ਕਲਾਕਾਰਾਂ ਤੇ ਕਾਰੋਬਾਰੀਆਂ ਨੂੰ ਮਿਲ ਰਹੀਆਂ ਧਮਕੀਆਂ ਪ੍ਰਤੀ ਉਦਾਸੀਨਤਾ ਚਿੰਤਾਜਨਕ : ਸੂਦ
ਉੱਘੇ ਕਲਾਕਾਰਾਂ ਅਤੇ ਕਾਰੋਬਾਰੀਆਂ ਨੂੰ ਮਿਲ ਰਹੀਆਂ ਧਮਕੀਆਂ ਪ੍ਰਤੀ ਸਰਕਾਰ ਦੀ ਉਦਾਸੀਨਤਾ ਚਿੰਤਾਜਨਕ: ਤੀਕਸ਼ਣ ਸੂਦ
Publish Date: Thu, 26 Feb 2026 04:48 PM (IST)
Updated Date: Fri, 27 Feb 2026 04:04 AM (IST)

ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸਾਬਕਾ ਪੰਜਾਬ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਤੀਕਸ਼ਣ ਸੂਦ ਨੇ ਪੰਜਾਬ ਵਿੱਚ ਉੱਘੇ ਕਲਾਕਾਰਾਂ ਅਤੇ ਕਾਰੋਬਾਰੀਆਂ ਨੂੰ ਮਿਲ ਰਹੀਆਂ ਧਮਕੀਆਂ ਨੂੰ ਗੰਭੀਰ ਮਸਲਾ ਕਰਾਰ ਦਿੰਦਿਆਂ ਕਿਹਾ ਹੈ ਕਿ ਸਰਕਾਰ ਦੀ ਕਥਿਤ ਉਦਾਸੀਨਤਾ ਕਾਰਨ ਰਾਜ ਵਿੱਚ ਡਰ ਦਾ ਮਾਹੌਲ ਬਣ ਰਿਹਾ ਹੈ ਅਤੇ ਪੰਜਾਬ ਦੇ ਸ਼ੁਭਚਿੰਤਕ ਰਾਜ ਤੋਂ ਮੂੰਹ ਮੋੜ ਰਹੇ ਹਨ। ਤੀਕਸ਼ਣ ਸੂਦ ਨੇ ਕਿਹਾ ਕਿ ਪੰਜਾਬ ਇਸ ਵੇਲੇ ਕਾਨੂੰਨ ਵਿਵਸਥਾ ਦੇ ਮਾਮਲੇ ਵਿੱਚ ਕਥਿਤ ਤੌਰ ਤੇ ਬਹੁਤ ਮਾੜੇ ਦੌਰ ਵਿੱਚੋਂ ਲੰਘ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੱਤਵਾਦੀ ਅਤੇ ਗੈਂਗਸਟਰ ਤੱਤਾਂ ਦਾ ਮਨੋਬਲ ਵਧਿਆ ਹੈ। ਥਾਣਿਆਂ ‘ਤੇ ਹਮਲੇ ਹੋ ਰਹੇ ਹਨ ਅਤੇ ਪੁਲਿਸ ਮੁਲਾਜ਼ਮਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਨ ਵਧਾਉਣ ਵਾਲੇ ਕਲਾਕਾਰਾਂ, ਖਿਡਾਰੀਆਂ ਅਤੇ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਕੇ ਧਮਕੀਆਂ ਅਤੇ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਨਾਲ ਵਪਾਰਕ ਅਤੇ ਸੱਭਿਆਚਾਰਕ ਮਾਹੌਲ ਪ੍ਰਭਾਵਿਤ ਹੋ ਰਿਹਾ ਹੈ। ਕਬੱਡੀ ਖਿਡਾਰੀਆਂ ਦੇ ਕਤਲ ਅਤੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਦਿਨ ਦਿਹਾੜੇ ਕਤਲ ਵਰਗੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਸਭ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕਰਦਾ ਹੈ। ਤੀਕਸ਼ਣ ਸੂਦ ਨੇ ਦਾਅਵਾ ਕੀਤਾ ਕਿ ਹਾਲ ਹੀ ਵਿੱਚ ਪ੍ਰਸਿੱਧ ਪੰਜਾਬੀ ਕਲਾਕਾਰ ਗਿੱਪੀ ਗਰੇਵਾਲ, ਜੌਰਡਨ ਸੰਧੂ ਅਤੇ ਪਰਮੀਸ਼ ਵਰਮਾ ਨੂੰ ਵੀ ਧਮਕੀਆਂ ਅਤੇ ਫਿਰੌਤੀ ਦੀ ਮੰਗ ਮਿਲੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਇਨ੍ਹਾਂ ਮਾਮਲਿਆਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਅਤੇ ਕਥਿਤ ਤੌਰ ‘ਤੇ ਸੁਰੱਖਿਆ ਘਟਾਉਣ ਵਰਗੇ ਕਦਮ ਚੁੱਕੇ ਗਏ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਹਾਲਾਤਾਂ ਵਿੱਚ ਸੁਧਾਰ ਨਾ ਆਇਆ ਤਾਂ ਪੰਜਾਬ ਕਲਾਕਾਰਾਂ, ਖਿਡਾਰੀਆਂ ਅਤੇ ਨਿਵੇਸ਼ਕਾਂ ਲਈ ਅਸੁਰੱਖਿਅਤ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਤੁਰੰਤ ਕੜੇ ਕਦਮ ਚੁੱਕ ਕੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ ਤਾਂ ਜੋ ਲੋਕਾਂ ਵਿੱਚ ਵਿਸ਼ਵਾਸ ਬਣਿਆ ਰਹੇ।