ਸਕੂਲ ਬੱਸਾਂ ਦੀ ਵਿਸ਼ੇਸ਼ ਜਾਂਚ, ਨਿਯਮਾਂ ਦੀ ਉਲੰਘਣਾ ’ਤੇ ਸਖ਼ਤ ਕਾਰਵਾਈ
ਸਕੂਲ ਬੱਸਾਂ ਦੀ ਵਿਸ਼ੇਸ਼ ਜਾਂਚ, ਨਿਯਮਾਂ ਦੀ ਉਲੰਘਣਾ ‘ਤੇ ਸਖ਼ਤ ਕਾਰਵਾਈ
Publish Date: Fri, 13 Feb 2026 06:08 PM (IST)
Updated Date: Sat, 14 Feb 2026 04:09 AM (IST)

ਡੀਸੀ ਆਸ਼ਿਕਾ ਜੈਨ ਦੇ ਨਿਰਦੇਸ਼ਾਂ ’ਤੇ ਆਰਟੀਓ ਨੇ ਚਲਾਈ ਚੈਕਿੰਗ ਮੁਹਿੰਮ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਸਕੂਲ ਬੱਸਾਂ ਦੀ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ। ਇਹ ਮੁਹਿੰਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਅਨੁਸਾਰ ਆਰਟੀਓ ਅਮਨਦੀਪ ਕੌਰ ਘੁੰਮਣ ਦੀ ਅਗਵਾਈ ਹੇਠ ਚਲਾਈ ਗਈ। ਮੁਹਿੰਮ ਦਾ ਮੁੱਖ ਉਦੇਸ਼ ‘ਸੇਫ਼ ਸਕੂਲ ਵਾਹਨ ਯੋਜਨਾ’ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਅਤੇ ਬੱਚਿਆਂ ਲਈ ਸੁਰੱਖਿਅਤ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਿਦਿਆਰਥੀਆਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਅਜਿਹੀਆਂ ਵਿਸ਼ੇਸ਼ ਚੈਕਿੰਗ ਮੁਹਿੰਮਾਂ ਅੱਗੇ ਵੀ ਜਾਰੀ ਰਹਿਣਗੀਆਂ। ਆਰਟੀਓ ਅਮਨਦੀਪ ਕੌਰ ਘੁੰਮਣ ਨੇ ਦੱਸਿਆ ਕਿ ਚੈਕਿੰਗ ਦੌਰਾਨ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੇ ਫਿਟਨੈਸ ਸਰਟੀਫਿਕੇਟ, ਡਰਾਈਵਰ ਲਾਇਸੈਂਸ, ਕੰਡਕਟਰ ਦੀ ਮੌਜੂਦਗੀ, ਫਸਟ ਏਡ ਬਾਕਸ, ਅੱਗ ਬੁਝਾਉਣ ਵਾਲੇ ਯੰਤਰ, ਸਪੀਡ ਗਵਰਨਰ, ਸੀਸੀਟੀਵੀ ਕੈਮਰੇ ਅਤੇ ਜੀਪੀਐਸ ਸਿਸਟਮ ਆਦਿ ਦੀ ਜਾਂਚ ਕੀਤੀ ਗਈ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਵਿਰੁੱਧ ਮੋਟਰ ਵਹੀਕਲ ਐਕਟ ਤਹਿਤ ਚਲਾਨ ਜਾਰੀ ਕਰਕੇ ਲੋੜੀਂਦੀ ਕਾਰਵਾਈ ਕੀਤੀ ਗਈ। ਉਨ੍ਹਾਂ ਸਪੱਸ਼ਟ ਕੀਤਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਵਾਹਨਾਂ ਨੂੰ ਨਿਰਧਾਰਤ ਮਾਪਦੰਡਾਂ ਅਨੁਸਾਰ ਰੱਖਣ।