ਡਾ. ਰਵਜੋਤ ਸਿੰਘ ਵੱਲੋਂ ਸ਼ਾਮ ਚੁਰਾਸੀ ਹਲਕੇ ਦੇ ਵਿਕਾਸ ਕਾਰਜਾਂ ਦੀ ਸਮੀਖਿਆ
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਸ਼ਾਮ ਚੁਰਾਸੀ ਹਲਕੇ ਦੇ ਵਿਕਾਸ ਕਾਰਜਾਂ ਦੀ ਸਮੀਖਿਆ
Publish Date: Fri, 20 Feb 2026 05:18 PM (IST)
Updated Date: Sat, 21 Feb 2026 04:07 AM (IST)

ਪੈਂਡਿੰਗ ਕੰਮ ਤੁਰੰਤ ਸ਼ੁਰੂ ਕਰਨ ਅਤੇ ਚੱਲ ਰਹੇ ਪ੍ਰੋਜੈਕਟ ਸਮੇਂ ਸਿਰ ਪੂਰੇ ਕਰਨ ਦੇ ਹੁਕਮ ਸੰਜੀਵ ਸੂਦ,ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਅੱਜ ਵਿਧਾਨ ਸਭਾ ਹਲਕਾ ਸ਼ਾਮ ਚੁਰਾਸੀ ਦੇ ਵਿਕਾਸ ਪ੍ਰੋਜੈਕਟਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਰਾਬਤਾ ਕਾਇਮ ਕਰਦਿਆਂ ਚੱਲ ਰਹੇ ਕੰਮਾਂ ਦੀ ਗੁਣਵੱਤਾ ਅਤੇ ਸਮਾਂਬੱਧਤਾ ਤੇ ਵਿਸ਼ੇਸ਼ ਜ਼ੋਰ ਦਿੱਤਾ। ਡਾ. ਰਵਜੋਤ ਸਿੰਘ ਨੇ ਸਪੱਸ਼ਟ ਕੀਤਾ ਕਿ ਲੋਕ-ਹਿਤ ਨਾਲ ਜੁੜੇ ਕੰਮਾਂ ਵਿੱਚ ਕਿਸੇ ਵੀ ਕਿਸਮ ਦੀ ਦੇਰੀ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਲੋਕ ਨਿਰਮਾਣ ਵਿਭਾਗ ਵੱਲੋਂ ਹਲਕੇ ਵਿੱਚ ਸੜਕਾਂ ਦੀ ਉਸਾਰੀ ਅਤੇ ਮੁਰੰਮਤ ਸਬੰਧੀ ਰਿਪੋਰਟ ਪੇਸ਼ ਕੀਤੀ ਗਈ। ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਕਈ ਸੜਕ ਪ੍ਰੋਜੈਕਟ ਮੌਜੂਦਾ ਸਮੇਂ ਅਧੀਨ ਪ੍ਰਕਿਰਿਆ ਵਿੱਚ ਹਨ। ਮੰਤਰੀ ਨੇ ਹਦਾਇਤ ਕੀਤੀ ਕਿ ਜਿੱਥੇ ਕੰਮ ਲੰਬਿਤ ਹਨ, ਉਨ੍ਹਾਂ ਨੂੰ ਤੁਰੰਤ ਸ਼ੁਰੂ ਕੀਤਾ ਜਾਵੇ ਅਤੇ ਜਿੱਥੇ ਕੰਮ ਜਾਰੀ ਹਨ, ਉਥੇ ਗੁਣਵੱਤਾ ਨੂੰ ਬਰਕਰਾਰ ਰੱਖਦੇ ਹੋਏ ਨਿਰਧਾਰਤ ਸਮੇਂ ਅੰਦਰ ਪੂਰਾ ਕੀਤਾ ਜਾਵੇ। ਉਨ੍ਹਾਂ ਕੰਢੀ ਖੇਤਰ ਨਾਲ ਜੁੜੀਆਂ ਜੰਗਲਾਤ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਧਿਆਨ ਦੇਣ ਦੀ ਗੱਲ ਕਹੀ ਅਤੇ ਵਾਤਾਵਰਣ ਸੰਤੁਲਨ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਕਾਸ ਕਾਰਜ ਅੱਗੇ ਵਧਾਉਣ ‘ਤੇ ਜ਼ੋਰ ਦਿੱਤਾ। ਬਿਜਲੀ ਸਪਲਾਈ ਸੁਧਾਰ ਲਈ ਟ੍ਰਾਂਸਫਾਰਮਰ ਲਗਾਉਣ, ਨਵੀਆਂ ਲਾਈਨਾਂ ਪਾਉਣ ਅਤੇ ਢਿੱਲੀਆਂ ਤਾਰਾਂ ਠੀਕ ਕਰਨ ਵਰਗੇ ਮਸਲਿਆਂ ‘ਤੇ ਵੀ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ। ਕਿਸਾਨਾਂ ਨਾਲ ਸੰਬੰਧਿਤ ਮਸਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੰਡੀਆਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਅਤੇ ਫੜਾਂ ਦੀ ਸਮੇਂ ਸਿਰ ਉਸਾਰੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ। ਪਿੰਡਾਂ ਵਿੱਚ ਹੈਲਥ ਐਂਡ ਵੈਲਨੈਸ ਸੈਂਟਰਾਂ ਅਤੇ ਖੇਡ ਸਟੇਡੀਅਮਾਂ ਦੇ ਨਿਰਮਾਣ ਕਾਰਜਾਂ ਦੀ ਵੀ ਸਮੀਖਿਆ ਕੀਤੀ ਗਈ ਅਤੇ ਨੌਜਵਾਨਾਂ ਲਈ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ‘ਤੇ ਜ਼ੋਰ ਦਿੱਤਾ ਗਿਆ। ਸਿਹਤ, ਪੇਂਡੂ ਵਿਕਾਸ, ਸਮਾਜਿਕ ਸੁਰੱਖਿਆ, ਸਿੱਖਿਆ, ਜਲ ਸਪਲਾਈ ਅਤੇ ਹੋਰ ਵਿਭਾਗਾਂ ਨਾਲ ਜੁੜੇ ਮੁੱਦਿਆਂ ‘ਤੇ ਵੀ ਵਿਸਥਾਰ ਨਾਲ ਚਰਚਾ ਹੋਈ। ਮੰਤਰੀ ਨੇ ਅਧਿਕਾਰੀਆਂ ਨੂੰ ਟੀਮਵਰਕ ਨਾਲ ਕੰਮ ਕਰਨ ਅਤੇ ਜਨਤਾ ਨਾਲ ਸੰਬੰਧਤ ਮਾਮਲਿਆਂ ਵਿੱਚ ਪਾਰਦਰਸ਼ਤਾ ਅਤੇ ਸਮੇਂ ਦੀ ਪਾਬੰਦੀ ਨੂੰ ਪਹਿਲ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਹਲਕੇ ਦਾ ਸਮੂਹਿਕ ਵਿਕਾਸ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਐੱਸਡੀਐੱਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸੰਦੀਪ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡਾਂ ਦੇ ਸਰਪੰਚ ਅਤੇ ਪੰਚ ਵੀ ਮੌਜੂਦ ਸਨ।