'ਮੁੱਖ ਮੰਤਰੀ ਸਿਹਤ ਯੋਜਨਾ' ਦੇ ਕਾਰਜਾਂ ਦਾ ਲਿਆ ਜਾਇਜ਼ਾ
ਵਿਧਾਇਕ ਡਾ. ਈਸ਼ਾਂਕ ਕੁਮਾਰ ਨੇ ਪਿੰਡ ਰਾਮਪੁਰ ਵਿਖੇ 'ਮੁੱਖ ਮੰਤਰੀ ਸਿਹਤ ਯੋਜਨਾ' ਦੇ ਕਾਰਜਾਂ ਦਾ ਲਿਆ ਜਾਇਜ਼ਾ
Publish Date: Sun, 22 Feb 2026 06:10 PM (IST)
Updated Date: Mon, 23 Feb 2026 04:10 AM (IST)

ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਵਿਧਾਨ ਸਭਾ ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਈਸ਼ਾਂਕ ਕੁਮਾਰ ਨੇ ਅੱਜ ਪਿੰਡ ਰਾਮਪੁਰ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਨਤਮਸਤਕ ਹੋ ਕੇ ਹਲਕੇ ਅਤੇ ਸੂਬੇ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਉਪਰੰਤ ਉਨ੍ਹਾਂ ਨੇ ਪਿੰਡ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਗਾਏ ਗਏ ਵਿਸ਼ੇਸ਼ ਕੈਂਪ ਦਾ ਦੌਰਾ ਕੀਤਾ ਅਤੇ ਚੱਲ ਰਹੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਲੋਕਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਈਸ਼ਾਂਕ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਭੇਜੀਆਂ ਗਈਆਂ ਵਿਸ਼ੇਸ਼ ਟੀਮਾਂ ਪਿੰਡ-ਪਿੰਡ ਜਾ ਕੇ ਲੋਕਾਂ ਦੀ ਮੌਕੇ ਤੇ ਹੀ ਆਨਲਾਈਨ ਰਜਿਸਟ੍ਰੇਸ਼ਨ ਕਰ ਰਹੀਆਂ ਹਨ ਅਤੇ ਹੈਲਥ ਕਾਰਡ ਬਣਾ ਕੇ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਨੇ ਅਜੇ ਤੱਕ ਰਜਿਸਟ੍ਰੇਸ਼ਨ ਨਹੀਂ ਕਰਵਾਇਆ, ਉਹ ਇਸ ਸਹੂਲਤ ਦਾ ਲਾਭ ਜ਼ਰੂਰ ਲੈਣ। ਟੀਮਾਂ ਆਧਾਰ ਕਾਰਡ ਅਤੇ ਹੋਰ ਲੋੜੀਂਦੇ ਦਸਤਾਵੇਜ਼ਾਂ ਦੇ ਆਧਾਰ ‘ਤੇ ਆਨਲਾਈਨ ਅਰਜ਼ੀ ਪ੍ਰਕਿਰਿਆ ਪੂਰੀ ਕਰ ਰਹੀਆਂ ਹਨ, ਤਾਂ ਜੋ ਯੋਗ ਵਿਅਕਤੀਆਂ ਨੂੰ ਤੁਰੰਤ ਯੋਜਨਾ ਨਾਲ ਜੋੜਿਆ ਜਾ ਸਕੇ। ਡਾ. ਈਸ਼ਾਂਕ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਦਾ ਮੁੱਖ ਉਦੇਸ਼ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਸਿਹਤ ਸੁਰੱਖਿਆ ਪ੍ਰਦਾਨ ਕਰਨਾ ਹੈ। ਹੈਲਥ ਕਾਰਡ ਬਣਨ ਤੋਂ ਬਾਅਦ ਲਾਭਪਾਤਰੀ ਸੂਚੀਬੱਧ ਹਸਪਤਾਲਾਂ ਵਿੱਚ ਕੈਸ਼ਲੇਸ ਇਲਾਜ ਦੀ ਸਹੂਲਤ ਪ੍ਰਾਪਤ ਕਰ ਸਕਦੇ ਹਨ। ਇਸ ਨਾਲ ਇਲਾਜ ਦੌਰਾਨ ਆਉਣ ਵਾਲੇ ਭਾਰੀ ਖਰਚ ਤੋਂ ਰਾਹਤ ਮਿਲੇਗੀ ਅਤੇ ਆਮ ਆਦਮੀ ਨੂੰ ਆਰਥਿਕ ਸੁਰੱਖਿਆ ਪ੍ਰਾਪਤ ਹੋਵੇਗੀ। ਵਿਧਾਇਕ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਸੌਖੀ ਬਣਾਈ ਜਾਵੇ ਅਤੇ ਕੋਈ ਵੀ ਯੋਗ ਵਿਅਕਤੀ ਯੋਜਨਾ ਤੋਂ ਵੰਚਿਤ ਨਾ ਰਹੇ। ਇਸ ਦੌਰਾਨ ਪਿੰਡ ਵਾਸੀਆਂ ਨੇ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਵਿੱਚ ਹੀ ਹੈਲਥ ਕਾਰਡ ਬਣ ਜਾਣ ਨਾਲ ਉਨ੍ਹਾਂ ਨੂੰ ਵੱਡੀ ਸਹੂਲਤ ਮਿਲੀ ਹੈ।