਘ ਮਜੀਠੀਆ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਮੁਬਾਰਕਬਾਦ ਭੇਟ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰਗਟ ਕੀਤੇ ਗਏ। ਅਕਾਲੀ ਆਗੂਆਂ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ ਨਾਲ ਉਨ੍ਹਾਂ ਲੋਕਾਂ ਦਾ ਇਨਸਾਫ਼ ’ਤੇ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ, ਜੋ ਸੱਚਾਈ ਅਤੇ ਲੋਕਤੰਤਰਕ ਕਦਰਾਂ-ਕੀਮਤਾਂ ’ਤੇ ਭਰੋਸਾ ਰੱਖਦੇ ਹਨ। ਇਹ ਮਾਮਲਾ ਸ਼ੁਰੂ ਤੋਂ ਹੀ ਸਿਆਸੀ ਬਦਲੇ ਦੀ ਨੀਤੀ ਤਹਿਤ ਦਰਜ ਕੀਤਾ ਗਿਆ ਸੀ ਪਰ ਅਦਾਲਤ ਨੇ ਤੱਥਾਂ ਦੇ ਆਧਾਰ ’ਤੇ ਫ਼ੈਸਲਾ ਦੇ ਕੇ ਸੱਚਾਈ ਨੂੰ ਬਹਾਲ ਕੀਤਾ ਹੈ। ਉਨ੍ਹਾਂ ਪੰਜਾਬ ਦੀ ਆਪ ਸਰਕਾਰ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲਗਾਤਾਰ ਕੀਤੀ ਜਾ ਰਹੀ ਬਿਆਨਬਾਜ਼ੀ ਅਤੇ ਧਾਰਮਿਕ ਅਸਥਾਨਾਂ ਤੇ ਮਹਾਨ ਪੁਰਸ਼ਾਂ ਬਾਰੇ ਕੀਤੀਆਂ ਅਪਮਾਨਜਨਕ ਟਿੱਪਣੀਆਂ ਘਟੀਆ ਅਤੇ ਨਿੰਦਣਯੋਗ ਹਨ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਦਿਨੋ-ਦਿਨ ਖ]ਰਾਬ ਹੋ ਰਹੀ ਹੈ, ਜਿਸ ਕਾਰਨ ਆਮ ਲੋਕਾਂ ਵਿੱਚ ਅਸੁਰੱਖਿਆ ਦੀ ਭਾਵਨਾ ਵਧ ਰਹੀ ਹੈ। ਆਗੂਆਂ ਨੇ ਦਾਅਵਾ ਕੀਤਾ ਕਿ ਪਿਛਲੇ ਕੁੱਝ ਸਮੇਂ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀ ਸਿਆਸਤ ਵਿੱਚ ਮਜ਼ਬੂਤ ਵਾਪਸੀ ਕੀਤੀ ਹੈ ਅਤੇ ਪੰਜਾਬ ਭਰ ਵਿੱਚ ਪਾਰਟੀ ਦਾ ਆਧਾਰ ਦੁਬਾਰਾ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿੱਚ ਅਕਾਲੀ ਦਲ ਨਵੇਂ ਜੋਸ਼ ਅਤੇ ਉਤਸ਼ਾਹ ਨਾਲ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਲਈ ਜ਼ਮੀਨੀ ਪੱਧਰ ’ਤੇ ਹੋਰ ਸਰਗਰਮ ਹੋਵੇਗਾ।