ਐੱਨਪੀਐੱਸ ਕਰਮਚਾਰੀਆਂ ਨੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ
ਐਨਪੀਐਸ ਕਰਮਚਾਰੀਆਂ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ
Publish Date: Thu, 19 Feb 2026 06:52 PM (IST)
Updated Date: Fri, 20 Feb 2026 04:10 AM (IST)

ਟੈੱਟ ਦੀ ਸ਼ਰਤ ਖਤਮ ਕਰਵਾਉਣ ਲਈ 22 ਫਰਵਰੀ ਦੀ ਸ੍ਰੀ ਅਨੰਦਪੁਰ ਸਾਹਿਬ ਮਹਾ-ਰੈਲੀ ਨੂੰ ਦਿੱਤਾ ਸਮਰਥਨ ਹੈਪੀ, ਪੰਜਾਬੀ ਜਾਗਰਣ, ਬੁੱਲ੍ਹੋਵਾਲ : ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਤੇ ਗੌਰਮਿੰਟ ਟੀਚਰ ਯੂਨੀਅਨ ਪੰਜਾਬ ਹੁਸ਼ਿਆਰਪੁਰ ਇਕਾਈ ਬੁੱਲ੍ਹੋਵਾਲ ਵੱਲੋਂ ਵੱਡੀ ਗਿਣਤੀ ਵਿੱਚ ਅਧਿਆਪਕਾਂ ਅਤੇ ਹੈਲਥ ਕਰਮਚਾਰੀਆਂ ਨੇ ਬੁੱਲ੍ਹੋਵਾਲ-ਭੋਗਪੁਰ ਟੀ ਪੁਆਇੰਟ ਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਬਲਾਕ ਕਨਵੀਨਰ ਅਸ਼ੋਕ ਕੁਮਾਰ, ਜੀਟੀਯੂ ਬਲਾਕ ਪ੍ਰਧਾਨ ਜਸਵਿੰਦਰ ਪਾਲ, ਜ਼ਿਲ੍ਹਾ ਆਗੂ ਪਰਮਜੀਤ ਕੌਰ ਸੂਚ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਵਿਰਦੀ ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਚਾਰ ਸਾਲਾਂ ਤੋਂ ਆਪਣੇ ਚੋਣ ਵਾਅਦੇ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਦੱਸਿਆ ਕਿ 18 ਨਵੰਬਰ 2022 ਨੂੰ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ ਅਧੂਰਾ ਤੇ ਲੰਗੜਾ ਸਾਬਤ ਹੋਇਆ ਹੈ, ਜਿਸ ਨੂੰ ਸਰਕਾਰ ਅਜੇ ਤੱਕ ਪੂਰੀ ਤਰ੍ਹਾਂ ਲਾਗੂ ਨਹੀਂ ਕਰ ਸਕੀ। ਇਸ ਕਰਕੇ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਪੁਰਾਣੀ ਪੈਨਸ਼ਨ ਅੰਦੋਲਨ ਤੋਂ ਧਿਆਨ ਭਟਕਾਉਣ ਲਈ ਟੈੱਟ ਦੀ ਬੇਲੋੜੀ ਸ਼ਰਤ ਥੋਪ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਵਿਧਾਨ ਸਭਾ ਵਿੱਚ ਆਰਡੀਨੈਂਸ ਪਾਸ ਕਰਕੇ ਟੈੱਟ ਦੀ ਸ਼ਰਤ ਨੂੰ ਵਾਪਸ ਲਵੇ, ਨਹੀਂ ਤਾਂ 22 ਫਰਵਰੀ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੀ ਮਹਾਂ ਰੈਲੀ ਵਿੱਚ ਵੱਡੀ ਗਿਣਤੀ ’ਚ ਮੁਲਾਜ਼ਮ ਸ਼ਮੂਲੀਅਤ ਕਰਨਗੇ। ਇਸ ਮੌਕੇ ਸਤਨਾਮ ਸਿੰਘ, ਰਵਿੰਦਰ ਸਿੰਘ, ਪ੍ਰਦੀਪ ਸਿੰਘ, ਗੁਰਦੇਵ ਸਿੰਘ, ਬਲਜੀਤ ਸਿੰਘ, ਹਰਜਿੰਦਰ ਸਿੰਘ, ਬਲਵੀਰ ਸਿੰਘ, ਹਰਦੀਪ ਕੌਰ, ਜਗਜੀਤ ਕੌਰ, ਰੀਨਾ ਰਾਣੀ, ਪਰਮਜੀਤ ਕੌਰ, ਸ਼ਿਮਲਾ ਦੇਵੀ ਸਮੇਤ ਹੋਰ ਕਈ ਮੁਲਾਜ਼ਮ ਹਾਜ਼ਰ ਸਨ।