ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਮੁਜ਼ਾਹਰਾ
ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਤਿੱਖਾ ਰੋਸ, ਅਰਥੀ ਸਾੜ ਕੇ ਪ੍ਰਦਰਸ਼ਨ
Publish Date: Tue, 17 Feb 2026 07:18 PM (IST)
Updated Date: Wed, 18 Feb 2026 04:12 AM (IST)

ਨੀਤੀਆਂ ਖ਼ਿਲਾਫ਼ ਤਿੱਖਾ ਰੋਸ, ਅਰਥੀ ਸਾੜ ਕੇ ਲਾਇਆ ਧਰਨਾ ਪ੍ਰਦਰਸ਼ਨ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ, ਟੀਐਸਯੂ ਅਤੇ ਜੋਇੰਟ ਫੋਰਮ ਦੇ ਸਾਂਝੇ ਸੱਦੇ ਤੇ ਅੱਜ ਸਰਕਲ ਪ੍ਰਧਾਨ ਇੰਦਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਬ ਡਵੀਜ਼ਨ ਹੁਸ਼ਿਆਰਪੁਰ ਵਿਖੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੁਲਾਜ਼ਮਾਂ ਨੇ ਪ੍ਰਭਾਤ ਚੌਕ ਵਿਖੇ ਰੈਲੀ ਕਰਕੇ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੀ ਅਰਥੀ ਸਾੜ ਕੇ ਆਪਣਾ ਰੋਸ ਜਤਾਇਆ। ਪ੍ਰਦਰਸ਼ਨ ਦੌਰਾਨ ਨਾਅਰੇਬਾਜ਼ੀ ਕਰਦਿਆਂ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਲੋਕ ਵਿਰੋਧੀ ਕਾਨੂੰਨਾਂ ਨੂੰ ਵਾਪਸ ਨਾ ਲਿਆ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸੀਐਚਬੀ ਠੇਕਾ ਕਾਮਿਆਂ ਦੇ ਸਰਕਲ ਪ੍ਰਧਾਨ ਇੰਦਰਪ੍ਰੀਤ ਸਿੰਘ, ਟੀਐਸਯੂ ਵੱਲੋਂ ਅਸ਼ਵਨੀ ਕੁਮਾਰ (ਸਿਵਿਲ ਲਾਈਨ ਸਬ ਡਿਵੀਜ਼ਨ ਪ੍ਰਧਾਨ) ਅਤੇ ਟੀਐਸਯੂ ਦੇ ਸੈਕਟਰੀ ਮਨੀਸ਼ ਸੈਣੀ (ਸਿਟੀ ਡਿਵੀਜ਼ਨ) ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਮਜ਼ਦੂਰ ਵਿਰੋਧੀ ਨੀਤੀਆਂ ਲਾਗੂ ਕਰਕੇ ਕਿਰਤੀ ਵਰਗ ਦੇ ਹੱਕਾਂ ‘ਤੇ ਹਮਲਾ ਕੀਤਾ ਜਾ ਰਿਹਾ ਹੈ। ਬਾਕਸ-- ਕੇਂਦਰ ਸਰਕਾਰ ਵੱਲੋਂ ਲੇਬਰ ਕਾਨੂੰਨਾਂ ’ਚ ਸੋਧ ਦਾ ਵਿਰੋਧ ਯੂਨੀਅਨ ਆਗੂਆਂ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਤੋਂ ਮੌਜੂਦ ਲੋਕ-ਪੱਖੀ ਅਤੇ ਮਜ਼ਦੂਰ ਹੱਕਾਂ ਦੀ ਰੱਖਿਆ ਕਰਨ ਵਾਲੇ ਕਾਨੂੰਨਾਂ ਵਿੱਚ ਵੱਡੇ ਪੱਧਰ ਤੇ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਦੋਸ਼ ਲਾਇਆ ਕਿ ਉਦਯੋਗਿਕ ਸਬੰਧ ਕੋਡ ਸੋਧ ਬਿੱਲ ਨੂੰ ਪਾਰਲੀਮੈਂਟ ਵਿੱਚ ਪਾਸ ਕਰਕੇ ਸਰਕਾਰ ਨੇ ਕਿਰਤੀ ਵਰਗ ਦੇ ਹੱਕਾਂ ਤੇ ਸਿੱਧਾ ਹਮਲਾ ਕੀਤਾ ਹੈ। ਇਸਦੇ ਨਾਲ ਹੀ ਚਾਰ ਲੇਬਰ ਕੋਡ ਲਾਗੂ ਕਰਕੇ ਮਜ਼ਦੂਰਾਂ ਦੀਆਂ ਹੜਤਾਲਾਂ ਅਤੇ ਸੰਘਰਸ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬਾਕਸ-- ਕਾਰਪੋਰੇਟ ਪੱਖੀ ਨੀਤੀਆਂ ਦਾ ਦੋਸ਼ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਡੀਆਂ ਕੰਪਨੀਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਨਵੇਂ ਕਾਰਪੋਰੇਟ ਪੱਖੀ ਕਾਨੂੰਨ ਲਿਆ ਰਹੀ ਹੈ, ਜਿਸ ਨਾਲ ਮਜ਼ਦੂਰਾਂ ਅਤੇ ਆਮ ਲੋਕਾਂ ਦੀ “ਰੱਤ ਨਿਚੋੜ” ਕੇ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਖੇਤੀ ਖੇਤਰ ਨੂੰ ਵੀ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਦੇਣ ਲਈ ਬੀਜ ਬਿੱਲ 2025 ਲਿਆਂਦਾ ਜਾ ਰਿਹਾ ਹੈ, ਜੋ ਕਿਸਾਨਾਂ ਲਈ ਘਾਤਕ ਸਾਬਤ ਹੋਵੇਗਾ। ਬਹਾਕਸ-- ਪੰਜਾਬ ਸਰਕਾਰ ਵੱਲੋਂ ਪਾਵਰਕਾਮ ਦੀ ਜ਼ਮੀਨ ਵੇਚਣ ਦਾ ਵਿਰੋਧ ਰੈਲੀ ਦੌਰਾਨ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੇ ਫੈਸਲਿਆਂ ਦੀ ਵੀ ਤਿੱਖੀ ਆਲੋਚਨਾ ਕੀਤੀ ਗਈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਵਰਕਾਮ ਦੀਆਂ ਕੀਮਤੀ ਜ਼ਮੀਨਾਂ ਵੇਚ ਕੇ ਸਰਕਾਰੀ ਸੰਸਥਾਵਾਂ ਨੂੰ ਖਤਮ ਕਰਨ ਦੀ ਸਾਜ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਪਟਿਆਲਾ ਨੇੜੇ ਬਡੂੰਗਰ ਦੀ 50 ਏਕੜ ਜ਼ਮੀਨ ਵੇਚਣ ਦੇ ਫੈਸਲੇ ਨੂੰ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਵਿੱਚ ਮਨਜ਼ੂਰੀ ਦਿੱਤੀ ਗਈ ਹੈ। ਇਸਦੇ ਨਾਲ ਹੀ ਰਾਜਪੁਰਾ ਥਰਮਲ ਪਲਾਂਟ ਨੂੰ ਗੁਜਰਾਤ ਦੀ ਇੱਕ ਕੰਪਨੀ ਨੂੰ ਵੇਚ ਦਿੱਤਾ ਗਿਆ ਹੈ। ਬਾਕਸ-- 22 ਫਰਵਰੀ ਨੂੰ ਅੰਮ੍ਰਿਤਸਰ ’ਚ ਵਿਸ਼ਾਲ ਧਰਨਿਆਂ ਦਾ ਐਲਾਨ ਯੂਨੀਅਨ ਆਗੂਆਂ ਨੇ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀਆਂ ਕਰੀਬ 90 ਜਥੇਬੰਦੀਆਂ ਦੇ ਸਾਂਝੇ ਫੈਸਲੇ ਮੁਤਾਬਕ 22 ਫਰਵਰੀ ਨੂੰ ਅੰਮ੍ਰਿਤਸਰ ਵਿਖੇ ਬੀਜੇਪੀ ਆਗੂ ਤਰੁਣ ਚੁੱਘ ਤੇ ਆਮ ਆਦਮੀ ਪਾਰਟੀ ਦੇ ਮੰਤਰੀ ਹਰਭਜਨ ਸਿੰਘ ਈਟੀਓ ਦੇ ਘਰਾਂ ਸਾਹਮਣੇ ਸਾਂਝੇ ਵਿਸ਼ਾਲ ਰੋਸ ਧਰਨੇ ਦਿੱਤੇ ਜਾਣਗੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਬਿਜਲੀ ਸੋਧ ਬਿਲ 2025 ਜਾਂ ਬੀਜ ਬਿੱਲ 2025 ਨੂੰ ਲੋਕ ਸਭਾ ਜਾਂ ਰਾਜ ਸਭਾ ਵਿੱਚ ਲਿਆਂਦਾ ਗਿਆ ਤਾਂ ਉਸ ਦਿਨ ਨੂੰ “ਕਾਲਾ ਦਿਨ” ਮਨਾਉਂਦਿਆਂ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਯੂਨੀਅਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮਜ਼ਦੂਰ ਵਿਰੋਧੀ ਕਾਨੂੰਨਾਂ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਸਰਕਾਰੀ ਸੰਸਥਾਵਾਂ ਦੀ ਜ਼ਮੀਨ ਵੇਚਣ ਦੀ ਨੀਤੀ ਨੂੰ ਤੁਰੰਤ ਰੋਕਿਆ ਜਾਵੇ।