ਨਸ਼ਾ ਤਸਕਰੀ ਮਾਮਲਿਆਂ ’ਚ ਕਾਰਵਾਈ, ਤਿੰਨ ਗ੍ਰਿਫ਼ਤਾਰ
ਜ਼ਿਲ੍ਹੇ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ ਤਿੰਨ ਨਸ਼ਾ ਤਸਕਰੀ ਮਾਮਲਿਆਂ ਵਿੱਚ ਕਾਰਵਾਈ, ਤਿੰਨ ਗ੍ਰਿਫਤਾਰ
Publish Date: Tue, 17 Feb 2026 07:23 PM (IST)
Updated Date: Wed, 18 Feb 2026 04:13 AM (IST)

ਸਟਾਫ ਰਿਪੋਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਿਸ ਵੱਲੋਂ ਐਨ.ਡੀ.ਪੀ.ਐਸ. ਐਕਟ ਦੀਆਂ ਸਬੰਧਤ ਧਾਰਾਵਾਂ ਹੇਠ ਤਿੰਨ ਮਾਮਲਿਆਂ ਵਿੱਚ ਕਾਰਵਾਈ ਕਰਦੇ ਹੋਏ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਥਾਣਾ ਚੱਬੇਵਾਲ ਦੀ ਪੁਲਿਸ ਪਾਰਟੀ ਏ.ਐਸ.ਆਈ ਮੰਨਾ ਸਿੰਘ ਦੀ ਅਗਵਾਈ ਹੇਠ ਗਸ਼ਤ ਅਤੇ ਚੈਕਿੰਗ ਦੌਰਾਨ ਬੱਸ ਸਟੈਂਡ ਚੱਬੇਵਾਲ ਦੇ ਸਾਹਮਣੇ ਇੱਕ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ। ਤਲਾਸ਼ੀ ਦੌਰਾਨ ਉਸ ਕੋਲੋਂ 40 ਖੁੱਲੀਆਂ ਨਸ਼ੀਲੀਆਂ ਗੋਲੀਆਂ ਕਥਿਤ ਤੌਰ ’ਤੇ ਬਰਾਮਦ ਹੋਈਆਂ। ਗ੍ਰਿਫਤਾਰ ਵਿਅਕਤੀ ਦੀ ਪਛਾਣ ਸੁਖਵੀਰ ਕੁਮਾਰ ਉਰਫ ਸੁੱਖਾ, ਪੁੱਤਰ ਨਰੇਸ਼ ਕੁਮਾਰ ਉਰਫ ਰਿੰਕੂ, ਵਾਸੀ ਸਰਹਾਲਾ ਕਲਾਂ ਵਜੋਂ ਹੋਈ ਹੈ। ਪੁਲਿਸ ਅਨੁਸਾਰ ਪੁੱਛਗਿੱਛ ਦੌਰਾਨ ਦੋਸ਼ੀ ਨੇ ਕਥਿਤ ਤੌਰ ’ਤੇ ਦੱਸਿਆ ਕਿ ਉਹ ਨਸ਼ੇ ਦਾ ਆਦੀ ਹੈ ਅਤੇ ਕੁਝ ਗੋਲੀਆਂ ਖੁਦ ਵਰਤਦਾ ਤੇ ਕੁਝ ਮਹਿੰਗੇ ਭਾਅ ’ਤੇ ਵੇਚਦਾ ਸੀ। ਦੋਸ਼ੀ ਨੇ ਇਹ ਵੀ ਦੱਸਿਆ ਕਿ ਇਹ ਗੋਲੀਆਂ ਉਸ ਨੇ ਆਪਣੇ ਪਿੰਡ ਦੇ ਜੱਗਾ ਪੁੱਤਰ ਲੋਟਾ ਕੋਲੋਂ ਕਥਿਤ ਤੌਰ ’ਤੇ ਖਰੀਦੀਆਂ ਸਨ, ਜਿਸ ਦੀ ਗ੍ਰਿਫਤਾਰੀ ਬਾਕੀ ਹੈ। ਇਸ ਸਬੰਧੀ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਬਾਕਸ-- ਮੁਕੇਰੀਆਂ ਪੁਲਿਸ ਵੱਲੋਂ 70 ਨਸ਼ੀਲੀਆਂ ਗੋਲੀਆਂ ਬਰਾਮਦ ਪੁਲਿਸ ਨੇ ਦੱਸਿਆ ਕਿ ਥਾਣਾ ਮੁਕੇਰੀਆਂ ਦੀ ਪੁਲਿਸ ਪਾਰਟੀ ਏ.ਐਸ.ਆਈ ਦਿਲਦਾਰ ਸਿੰਘ ਦੀ ਅਗਵਾਈ ਹੇਠ ਗਸ਼ਤ ਦੌਰਾਨ ਹਰਚੰਦਾ ਮੌੜ ਨੇੜੇ ਇੱਕ ਬਿਨਾਂ ਨੰਬਰੀ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ। ਤਲਾਸ਼ੀ ਦੌਰਾਨ ਉਸ ਕੋਲੋਂ 70 ਖੁੱਲੀਆਂ ਨਸ਼ੀਲੀਆਂ ਗੋਲੀਆਂ ਕਥਿਤ ਤੌਰ ’ਤੇ ਬਰਾਮਦ ਹੋਈਆਂ। ਗ੍ਰਿਫਤਾਰ ਵਿਅਕਤੀ ਦੀ ਪਛਾਣ ਨਾਜਰ ਪੁੱਤਰ ਧਰਮਿੰਦਰ, ਵਾਸੀ ਮਾਛੀਵਾੜਾ, ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਥਾਣਾ ਸਿਟੀ ਹੁਸ਼ਿਆਰਪੁਰ ਦੀ ਪੁਲਿਸ ਪਾਰਟੀ ਏਐੱਸਆਈ ਗਗਨ ਸਿੰਘ ਦੀ ਅਗਵਾਈ ਹੇਠ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਕਾਰ ਪਾਰਕਿੰਗ ਲੇਬਰ ਸ਼ੈਡ ਵਿੱਚ ਇੱਕ ਨੌਜਵਾਨ ਨੂੰ ਨਸ਼ਾ ਕਰਦੇ ਹੋਏ ਕਾਬੂ ਕੀਤਾ ਗਿਆ। ਗ੍ਰਿਫਤਾਰ ਵਿਅਕਤੀ ਦੀ ਪਛਾਣ ਪੁਨੀਤ ਸੂਦ ਪੁੱਤਰ ਚੰਦਰ ਕਾਂਤ ਸੂਦ, ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ। ਤਲਾਸ਼ੀ ਦੌਰਾਨ ਉਸ ਕੋਲੋਂ ਇੱਕ ਲਾਈਟਰ, ਨਸ਼ੀਲਾ ਪਦਾਰਥ ਲੱਗੀ ਪੰਨੀ ਤੇ ਰੋਲ ਕੀਤਾ ਹੋਇਆ 10 ਰੁਪਏ ਦਾ ਨੋਟ ਕਥਿਤ ਤੌਰ ’ਤੇ ਬਰਾਮਦ ਹੋਇਆ। ਪੁਲਿਸ ਨੇ ਕਿਹਾ ਕਿ ਤਿੰਨਾਂ ਮਾਮਲਿਆਂ ਵਿੱਚ ਅਗਲੀ ਜਾਂਚ ਜਾਰੀ ਹੈ ਅਤੇ ਨਸ਼ਾ ਤਸਕਰੀ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਵੀ ਪਤਾ ਲਗਾਇਆ ਜਾ ਰਿਹਾ ਹੈ।