ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ
ਖ਼ਾਲਸਾ ਕਾਲਜ ਵਿਖੇ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ
Publish Date: Fri, 20 Feb 2026 05:28 PM (IST)
Updated Date: Sat, 21 Feb 2026 04:07 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੜ੍ਹਦੀਵਾਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਸੁਖਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਅਤੇ ਹਿੰਦੀ ਵਿਭਾਗ ਵੱਲੋਂ ਪੰਜਾਬ ਨੈਸ਼ਨਲ ਬੈਂਕ ਗੜ੍ਹਦੀਵਾਲਾ ਦੇ ਸਹਿਯੋਗ ਨਾਲ ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿੱਚ ਵਿਦਿਆਰਥੀਆਂ ਦੇ ਕਵਿਤਾ ਉਚਾਰਨ ਅਤੇ ਗੀਤ ਗਾਉਣ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਦਾ ਉਦੇਸ਼ ਵਿਦਿਆਰਥੀਆਂ ਵਿੱਚ ਮਾਂ ਬੋਲੀ ਪ੍ਰਤੀ ਪਿਆਰ, ਇੱਜ਼ਤ, ਰੁਚੀ ਪੈਦਾ ਕਰਨਾ ਅਤੇ ਮਾਤ ਭਾਸ਼ਾ ਦੇ ਵਿਕਾਸ ਵਿੱਚ ਯੋਗਦਾਨ ਪਾਉਣਾ ਸੀ। ਹਿੰਦੀ ਵਿਭਾਗ ਦੇ ਮੁਖੀ ਦਵਿੰਦਰ ਕੁਮਾਰ ਸੰਦਲ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਮਨਾਉਣ ਦਾ ਮੁੱਖ ਉਦੇਸ਼ ਮਾਤ ਭਾਸ਼ਾਵਾਂ ਦੀ ਸੰਭਾਲ, ਵਿਕਾਸ ਅਤੇ ਨਵੀਂ ਪੀੜ੍ਹੀ ਵਿੱਚ ਭਾਸ਼ਾਈ ਚੇਤਨਾ ਪੈਦਾ ਕਰਨਾ ਹੈ। ਕਵਿਤਾ ਉਚਾਰਨ ਦੇ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਮਾਂ ਬੋਲੀ, ਪੰਜਾਬੀ ਸਭਿਆਚਾਰ, ਦੇਸ਼ ਪ੍ਰੇਮ, ਸਮਾਜਿਕ ਚੇਤਨਾ ਅਤੇ ਮੌਜੂਦਾ ਸਮੇਂ ਦੀਆਂ ਸਮੱਸਿਆਵਾਂ ਨੂੰ ਕੇਂਦਰ ਬਣਾਕੇ ਪ੍ਰਭਾਵਸ਼ਾਲੀ ਰਚਨਾਵਾਂ ਪੇਸ਼ ਕੀਤੀਆਂ। ਗੀਤ ਗਾਉਣ ਦੇ ਮੁਕਾਬਲੇ ਵਿੱਚ ਵੀ ਵਿਦਿਆਰਥੀਆਂ ਨੇ ਪੰਜਾਬੀ ਲੋਕਧਾਰਾ ਤੇ ਆਧੁਨਿਕ ਗੀਤਾਂ ਰਾਹੀਂ ਮਾਂ ਬੋਲੀ ਦੀ ਮਿਠਾਸ ਨੂੰ ਸੁਰਾਂ ’ਚ ਪੇਸ਼ ਕੀਤਾ। ਪੰਜਾਬ ਨੈਸ਼ਨਲ ਬੈਂਕ ਦੇ ਪ੍ਰਤਿਨਿਧੀਆਂ ਵਨੀਤ ਕੁਮਾਰ, ਨਿਤਿਨ ਕੁਮਾਰ ਤੇ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਬੈਂਕ ਸਮਾਜਿਕ ਅਤੇ ਸੰਸਕ੍ਰਿਤਿਕ ਗਤਿਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਹਮੇਸ਼ਾ ਤਿਆਰ ਰਹਿੰਦਾ ਹੈ। ਪੰਜਾਬ ਨੈਸ਼ਨਲ ਬੈਂਕ ਗੜ੍ਹਦੀਵਾਲਾ ਵੱਲੋਂ ਕਵਿਤਾ ਉਚਾਰਨ ਅਤੇ ਗੀਤ ਗਾਉਣ ਵਾਲੇ ਵਿਦਿਆਰਥੀਆਂ ਨੂੰ ਹੌਸਲਾ ਅਫ਼ਜ਼ਾਈ ਲਈ ਤੋਹਫੇ ਭੇਟ ਕੀਤੇ ਗਏ। ਵਾਈਸ ਪ੍ਰਿੰਸੀਪਲ ਸੰਜੀਵ ਸਿੰਘ ਵੱਲੋਂ ਪੰਜਾਬ ਨੈਸ਼ਨਲ ਬੈਂਕ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਪੰਜਾਬੀ ਵਿਭਾਗ ਦੇ ਅਧਿਆਪਕ ਸਾਹਿਬਾਨ ਡਾ. ਸਤਵੰਤ ਕੌਰ ਅਤੇ ਡਾ. ਰਵਿੰਦਰ ਕੌਰ, ਸੰਗੀਤ ਵਿਭਾਗ ਦੇ ਅਧਿਆਪਕ ਸ. ਗੁਰਪਿੰਦਰ ਸਿੰਘ ਅਤੇ ਵਿਦਿਆਰਥੀ ਹਾਜ਼ਰ ਸਨ।