ਐੱਨਪੀਐੱਸ ਕਰਮਚਾਰੀਆਂ ਵੱਲੋਂ ਅਰਥੀ ਫੂਕ ਮੁਜ਼ਾਹਰਾ; ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਕੂਚ ਦਾ ਐਲਾਨ
ਹੁਸ਼ਿਆਰਪੁਰ 'ਚ ਐਨ.ਪੀ.ਐਸ. ਕਰਮਚਾਰੀਆਂ ਵੱਲੋਂ ਅਰਥੀ ਫੂਕ ਮੁਜ਼ਾਹਰਾ; ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਕੂਚ ਦਾ ਐਲਾਨ
Publish Date: Thu, 19 Feb 2026 06:54 PM (IST)
Updated Date: Fri, 20 Feb 2026 04:10 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਅਤੇ ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਅੱਜ ਹੁਸ਼ਿਆਰਪੁਰ ਵਿੱਚ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਸੈਂਕੜਿਆਂ ਦੀ ਗਿਣਤੀ ਵਿੱਚ ਅਧਿਆਪਕਾਂ ਅਤੇ ਕਰਮਚਾਰੀਆਂ ਵੱਲੋਂ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਕਨਵੀਨਰ ਸੰਜੀਵ ਧੂਤ ਅਤੇ ਸੀਪੀਐਫ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਿਤਿਨ ਮਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਚਾਰ ਸਾਲਾਂ ਤੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਚੋਣ ਵਾਅਦੇ ਨੂੰ ਲਾਗੂ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਦੱਸਿਆ ਕਿ 18 ਨਵੰਬਰ 2022 ਨੂੰ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ ਅਜੇ ਤੱਕ ਅਮਲ ਵਿੱਚ ਨਹੀਂ ਲਿਆਂਦਾ ਗਿਆ। ਆਗੂਆਂ ਨੇ ਐਲਾਨ ਕੀਤਾ ਕਿ ਸਰਕਾਰ ਦੀ ਲਗਾਤਾਰ ਚੁੱਪੀ ਅਤੇ ਲਾਰਿਆਂ ਦੇ ਵਿਰੋਧ ਵਿੱਚ ਹੁਣ ਕਰਮਚਾਰੀ ਆਰ ਜਾਂ ਪਾਰ ਦੇ ਸੰਘਰਸ਼ ਦੇ ਮੂਡ ਵਿੱਚ ਹਨ। ਇਸ ਦੇ ਤਹਿਤ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸਮੂਹ ਐਨਪੀਐਸ ਕਰਮਚਾਰੀ ਵਿਧਾਨ ਸਭਾ ਵੱਲ ਮਾਰਚ ਕਰਨਗੇ, ਜਿਸ ਲਈ ਬਲਾਕ ਪੱਧਰ ‘ਤੇ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਪੁਰਾਣੀ ਪੈਨਸ਼ਨ ਅੰਦੋਲਨ ਤੋਂ ਧਿਆਨ ਭਟਕਾਉਣ ਲਈ ਸਰਕਾਰ ਵੱਲੋਂ ਟੈੱਟ ਦੀ ਸ਼ਰਤ ਥੋਪੀ ਗਈ ਹੈ। ਅਧਿਆਪਕ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਤੁਰੰਤ ਟੈੱਟ ਦੀ ਬੇਲੋੜੀ ਸ਼ਰਤ ਨੂੰ ਵਾਪਸ ਲਵੇ ਨਹੀਂ ਤਾਂ 22 ਫਰਵਰੀ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੀ ਮਹਾਂ ਰੈਲੀ ਨੂੰ ਸਮਰਥਨ ਦਿੱਤਾ ਜਾਵੇਗਾ ਅਤੇ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵੱਲ ਕੂਚ ਕੀਤਾ ਜਾਵੇਗਾ। ਇਸ ਮੌਕੇ ਸੁਰਜੀਤ ਰਾਜਾ, ਉਪਕਾਰ ਪੱਟੀ, ਜਤਿੰਦਰ ਸੋਨੀ, ਸੁਨੀਲ ਸ਼ਰਮਾ, ਵਿਕਾਸ ਸ਼ਰਮਾ, ਰਾਜ ਕੁਮਾਰ, ਸੁਖਦੇਵ ਸਿੰਘ, ਹਰਵਿਲਾਸ, ਜਰਨੈਲ ਸਿੰਘ, ਸਚਿਨ ਕੁਮਾਰ, ਬਲਜੀਤ ਸਿੰਘ ਮਹਿਮੋਵਾਲ, ਵਰਿੰਦਰ ਨਿਮਾਣਾ, ਦਵਿੰਦਰ ਸਿੰਘ, ਰਮਨਦੀਪ ਸੈਣੀ, ਵੰਦਨਾ ਕੁਮਾਰੀ, ਵਰਿੰਦਰ ਕੌਰ, ਅਮਿਤਾ ਸ਼ਰਮਾ, ਆਰਤੀ ਸ਼ਰਮਾ, ਸੀਮਾ ਰਾਣੀ, ਗੁਰਜੀਤ ਕੌਰ ਆਦਿ ਹਾਜ਼ਰ ਸਨ।