‘ਵਲਨਰੇਬਲ ਵਿਟਨੈਸ ਡੈਪੋਜਿਸ਼ਨ ਸੈਂਟਰ’ ਦਾ ਕੀਤਾ ਉਦਘਾਟਨ
ਸੰਵੇਦਨਸ਼ੀਲ ਗਵਾਹਾਂ ਲਈ ਸੁਰੱਖਿਅਤ ਮਾਹੌਲ ਦੀ ਬਿਹਤਰੀਨ ਪਹਿਲ
Publish Date: Tue, 17 Feb 2026 05:30 PM (IST)
Updated Date: Wed, 18 Feb 2026 04:07 AM (IST)

ਸੰਵੇਦਨਸ਼ੀਲ ਗਵਾਹਾਂ ਲਈ ਸੁਰੱਖਿਅਤ ਮਾਹੌਲ ਦੀ ਬਿਹਤਰੀਨ ਪਹਿਲ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਜ਼ਿਲ੍ਹਾ ਨਿਆਂਇਕ ਕੰਪਲੈਕਸ, ਹੁਸ਼ਿਆਰਪੁਰ ’ਚ ਅੱਜ ਨਿਆਂ ਪ੍ਰਕਿਰਿਆ ਨੂੰ ਹੋਰ ਸੰਵੇਦਨਸ਼ੀਲ, ਸੁਰੱਖਿਅਤ ਅਤੇ ਪੀੜਤ-ਹਿਤੈਸ਼ੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪਹਿਲ ਤਹਿਤ ‘ਵਲਨਰੇਬਲ ਵਿਟਨੈਸ ਡੈਪੋਜਿਸ਼ਨ ਸੈਂਟਰ’ ਦਾ ਉਦਘਾਟਨ ਕੀਤਾ ਗਿਆ। ਇਸ ਕੇਂਦਰ ਦਾ ਉਦਘਾਟਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਜੱਜ ਤੇ ਸੈਸ਼ਨ ਡਿਵੀਜ਼ਨ ਦੀ ਪ੍ਰਸ਼ਾਸਕੀ ਜੱਜ ਜਸਟਿਸ ਮੀਨਾਕਸ਼ੀ ਆਈ ਮਹਿਤਾ ਵੱਲੋਂ ਕੀਤਾ ਗਿਆ। ਨਿਆਂਇਕ ਕੰਪਲੈਕਸ ਵਿਖੇ ਪਹੁੰਚਣ’ਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਜਸਟਿਸ ਮੀਨਾਕਸ਼ੀ ਆਈ ਮਹਿਤਾ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਹੁਸ਼ਿਆਰਪੁਰ ਰਜਿੰਦਰ ਅਗਰਵਾਲ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਜਸਟਿਸ ਮੀਨਾਕਸ਼ੀ ਆਈ ਮਹਿਤਾ ਨੇ ਦੱਸਿਆ ਕਿ ਇਸ ਕੇਂਦਰ ਦੀ ਸਥਾਪਨਾ ਦਾ ਉਦੇਸ਼ ਸੰਵੇਦਨਸ਼ੀਲ ਮਾਮਲਿਆਂ ਵਿੱਚ ਗਵਾਹਾਂ, ਵਿਸ਼ੇਸ਼ ਕਰ ਕੇ ਔਰਤਾਂ, ਬੱਚਿਆਂ ਅਤੇ ਕਮਜ਼ੋਰ ਵਰਗ ਨਾਲ ਸਬੰਧਤ ਪੀੜਤਾਂ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਤਣਾਅ-ਮੁਕਤ ਵਾਤਾਵਰਣ ਵਿੱਚ ਬਿਆਨ ਦਰਜ ਕਰਵਾਉਣ ਦੀ ਸਹੂਲਤ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਆਧੁਨਿਕ ਆਡੀਓ-ਵੀਡੀਓ ਰਿਕਾਰਡਿੰਗ ਪ੍ਰਣਾਲੀ, ਗੁਪਤਤਾ ਨੂੰ ਯਕੀਨੀ ਬਣਾਉਣ ਦੇ ਉਪਾਅ ਅਤੇ ਮਨੋਵਿਗਿਆਨਕ ਤੌਰ ‘ਤੇ ਅਨੁਕੂਲ ਵਾਤਾਵਰਣ ਉਪਲਬੱਧ ਕਰਵਾਇਆ ਗਿਆ ਹੈ, ਜਿਸ ਨਾਲ ਗਵਾਹ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੇ ਬਿਆਨ ਦੇ ਸਕਣ। ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਜਸਟਿਸ ਮੀਨਾਕਸ਼ੀ ਆਈ ਮਹਿਤਾ ਨੇ ਕਿਹਾ ਕਿ ਨਿਆਂ ਪ੍ਰਣਾਲੀ ਨੂੰ ਹੋਰ ਮਨੁੱਖੀ ਬਣਾਉਣਾ ਸਮੇਂ ਦੀ ਲੋੜ ਹੈ ਅਤੇ ਇਸ ਤਰ੍ਹਾਂ ਦੇ ਕੇਂਦਰ ਪੀੜਤਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਨੇ ਕਿਹਾ ਕਿ ਇਹ ਸਹੂਲਤ ਨਿਆਂਇਕ ਪ੍ਰਕਿਰਿਆ ਨੂੰ ਵਧੇਰੇ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਸੰਵੇਦਨਸ਼ੀਲ ਬਣਾਉਣ ਵਿੱਚ ਸਹਾਈ ਸਾਬਤ ਹੋਵੇਗੀ।