ਨਸ਼ਿਆਂ ਖ਼ਿਲਾਫ਼ ਲੋਕਾਂ ਦਾ ਸਹਿਯੋਗ ਜ਼ਰੂਰੀ : ਮਹਾਜਨ
ਨਸ਼ਿਆਂ ਖ਼ਿਲਾਫ਼ ਲੋਕਾਂ ਦਾ ਸਹਿਯੋਗ ਜ਼ਰੂਰੀ - ਜੰਗੀ ਲਾਲ ਮਹਾਜਨ
Publish Date: Tue, 24 Feb 2026 04:52 PM (IST)
Updated Date: Wed, 25 Feb 2026 04:02 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੁਕੇਰੀਆਂ: ਬੀਤੇ ਦਿਨੀਂ ਮੁਕੇਰੀਆਂ ਵਿਖੇ ਪੰਜਾਬ ਲਿਟ ਫਾਊਂਡੇਸ਼ਨ, ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਅਤੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਆਪਸੀ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਕਰਵਾਈ ਗਈ। ਨਸ਼ਿਆਂ ਵਿਰੁੱਧ ਮਾਵਾਂ ਦੇ ਥੀਮ ਆਧਾਰਿਤ ਇਸ ਪੈਦਲ ਯਾਤਰਾ ਦੀ ਅਗਵਾਈ ਮਾਣਯੋਗ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਵੱਲੋਂ ਕੀਤੀ ਗਈ। ਪੈਦਲ ਯਾਤਰਾ ਦੌਰਾਨ ਵੱਡੀ ਗਿਣਤੀ ’ਚ ਸਥਾਨਕ ਲੋਕਾਂ, ਨੌਜਵਾਨਾਂ, ਸਮਾਜਿਕ ਸੰਸਥਾਵਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਹਿੱਸਾ ਲਿਆ। ਇਸ ਮੌਕੇ ਭਾਜਪਾ ਦੇ ਹਲਕਾ ਵਿਧਾਇਕ ਜੰਗੀ ਲਾਲ ਮਹਾਜਨ ਉਚੇਚੇ ਤੌਰ ’ਤੇ ਸ਼ਾਮਲ ਹੋਏ ਅਤੇ ਜਿੱਥੇ ਉਨ੍ਹਾਂ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਮੁਕੇਰੀਆਂ ਪੁੱਜਣ ਤੇ ਨਿੱਘਾ ਸਵਾਗਤ ਕੀਤਾ ਉੱਥੇ ਹੀ ਉਨ੍ਹਾਂ ਦੇ ਕਦਮ ਨਾਲ ਕਦਮ ਮਿਲਾਉਂਦੇ ਹੋਏ ਪੈਦਲ ਚੱਲ ਕੇ ਨਸ਼ਿਆਂ ਵਿਰੁੱਧ ਮਜ਼ਬੂਤ ਸੰਦੇਸ਼ ਦਿੱਤਾ। ਦੋਵਾਂ ਨੇਤਾਵਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਦੇ ਨਾਲ-ਨਾਲ ਸਮਾਜ ਦਾ ਹਰ ਵਰਗ ਆਪਣੀ ਜ਼ਿੰਮੇਵਾਰੀ ਨਿਭਾਏ। ਪੈਦਲ ਯਾਤਰਾ ਦੌਰਾਨ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਨਸ਼ਾ ਸਿਰਫ਼ ਵਿਅਕਤੀ ਨਹੀਂ, ਸਗੋਂ ਪੂਰੇ ਸਮਾਜ ਅਤੇ ਭਵਿੱਖੀ ਪੀੜ੍ਹੀਆਂ ਨੂੰ ਤਬਾਹ ਕਰਦਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ, ਸਿੱਖਿਆ ਅਤੇ ਸਕਾਰਾਤਮਕ ਗਤੀਵਿਧੀਆਂ ਵੱਲ ਰੁਝਾਨ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਕਾਨੂੰਨੀ ਕਾਰਵਾਈ ਨਾਲ ਨਹੀਂ, ਸਗੋਂ ਜਨ-ਸਹਿਯੋਗ ਨਾਲ ਹੀ ਜਿੱਤੀ ਜਾ ਸਕਦੀ ਹੈ। ਵਿਧਾਇਕ ਜੰਗੀ ਲਾਲ ਮਹਾਜਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਗੁਰੂਆਂ ਤੇ ਯੋਧਿਆਂ ਦੀ ਧਰਤੀ ਹੈ ਅਤੇ ਇਸਨੂੰ ਨਸ਼ਿਆਂ ਦੀ ਭੇਟ ਚੜ੍ਹਨ ਨਹੀਂ ਦਿੱਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਵਪਾਰੀਆਂ ਖ਼ਿਲਾਫ਼ ਲੋਕਾਂ ਦਾ ਸਹਿਯੋਗ ਸਭ ਤੋਂ ਜ਼ਰੂਰੀ ਹੈ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਆਪਣੇ ਬੱਚਿਆਂ ’ਤੇ ਨਿਗਰਾਨੀ ਰੱਖਣ ਅਤੇ ਉਨ੍ਹਾਂ ਨਾਲ ਖੁੱਲ੍ਹ ਕੇ ਗੱਲਬਾਤ ਕਰਨ।