ਡੀਸੀ ਜੈਨ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਕੈਂਪਾਂ ਦਾ ਦੌਰਾ
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਕਾਰਡ ਕੈਂਪਾਂ ਦਾ ਦੌਰਾ
Publish Date: Sat, 14 Feb 2026 06:04 PM (IST)
Updated Date: Sun, 15 Feb 2026 04:07 AM (IST)

ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਕਾਰਡ ਜਾਰੀ ਕਰਨ ਲਈ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਰਜਿਸਟ੍ਰੇਸ਼ਨ ਪ੍ਰਕਿਰਿਆ, ਲਾਭਪਾਤਰੀਆਂ ਲਈ ਉਪਲਬਧ ਸਹੂਲਤਾਂ ਅਤੇ ਸਟਾਫ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸਮੀਖਿਆ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਯੋਜਨਾ ਦਾ ਉਦੇਸ਼ ਹਰ ਨਾਗਰਿਕ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਇਸ ਯੋਜਨਾ ਤਹਿਤ ਹਰ ਯੋਗ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿੱਚ ਲਗਾਏ ਗਏ ਕੈਂਪਾਂ ਰਾਹੀਂ ਲਾਭਪਾਤਰੀ ਕਾਰਡ ਤਿਆਰ ਕੀਤੇ ਜਾ ਰਹੇ ਹਨ ਅਤੇ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਉਨ੍ਹਾਂ ਮੁਤਾਬਕ ਇਸ ਸਮੇਂ ਜ਼ਿਲ੍ਹੇ ਵਿੱਚ ਕੁੱਲ 343 ਵਿਸ਼ੇਸ਼ ਕੈਂਪ ਚੱਲ ਰਹੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਯੋਜਨਾ ਦਾ ਲਾਭ ਸਰਕਾਰੀ ਹਸਪਤਾਲਾਂ ਦੇ ਨਾਲ ਨਾਲ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਵੀ ਲਿਆ ਜਾ ਸਕਦਾ ਹੈ। ਕਾਰਡ ਬਣਵਾਉਣ ਲਈ ਆਧਾਰ ਕਾਰਡ ਅਤੇ ਵੋਟਰ ਆਈਡੀ ਲਾਜ਼ਮੀ ਹਨ, ਜਦਕਿ ਨਾਬਾਲਗ ਬੱਚਿਆਂ ਲਈ ਜਨਮ ਸਰਟੀਫਿਕੇਟ ਜ਼ਰੂਰੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਕੈਂਪਾਂ ਵਿੱਚ ਪਹੁੰਚ ਕੇ ਆਪਣੇ ਸਿਹਤ ਕਾਰਡ ਬਣਵਾਉਣ ਅਤੇ ਸਰਕਾਰ ਦੀ ਇਸ ਲੋਕ ਭਲਾਈ ਯੋਜਨਾ ਦਾ ਲਾਭ ਉਠਾਉਣ।