ਦਸਮੇਸ਼ ਕਾਲਜ ਨੇ 6 ਰੋਜ਼ਾ ਇੰਡਕਸ਼ਨ ਪ੍ਰੋਗਰਾਮ ਕਰਵਾਇਆ
ਦਸਮੇਸ਼ ਕਾਲਜ ਨੇ 6 ਰੋਜ਼ਾ ਇੰਡਕਸ਼ਨ ਪ੍ਰੋਗਰਾਮ ਕਰਵਾਇਆ
Publish Date: Sat, 14 Feb 2026 05:11 PM (IST)
Updated Date: Sun, 15 Feb 2026 04:03 AM (IST)

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ: ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਵਿਖੇ ਵਿਦਿਆਰਥਣਾਂ ਦੇ ਸਰਬਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਲਾਇਬ੍ਰੇਰੀ ਵਿਭਾਗ ਵੱਲੋਂ ਇੱਕ ਛੇ-ਰੋਜ਼ਾ ਇੰਡਕਸ਼ਨ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਲਾਇਬ੍ਰੇਰੀ ਦੀ ਸੁਚੱਜੀ ਵਰਤੋਂ, ਆਧੁਨਿਕ ਪ੍ਰਣਾਲੀਆਂ ਅਤੇ ਨਵੀਨਤਮ ਈ-ਸਰੋਤਾਂ ਬਾਰੇ ਜਾਣੂ ਕਰਵਾਉਣਾ ਸੀ। ਪ੍ਰੋਗਰਾਮ ਕਾਲਜ ਦੇ ਪ੍ਰਿੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਸਫ਼ਲਤਾਪੂਰਵਕ ਨੇਪਰੇ ਚੜ੍ਹਿਆ। ਪ੍ਰੋਗਰਾਮ ਦੌਰਾਨ ਲਾਇਬ੍ਰੇਰੀਅਨ ਡਾ. ਸਤਿੰਦਰਜੀਤ ਕੌਰ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੁਸਤਕਾਂ ਮਨੁੱਖ ਦੇ ਜੀਵਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਗਿਆਨ ਪ੍ਰਾਪਤੀ ਦਾ ਸਭ ਤੋਂ ਵਧੀਆ ਸਾਧਨ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਨੂੰ ਪੁਸਤਕਾਂ ਦੀ ਸਹੀ ਅਤੇ ਪ੍ਰਭਾਵਸ਼ਾਲੀ ਵਰਤੋਂ ਕਰਨੀ ਆਉਣੀ ਚਾਹੀਦੀ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਪੁਸਤਕਾਂ ਨਾਲ ਸੰਬੰਧਿਤ ਈ-ਸਰੋਤਾਂ ਬਾਰੇ ਵੀ ਜਾਣਕਾਰੀ ਦਿੱਤੀ। ਲਾਇਬ੍ਰੇਰੀਅਨ ਵੱਲੋਂ ਕੰਪਿਊਟਰ ਦੀ ਸਹਾਇਤਾ ਨਾਲ ਕਿਤਾਬਾਂ ਖੋਜਣ ਦੀ ਵਿਧੀ ਬਾਰੇ ਵਿਸਥਾਰ ਨਾਲ ਸਮਝਾਇਆ ਗਿਆ ਅਤੇ ਦੱਸਿਆ ਗਿਆ ਕਿ ਕਿਸ ਤਰ੍ਹਾਂ ਇਨ੍ਹਾਂ ਸਾਧਨਾਂ ਰਾਹੀਂ ਲੋੜੀਂਦੀ ਅਤੇ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਕਾਲਜ ਪ੍ਰਿੰਸੀਪਲ ਡਾ. ਕਰਮਜੀਤ ਕੌਰ ਬਰਾੜ ਨੇ ਵਿਦਿਆਰਥਣਾਂ ਨੂੰ ਚੰਗੀਆਂ ਅਤੇ ਉਪਯੋਗੀ ਪੁਸਤਕਾਂ ਪੜ੍ਹਨ ਲਈ ਪ੍ਰੇਰਿਤ ਕਰਦਿਆਂ ‘ਬੈਸਟ ਰੀਡਰ ਐਵਾਰਡ’ ਬਾਰੇ ਵੀ ਜਾਣਕਾਰੀ ਦਿੱਤੀ। ਪ੍ਰੋਗਰਾਮ ਦੇ ਸਫ਼ਲ ਆਯੋਜਨ ’ਤੇ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਜਥੇਦਾਰ ਰਵਿੰਦਰ ਸਿੰਘ ਚੱਕ ਅਤੇ ਟਰੱਸਟ ਮੈਂਬਰਾਂ ਨੇ ਕਾਲਜ ਪ੍ਰਬੰਧਨ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਵੀ ਅਜਿਹੇ ਜਾਗਰੂਕਤਾ ਅਤੇ ਗਿਆਨਵਰਧਕ ਪ੍ਰੋਗਰਾਮ ਕਰਵਾਉਂਦੇ ਰਹਿਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੌਰਾਨ ਸਹਾਇਕ ਲਾਇਬ੍ਰੇਰੀਅਨ ਬੰਦਨਾ ਰਾਣੀ ਸਮੇਤ ਕਾਲਜ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥਣਾਂ ਹਾਜ਼ਰ ਰਹੀਆਂ।