ਵਿਦਿਆਰਥੀਆਂ ਵੱਲੋਂ ਪਲਾਸਟਿਕ ਮੁਕਤ ਮੁਹਿੰਮ ਤਹਿਤ ਜਾਗਰੂਕਤਾ ਅਭਿਆਨ
ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਪਲਾਸਟਿਕ ਮੁਕਤ ਮੁਹਿੰਮ ਤਹਿਤ ਜਾਗਰੂਕਤਾ ਅਭਿਆਨ
Publish Date: Thu, 26 Feb 2026 05:43 PM (IST)
Updated Date: Fri, 27 Feb 2026 04:07 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਫਾਰਮਾਸਿਊਟੀਕਲ ਸਾਇੰਸਜ਼ ਦੀ ਐਨਐਸਐਸ ਯੂਨਿਟ ਵੱਲੋਂ ਪਿੰਡ ਬੋਹਾਨ ਵਿੱਚ ਪਲਾਸਟਿਕ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕਤਾ ਅਭਿਆਨ ਚਲਾਇਆ ਗਿਆ। ਇਹ ਪ੍ਰੋਗਰਾਮ ਵਾਈਸ ਚਾਂਸਲਰ ਡਾ. ਚੰਦਰ ਮੋਹਨ ਦੀ ਅਗਵਾਈ ਅਤੇ ਪ੍ਰਿੰਸੀਪਲ ਡਾ. ਮਨਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤਾ ਗਿਆ। ਮੁਹਿੰਮ ਦੌਰਾਨ ਐਨਐਸਐਸ ਵਲੰਟੀਅਰਾਂ ਨੇ ਸਿੰਗਲ-ਯੂਜ਼ ਪਲਾਸਟਿਕ ਨਾਲ ਵਾਤਾਵਰਣ ਅਤੇ ਮਨੁੱਖੀ ਸਿਹਤ ਨੂੰ ਹੋਣ ਵਾਲੇ ਨੁਕਸਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਚਾਰਟਾਂ ਅਤੇ ਪੋਸਟਰਾਂ ਰਾਹੀਂ ਵਿਦਿਆਰਥੀਆਂ ਨੇ ਪ੍ਰਦੂਸ਼ਣ ਰੋਕਥਾਮ, ਵਾਤਾਵਰਣ ਸੁਰੱਖਿਆ ਅਤੇ ਪਲਾਸਟਿਕ ਮੁਕਤ ਜੀਵਨ ਸ਼ੈਲੀ ਅਪਣਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਹਾਇਕ ਪ੍ਰੋਫੈਸਰ ਨਮਰਤਾ, ਲੈਕਚਰਾਰ ਗੁਰਲੀਨ ਕੌਰ ਤੇ ਲੈਕਚਰਾਰ ਗੁਰਜੀਤ ਕੌਰ ਨੇ ਪ੍ਰੋਗਰਾਮ ਦਾ ਸੰਚਾਲਨ ਕੀਤਾ। ਪਿੰਡ ਦੇ ਸਰਪੰਚ ਗੁਰਚਰਨ ਸਿੰਘ, ਪੰਚਾਇਤ ਮੈਂਬਰਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਜਾਗਰੂਕਤਾ ਰੈਲੀ ਵੀ ਕੱਢੀ ਗਈ। ਰੈਲੀ ਦੌਰਾਨ ਲੋਕਾਂ ਨੂੰ ਕੱਪੜੇ ਦੇ ਥੈਲਿਆਂ ਦੀ ਵਰਤੋਂ ਕਰਨ, ਘਰੇਲੂ ਰਹਿੰਦ-ਖੂੰਹਦ ਨੂੰ ਵੱਖ-ਵੱਖ ਇਕੱਠਾ ਕਰਨ ਅਤੇ ਰੀਸਾਈਕਲਿੰਗ ਦੀ ਆਦਤ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਵਿਦਿਆਰਥੀਆਂ ਨੇ ਪਲਾਸਟਿਕ ਪ੍ਰਦੂਸ਼ਣ ਨੂੰ ਰੋਕਣ ਲਈ ਸਮੂਹਕ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ।