ਨਸ਼ਿਆਂ ਵਿਰੁੱਧ ਕਾਰਵਾਈ: ਚੱਬੇਵਾਲ ਤੇ ਮਾਹਿਲਪੁਰ ਤੋਂ 2 ਕਾਬੂ
ਹੁਸ਼ਿਆਰਪੁਰ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਕਾਰਵਾਈ: ਚੱਬੇਵਾਲ ਅਤੇ ਮਾਹਿਲਪੁਰ ਤੋਂ ਦੋ ਕਾਬੂ
Publish Date: Thu, 26 Feb 2026 06:39 PM (IST)
Updated Date: Fri, 27 Feb 2026 04:08 AM (IST)

ਸਟਾਫ ਰਿਪੋਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਚੱਬੇਵਾਲ ਅਤੇ ਥਾਣਾ ਮਾਹਿਲਪੁਰ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਥਿਤ ਤੌਰ ਤੇ ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਵਿਰੁੱਧ ਐੱਨਡੀਪੀਐੱਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮੁਕੱਦਮੇ ਦਰਜ ਕਰ ਲਏ ਹਨ। ਬਾਕਸ-- 38 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਗ੍ਰਿਫ਼ਤਾਰ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਚੱਬੇਵਾਲ ਦੇ ਏਐੱਸਆਈ ਗੁਰਮਿੰਦਰ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਲਿੰਕ ਰੋਡ ਭੀਲੋਵਾਲ ਵੱਲ ਜਾ ਰਹੇ ਸਨ। ਇਸੇ ਦੌਰਾਨ ਸਾਹਮਣੇ ਤੋਂ ਇੱਕ ਪਲਟੀਨਾ ਮੋਟਰਸਾਈਕਲ ਤੇ ਸਵਾਰ ਇੱਕ ਨੌਜਵਾਨ ਆ ਰਿਹਾ ਸੀ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਪਿੱਛੇ ਮੁੜਨ ਦੀ ਕੋਸ਼ਿਸ਼ ਕਰਨ ਲੱਗਾ। ਪੁਲਿਸ ਨੇ ਸ਼ੱਕ ਦੇ ਆਧਾਰ ਤੇ ਉਕਤ ਨੌਜਵਾਨ ਨੂੰ ਕਾਬੂ ਕੀਤਾ, ਜਿਸ ਦੀ ਪਛਾਣ ਵਿਪਨ ਕੁਮਾਰ ਪੁੱਤਰ ਹਰੀ ਪਾਲ, ਵਾਸੀ ਪਿੰਡ ਬਾੜੀਆ ਖੁਰਦ ਵਜੋਂ ਹੋਈ। ਪੁਲਿਸ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਮੁਲਜ਼ਮ ਪਾਸੋਂ 38 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਕਥਿਤ ਤੌਰ ਤੇ ਬਰਾਮਦ ਹੋਈਆਂ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਬਾਕਸ-- ਨਸ਼ੇ ਦਾ ਸੇਵਨ ਕਰਦੇ ਨੌਜਵਾਨ ਨੂੰ ਹੈਰੋਇਨ ਸਮੇਤ ਦਬੋਚਿਆ ਇੱਕ ਹੋਰ ਮਾਮਲੇ ਵਿੱਚ ਥਾਣਾ ਮਾਹਿਲਪੁਰ ਦੀ ਪੁਲਿਸ ਨੇ ਇੱਕ ਨੌਜਵਾਨ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਏਐੱਸਆਈ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਗਸ਼ਤ ਕਰ ਰਹੀ ਸੀ, ਜਦੋਂ ਪੁਲਿਸ ਪਾਰਟੀ ਪਿੰਡ ਕੋਟਫਤੂਹੀ ਤੋਂ ਮੰਨਣਹਾਨਾ ਲਿੰਕ ਰੋਡ ਤੇ ਪੁੱਜੀ, ਤਾਂ ਚੋਈ ਦੇ ਨੇੜੇ ਝਾੜੀਆਂ ਵਿੱਚ ਇੱਕ ਨੌਜਵਾਨ ਕਥਿਤ ਤੌਰ ਤੇ ਨਸ਼ੇ ਦਾ ਸੇਵਨ ਕਰਦਾ ਦਿਖਾਈ ਦਿੱਤਾ। ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਨੌਜਵਾਨ ਨੂੰ ਕਾਬੂ ਕੀਤਾ, ਜਿਸ ਨੇ ਆਪਣਾ ਨਾਮ ਗੁਰਵਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ, ਵਾਸੀ ਮੰਨਣਹਾਨਾ ਦੱਸਿਆ। ਪੁਲਿਸ ਅਨੁਸਾਰ ਮੁਲਜ਼ਮ ਦੀ ਤਲਾਸ਼ੀ ਲੈਣ ਤੇ ਉਸ ਪਾਸੋਂ ਸਿਲਵਰ ਪੇਪਰ (ਜਿਸ ਤੇ ਹੈਰੋਇਨ ਲੱਗੀ ਹੋਈ ਸੀ), ਇੱਕ ਲਾਈਟਰ, ਇੱਕ ਬੋਤਲ ਦਾ ਢੱਕਣ ਅਤੇ ਰੋਲ ਕੀਤਾ ਹੋਇਆ ਸਿਲਵਰ ਪੇਪਰ ਬਰਾਮਦ ਹੋਇਆ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।