‘ਸਾਡੇ ਬਜ਼ੁਰਗ-ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਵਿਸ਼ੇਸ਼ ਕੈਂਪ
‘ਸਾਡੇ ਬਜ਼ੁਰਗ-ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਵਿਸ਼ੇਸ਼ ਕੈਂਪ ਲਗਾਇਆ
Publish Date: Thu, 12 Feb 2026 06:07 PM (IST)
Updated Date: Fri, 13 Feb 2026 04:07 AM (IST)

ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕੀਤੀ ਸ਼ੁਰੂਆਤ, ਬਜ਼ੁਰਗਾਂ ਨੂੰ ਮਿਲੀਆਂ ਸਿਹਤ ਤੇ ਸਮਾਜਿਕ ਸੁਰੱਖਿਆ ਸਹੂਲਤਾਂ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ‘ਸਾਡੇ ਬਜ਼ੁਰਗ-ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵੱਲੋਂ ਡਾ. ਅੰਬੇਡਕਰ ਭਵਨ, ਰਾਮ ਕਲੋਨੀ ਵਿਖੇ ਜ਼ਿਲ੍ਹਾ ਪੱਧਰੀ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਸ਼ੁਰੂਆਤ ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਕੀਤੀ। ਇਸ ਮੌਕੇ ਉਨ੍ਹਾਂ ਨਾਲ ਗੁਰਪ੍ਰੀਤ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਰੇਸ਼ ਕੁਮਾਰ, ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ। ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਸਮਾਜ ਦੇ ਬਜ਼ੁਰਗਾਂ ਦਾ ਸਤਿਕਾਰ ਕਰਨਾ ਅਤੇ ਉਨ੍ਹਾਂ ਦੀ ਦੇਖਭਾਲ ਕਰਨਾ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਨੂੰ ਬਿਹਤਰ ਸਿਹਤ ਸਹੂਲਤਾਂ, ਸਮਾਜਿਕ ਸੁਰੱਖਿਆ ਅਤੇ ਸਨਮਾਨਜਨਕ ਜੀਵਨ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਕੈਂਪ ਦੌਰਾਨ ਸੀਨੀਅਰ ਨਾਗਰਿਕਾਂ ਲਈ ਵੱਖ-ਵੱਖ ਮੈਡੀਕਲ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ। ਮਾਹਿਰ ਡਾਕਟਰਾਂ ਦੀ ਟੀਮ ਵੱਲੋਂ 67 ਬਜ਼ੁਰਗਾਂ ਦੀਆਂ ਅੱਖਾਂ ਦੀ ਜਾਂਚ ਕਰਕੇ ਲੋੜਵੰਦਾਂ ਨੂੰ ਮੁਫ਼ਤ ਐਨਕਾਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ 40 ਬਜ਼ੁਰਗਾਂ ਦੇ ਨੱਕ, ਕੰਨ ਅਤੇ ਗਲੇ ਦੀ ਜਾਂਚ ਕੀਤੀ ਗਈ। ਇਸ ਕੈਂਪ ਵਿੱਚ 431 ਬਜ਼ੁਰਗ ਨਾਗਰਿਕਾਂ ਦੀ ਆਮ ਸਿਹਤ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਆਯੁਰਵੈਦਿਕ, ਹੋਮਿਓਪੈਥਿਕ ਅਤੇ ਆਮ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬੁਢਾਪਾ ਪੈਨਸ਼ਨ ਅਤੇ ਸੀਨੀਅਰ ਸਿਟੀਜ਼ਨ ਕਾਰਡ ਸਬੰਧੀ ਵਿਸ਼ੇਸ਼ ਕਾਊਂਟਰ ਵੀ ਸਥਾਪਤ ਕੀਤੇ ਗਏ। ਇਸ ਦੌਰਾਨ 12 ਬਜ਼ੁਰਗਾਂ ਵੱਲੋਂ ਪੈਨਸ਼ਨ ਅਤੇ ਕਾਰਡ ਲਈ ਅਰਜ਼ੀਆਂ ਦਿੱਤੀਆਂ ਗਈਆਂ। ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਾਰੇ ਵਿਭਾਗਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਯਤਨ ਬਜ਼ੁਰਗਾਂ ਦੇ ਜੀਵਨ ਪੱਧਰ ਨੂੰ ਸੁਧਾਰਨ ਵਿੱਚ ਅਹੰਮ ਭੂਮਿਕਾ ਨਿਭਾਉਂਦੇ ਹਨ।