ਨਸ਼ਾ ਤਸਕਰਾਂ ਖ਼ਿਲਾਫ਼ ਸ਼ਿਕੰਜਾ: ਦੋ ਨੌਜਵਾਨ ਕਾਬੂ
ਹੁਸ਼ਿਆਰਪੁਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸ਼ਿਕੰਜਾ: ਦੋ ਨੌਜਵਾਨ ਕਾਬੂ, ਨਸ਼ੀਲੀਆਂ ਗੋਲੀਆਂ ਅਤੇ ਨਸ਼ਾ ਕਰਨ ਦਾ ਸਾਮਾਨ ਬਰਾਮਦ
Publish Date: Tue, 24 Feb 2026 07:12 PM (IST)
Updated Date: Wed, 25 Feb 2026 04:10 AM (IST)

ਨਸ਼ੀਲੀਆਂ ਗੋਲੀਆਂ ਅਤੇ ਨਸ਼ਾ ਕਰਨ ਦਾ ਸਾਮਾਨ ਬਰਾਮਦ ਸਟਾਫ ਰਿਪੋਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਵਿਰੋਧੀ ਚਲਾਈ ਗਈ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਬੁੱਲੋਵਾਲ ਦੀ ਪੁਲਿਸ ਪਾਰਟੀ ਵੱਲੋਂ ਏ.ਐਸ.ਆਈ. ਦੀ ਅਗਵਾਈ ਹੇਠ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੌਰਾਨ ਪਿੰਡ ਤਲਵੰਡੀ ਅਰਾਇਆ ਦੇ ਬੱਸ ਸਟੈਂਡ ਕੋਲੋਂ ਇੱਕ ਨੌਜਵਾਨ ਨੂੰ ਕਾਬੂ ਕੀਤਾ ਗਿਆ। ਪੁਲਿਸ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਬੱਸ ਸਟੈਂਡ ਕੋਲ ਪੁੱਜੀ ਤਾਂ ਉੱਥੇ ਬੈਠਾ ਇੱਕ ਵਿਅਕਤੀ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਅਤੇ ਉੱਥੋਂ ਖਿਸਕਣ ਦੀ ਕੋਸ਼ਿਸ਼ ਕਰਨ ਲੱਗਾ। ਪੁਲਿਸ ਮੁਲਾਜ਼ਮਾਂ ਨੇ ਮੁਸਤੈਦੀ ਦਿਖਾਉਂਦੇ ਹੋਏ ਉਸ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਦੀ ਲੋਅਰ ਦੀ ਜੇਬ ਵਿੱਚੋਂ ਇੱਕ ਮੋਮੀ ਲਿਫਾਫਾ ਬਰਾਮਦ ਹੋਇਆ, ਜਿਸ ਵਿੱਚੋਂ 85 ਚਿੱਟੇ ਰੰਗ ਦੀਆਂ ਬਿਨਾਂ ਮਾਰਕਾ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਫੜੇ ਗਏ ਮੁਲਜ਼ਮ ਦੀ ਪਛਾਣ ਅਮਿਤ ਪਾਲ ਪੁੱਤਰ ਰਾਜ ਮੋਹਨ ਵਾਸੀ ਪੰਡੋਰੀ ਫੂੰਗੜੇ ਵਜੋਂ ਹੋਈ ਹੈ। ਬਾਕਸ-- ਨਸ਼ੇ ਦਾ ਸੇਵਨ ਕਰਦਾ ਨੌਜਵਾਨ ਰੰਗੇ ਹੱਥੀਂ ਗ੍ਰਿਫ਼ਤਾਰ ਇੱਕ ਹੋਰ ਮਾਮਲੇ ਵਿੱਚ, ਸਿਟੀ ਪੁਲਿਸ ਹੁਸ਼ਿਆਰਪੁਰ ਦੇ ਏ.ਐਸ.ਆਈ. ਨਾਨਕ ਸਿੰਘ ਦੀ ਟੀਮ ਵੱਲੋਂ ਹਰਮਨਜੋਤ ਸਿੰਘ ਉਰਫ਼ ਹੈਰੀ ਪੁੱਤਰ ਗੁਰਚਰਨ ਸਿੰਘ, ਵਾਸੀ ਸਰੂਪ ਨਗਰ, ਹੁਸ਼ਿਆਰਪੁਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਅਨੁਸਾਰ, ਜਦੋਂ ਪੁਲਿਸ ਪਾਰਟੀ ਗਸ਼ਤ ਦੌਰਾਨ ਸਟੇਸ਼ਨ ਚੌਕ ਵੱਲ ਜਾ ਰਹੀ ਸੀ, ਤਾਂ ਕਾਰ ਪਾਰਕਿੰਗ ਦੇ ਸਾਈਡ ਲੇਬਰ ਸ਼ੈੱਡ ਵਿੱਚ ਇੱਕ ਨੌਜਵਾਨ ਨਸ਼ੇ ਦਾ ਸੇਵਨ ਕਰਦਾ ਦਿਖਾਈ ਦਿੱਤਾ। ਪੁਲਿਸ ਵੱਲੋਂ ਲਗਾਏ ਗਏ ਦੋਸ਼ਾਂ ਮੁਤਾਬਕ, ਮੁਲਜ਼ਮ ਕੋਲੋਂ ਮੌਕੇ ਤੇ ਇੱਕ ਲਾਈਟਰ, ਨਸ਼ੀਲੇ ਪਦਾਰਥ ਵਾਲੀ ਪੰਨੀ ਅਤੇ 10 ਰੁਪਏ ਦਾ ਰੋਲ ਕੀਤਾ ਹੋਇਆ ਨੋਟ ਬਰਾਮਦ ਹੋਇਆ ਹੈ।