‘ਆਪ’ ਸਰਕਾਰ ਸੱਤਾ ਬਚਾਉਣ ਲਈ ਚੱਲ ਰਹੀ ਚਾਲਾਂ: ਤੀਕਸ਼ਣ ਸੂਦ
'ਆਪ' ਸਰਕਾਰ ਲੋਕਾਂ ਨੂੰ ਰਾਹਤ ਦੇਣ ਲਈ ਨਹੀਂ, ਸਗੋਂ ਸੱਤਾ ਬਚਾਉਣ ਲਈ ਚੱਲ ਰਹੀ ਹੈ ਚਾਲਾਂ: ਤੀਕਸ਼ਣ ਸੂਦ
Publish Date: Tue, 24 Feb 2026 05:02 PM (IST)
Updated Date: Wed, 25 Feb 2026 04:04 AM (IST)

ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਤੀਕਸ਼ਣ ਸੂਦ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਸਿਰਫ਼ ਆਪਣੀ ਸੱਤਾ ਬਚਾਉਣ ਲਈ ਚਾਲਾਂ ਚੱਲ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬੀਆਂ ਨਾਲ ਭਿਖਾਰੀਆਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਸਵੈ-ਮਾਣ ਨੂੰ ਠੇਸ ਪਹੁੰਚਾਈ ਜਾ ਰਹੀ ਹੈ। ਇੱਥੇ ਜਾਰੀ ਪ੍ਰੈਸ ਨੋਟ ਵਿੱਚ ਸੂਦ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ਜ਼ੀਰੋ ਦੇ ਬਰਾਬਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ 2022 ਦੀਆਂ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਗਈ ਸੀ, ਪਰ ਮੁੱਖ ਮਸਲਿਆਂ ’ਤੇ ਕੋਈ ਠੋਸ ਨਤੀਜੇ ਸਾਹਮਣੇ ਨਹੀਂ ਆਏ। ਸੂਦ ਨੇ ਕਿਹਾ ਕਿ ਨਸ਼ਾਖੋਰੀ ਨੂੰ ਖਤਮ ਕਰਨ, ਕਾਨੂੰਨ-ਵਿਵਸਥਾ ਸੁਧਾਰਨ, ਗੈਰ-ਕਾਨੂੰਨੀ ਮਾਈਨਿੰਗ ਰੋਕਣ, 24 ਘੰਟੇ ਮੁਫ਼ਤ ਬਿਜਲੀ ਦੇਣ, ਹਰ ਪਿੰਡ ਅਤੇ ਵਾਰਡ ਵਿੱਚ ਮੁਹੱਲਾ ਕਲੀਨਿਕ ਖੋਲ੍ਹਣ ਅਤੇ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ ਦੇਣ ਵਰਗੇ ਵਾਅਦੇ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਦੇ ਦਾਅਵੇ ਵੀ ਹਕੀਕਤ ਵਿੱਚ ਨਜ਼ਰ ਨਹੀਂ ਆਉਂਦੇ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਦਾ ਧਿਆਨ ਅਸਲ ਵਿਕਾਸ ਕਾਰਜਾਂ ਦੀ ਬਜਾਏ ਇਸ਼ਤਿਹਾਰਬਾਜ਼ੀ ਅਤੇ ਰਾਜਨੀਤਿਕ ਪ੍ਰਚਾਰ ’ਤੇ ਕੇਂਦਰਿਤ ਹੈ। ਸੂਦ ਨੇ ਕਿਹਾ ਕਿ ਨੁਕਸਾਨ ਘਟਾਉਣ ਲਈ ਹੁਣ ਨੀਲੇ ਕਾਰਡ ਧਾਰਕਾਂ ਨੂੰ ਕਣਕ ਦੇ ਨਾਲ ਦਾਲ, ਖੰਡ, ਤੇਲ ਅਤੇ ਨਮਕ ਦੇਣ ਦੀਆਂ ਯੋਜਨਾਵਾਂ ਦਾ ਐਲਾਨ ਕੀਤਾ ਜਾ ਰਿਹਾ ਹੈ, ਜਿਸ ਨੂੰ ਲੋਕ ਚੋਣੀ ਲਾਭ ਲਈ ਚੁੱਕਿਆ ਕਦਮ ਮੰਨ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਵਿੱਤੀ ਸਥਿਤੀ ਪਹਿਲਾਂ ਹੀ ਨਾਜ਼ੁਕ ਹੈ ਅਤੇ ਇਸ ਤਰ੍ਹਾਂ ਦੀਆਂ ਘੋਸ਼ਣਾਵਾਂ ਨਾਲ ਸੂਬੇ ’ਤੇ ਹੋਰ ਬੋਝ ਪਵੇਗਾ। ਸੂਦ ਨੇ ਦਾਅਵਾ ਕੀਤਾ ਕਿ ਔਰਤਾਂ ਨੂੰ ਪਿਛਲੇ 50 ਮਹੀਨਿਆਂ ਦੌਰਾਨ ਕੋਈ ਆਰਥਿਕ ਸਹਾਇਤਾ ਨਹੀਂ ਮਿਲੀ ਅਤੇ ਹੁਣ ਜੇਕਰ ਸਰਕਾਰ ਚੋਣਾਂ ਤੋਂ ਪਹਿਲਾਂ ਇਹ ਰਕਮ ਦੇਣ ਦੀ ਕੋਸ਼ਿਸ਼ ਵੀ ਕਰੇਗੀ ਤਾਂ ਲੋਕ ਇਸਨੂੰ ਕਬੂਲ ਨਹੀਂ ਕਰਨਗੇ। ਸੂਦ ਨੇ ਕਿਹਾ ਕਿ ਪੰਜਾਬ ਵਿੱਚ ਅਜੇ ਤੱਕ ਪੂਰੀ ਤਰ੍ਹਾਂ ਲਾਗੂ ਨਾ ਹੋਈਆਂ ਯੋਜਨਾਵਾਂ ਦਾ ਆਮ ਆਦਮੀ ਪਾਰਟੀ ਵਲੋਂ ਦੂਜੇ ਰਾਜਾਂ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਤਰ੍ਹਾਂ ਦੀ ਰਾਜਨੀਤੀ ਨਾਲ 2027 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਕੋਈ ਲਾਭ ਨਹੀਂ ਹੋਵੇਗਾ।