ਡਾ. ਰਵਜੋਤ ਸਿੰਘ ਨੇ ਸਰਬਸੰਮਤੀ ਵਾਲੀਆਂ ਪੰਚਾਇਤਾਂ ਨੂੰ ਸੌਂਪੇ ਚੈੱਕ
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਸੌਂਪੇ ਸਨਮਾਨ ਰਾਸ਼ੀ ਦੇ ਚੈੱਕ
Publish Date: Sat, 14 Feb 2026 06:18 PM (IST)
Updated Date: Sun, 15 Feb 2026 04:09 AM (IST)

ਸ਼ਾਮ ਚੁਰਾਸੀ ਵਿਧਾਨ ਸਭਾ ਹਲਕੇ ਦੀਆਂ 59 ਗ੍ਰਾਮ ਪੰਚਾਇਤਾਂ ਨੂੰ 2.95 ਕਰੋੜ ਰੁਪਏ ਜਾਰੀ ਪਿੰਡਾਂ ਦੇ ਵਿਕਾਸ ਨੂੰ ਤੇਜ਼ ਕਰਨ ਲਈ ਪੰਚਾਇਤਾਂ ਨੂੰ ਮਿਲੇਗਾ ਸਹਿਯੋਗ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ-1 ਸਥਿਤ ਬੀ.ਡੀ.ਪੀ.ਓ ਦਫ਼ਤਰ ਵਿਖੇ ਸ਼ਾਮ ਚੌਰਾਸੀ ਵਿਧਾਨ ਸਭਾ ਹਲਕੇ ਦੀਆਂ 59 ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 5-5 ਲੱਖ ਰੁਪਏ ਦੇ ਚੈੱਕ ਵੰਡੇ। ਉਨ੍ਹਾਂ ਕਿਹਾ ਕਿ ਇਹ ਰਕਮ ਉਨ੍ਹਾਂ ਪੰਚਾਇਤਾਂ ਨੂੰ ਪ੍ਰਦਾਨ ਕੀਤੀ ਗਈ ਹੈ ਜਿੱਥੇ ਹਾਲ ਹੀ ਵਿੱਚ ਹੋਈਆਂ ਗ੍ਰਾਮ ਪੰਚਾਇਤ ਚੋਣਾਂ ਵਿੱਚ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਸੀ ਕਿ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਪਿੰਡ ਦੇ ਸਮੁੱਚੇ ਵਿਕਾਸ ਲਈ ਵਿਸ਼ੇਸ਼ ਸਨਮਾਨ ਭੱਤਾ ਮਿਲੇਗਾ। ਸਰਕਾਰ ਇਸ ਵਚਨਬੱਧਤਾ ਨੂੰ ਪੂਰਾ ਕਰਦੇ ਹੋਏ, ਇਹ ਰਕਮ ਪੰਚਾਇਤਾਂ ਨੂੰ ਜਾਰੀ ਕੀਤੀ ਗਈ ਹੈ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਸ਼ਾਮ ਚੁਰਾਸੀ ਵਿਧਾਨ ਸਭਾ ਹਲਕੇ ਵਿੱਚ ਕੁੱਲ 267 ਗ੍ਰਾਮ ਪੰਚਾਇਤਾਂ ਹਨ, ਜਿਨ੍ਹਾਂ ’ਚੋਂ 59 ਪੰਚਾਇਤਾਂ ਵਿੱਚ ਸਰਬਸੰਮਤੀ ਨਾਲ ਪ੍ਰਤੀਨਿਧੀ ਚੁਣੇ ਗਏ ਹਨ। ਇਨ੍ਹਾਂ ਵਿੱਚੋਂ 15 ਪੰਚਾਇਤਾਂ ਬਲਾਕ ਭੂੰਗਾ ਅਤੇ 44 ਪੰਚਾਇਤਾਂ ਹੁਸ਼ਿਆਰਪੁਰ ਬਲਾਕ-1 ਨਾਲ ਸਬੰਧਤ ਹਨ। ਹਰੇਕ ਪੰਚਾਇਤ ਨੂੰ 5-5 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਤਰ੍ਹਾਂ ਸ਼ਾਮ ਚੁਰਾਸੀ ਵਿਧਾਨ ਸਭਾ ਹਲਕੇ ਦੇ ਵਿਕਾਸ ਲਈ ਕੁੱਲ 2 ਕਰੋੜ 95 ਲੱਖ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਨਮਾਨ ਰਾਸ਼ੀ ਪਿੰਡ ਦੇ ਬੁਨਿਆਦੀ ਢਾਂਚੇ, ਸਫਾਈ, ਪੀਣ ਵਾਲੇ ਪਾਣੀ, ਗਲੀਆਂ-ਨਾਲੀਆਂ ਦੀ ਉਸਾਰੀ, ਭਾਈਚਾਰਕ ਸਹੂਲਤਾਂ ਅਤੇ ਹੋਰ ਜਨਤਕ ਭਲਾਈ ਕਾਰਜਾਂ ਵਿੱਚ ਸੁਧਾਰ ਕਰਨ ਤੇ ਖਰਚ ਕੀਤੀ ਜਾਵੇਗੀ। ਉਨ੍ਹਾਂ ਪੰਚਾਇਤ ਪ੍ਰਤੀਨਿਧੀਆਂ ਨੂੰ ਫੰਡਾਂ ਦੀ ਪਾਰਦਰਸ਼ੀ ਅਤੇ ਲੋਕ ਭਲਾਈ ਵਰਤੋਂ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ ਅਤੇ ਪੇਂਡੂ ਵਿਕਾਸ ਨੂੰ ਨਵਾਂ ਹੁਲਾਰਾ ਦਿੱਤਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬੀਡੀਪੀਓ ਭੂੰਗਾ, ਬੀਡੀਪੀਓ ਹੁਸ਼ਿਆਰਪੁਰ-1 ਅਤੇ ਹੋਰ ਪਤਵੰਤੇ ਹਾਜ਼ਰ ਸਨ।