ਕੇਜਰੀਵਾਲ ਤੇ ਸਿਸੋਦੀਆ ਦੇ ਬਰੀ ਹੋਣ ’ਤੇ ‘ਆਪ’ ਆਗੂਆਂ ’ਚ ਖੁਸ਼ੀ ਦੀ ਲਹਿਰ, ਦੱਸਿਆ ਸੱਚ ਦੀ ਜਿੱਤ
ਸ਼ਰਾਬ ਨੀਤੀ ਕੇਸ 'ਚ ਕੇਜਰੀਵਾਲ ਤੇ ਸਿਸੋਦੀਆ ਦੇ ਬਰੀ ਹੋਣ 'ਤੇ ਹੁਸ਼ਿਆਰਪੁਰ ਦੇ ‘ਆਪ’ ਆਗੂਆਂ
Publish Date: Fri, 27 Feb 2026 06:30 PM (IST)
Updated Date: Fri, 27 Feb 2026 06:31 PM (IST)

- ਰਾਜਨੀਤਿਕ ਬਦਲੇ ਦੀ ਰਾਜਨੀਤੀ ਨਾਕਾਮ, ਹੁਸ਼ਿਆਰਪੁਰ ਦੇ ਆਗੂਆਂ ਦੀ ਪ੍ਰਤੀਕਿਰਿਆ ਸੰਜੀਵ ਸੂਦ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਵੱਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ, ਦਿੱਲੀ, ਮਨੀਸ਼ ਸਿਸੋਦੀਆ ਨੂੰ 2022 ਦੀ ਆਬਕਾਰੀ ਨੀਤੀ ਨਾਲ ਸਬੰਧਿਤ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਬਰੀ ਕੀਤੇ ਜਾਣ ਤੋਂ ਬਾਅਦ ਹੁਸ਼ਿਆਰਪੁਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਪਾਰਟੀ ਆਗੂਆਂ ਨੇ ਇਸ ਫੈਸਲੇ ਨੂੰ ਸੱਚ ਅਤੇ ਇਮਾਨਦਾਰੀ ਦੀ ਜਿੱਤ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਪਾਰਟੀ ਦੇ ਹੌਸਲੇ ਬੁਲੰਦ ਹੋਏ ਹਨ ਅਤੇ ਵਰਕਰਾਂ ਵਿੱਚ ਨਵਾਂ ਜੋਸ਼ ਪੈਦਾ ਹੋਇਆ ਹੈ। ਆਗੂਆਂ ਨੇ ਕਿਹਾ ਕਿ ਲੰਬੇ ਸਮੇਂ ਤਕ ਚੱਲੇ ਇਸ ਮਾਮਲੇ ਦੌਰਾਨ ਪਾਰਟੀ ਦੇ ਕੌਮੀ ਨੇਤ੍ਰਿਤਵ ਨੂੰ ਰਾਜਨੀਤਿਕ ਤੌਰ ‘ਤੇ ਨਿਸ਼ਾਨਾ ਬਣਾਇਆ ਗਿਆ ਅਤੇ ਪਾਰਟੀ ਦੀ ਛਵੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦਾ ਕਹਿਣਾ ਸੀ ਕਿ ਅਦਾਲਤ ਦੇ ਤਾਜ਼ਾ ਫੈਸਲੇ ਨਾਲ ਸਾਬਤ ਹੋ ਗਿਆ ਹੈ ਕਿ ਕਥਿਤ ਦੋਸ਼ ਅਦਾਲਤੀ ਪੜਤਾਲ ਵਿੱਚ ਕਾਇਮ ਨਹੀਂ ਰਹੇ। ਉਨ੍ਹਾਂ ਕਿਹਾ ਕਿ ਇਹ ਫੈਸਲਾ ਨਾ ਸਿਰਫ਼ ਦੋਵੇਂ ਆਗੂਆਂ ਲਈ ਵੱਡੀ ਰਾਹਤ ਹੈ, ਸਗੋਂ ਪਾਰਟੀ ਦੀ ਇਮਾਨਦਾਰ ਰਾਜਨੀਤੀ ਦੀ ਪੁਸ਼ਟੀ ਵੀ ਕਰਦਾ ਹੈ। ਪੰਜਾਬ ਦੇ ਕੈਬਿਨਟ ਮੰਤਰੀ ਡਾ. ਰਵਜੋਤ ਸਿੰਘ ਨੇ ਅਦਾਲਤੀ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਸੱਚਾਈ ਦੀ ਸਪੱਸ਼ਟ ਜਿੱਤ ਹੈ। ਉਨ੍ਹਾਂ ਕਿਹਾ ਕਿ ਭਾਜਪਾ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਕਥਿਤ ਤੌਰ ’ਤੇ ਫਰਜ਼ੀ ਸ਼ਰਾਬ ਘੁਟਾਲੇ ਦਾ ਮਾਮਲਾ ਬਣਾ ਕੇ ਆਮ ਆਦਮੀ ਪਾਰਟੀ ਦੇ ਕੌਮੀ ਆਗੂਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦਾਅਵਾ ਕੀਤਾ ਕਿ ਲੰਬੇ ਸਮੇਂ ਤਕ ਜੇਲ੍ਹ ਵਿੱਚ ਰੱਖ ਕੇ ਪਾਰਟੀ ਨੂੰ ਕਮਜ਼ੋਰ ਕਰਨ ਦੀ ਯੋਜਨਾ ਬਣਾਈ ਗਈ ਸੀ, ਪਰ ਅਦਾਲਤ ਨੇ ਸਾਰੇ ਤੱਥਾਂ ਦੀ ਗਹਿਰਾਈ ਨਾਲ ਜਾਂਚ ਕਰਦਿਆਂ ਸੱਚਾਈ ਨੂੰ ਸਾਹਮਣੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਹੱਕ, ਸੱਚ ਅਤੇ ਇਮਾਨਦਾਰੀ ਦੇ ਹੱਕ ਵਿੱਚ ਆਇਆ ਹੈ ਅਤੇ ਪਾਰਟੀ ਵਰਕਰਾਂ ਲਈ ਹੌਸਲਾ ਵਧਾਉਣ ਵਾਲਾ ਹੈ। ਇਸ ਦੌਰਾਨ ਹਲਕਾ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਵੀ ਅਦਾਲਤੀ ਫੈਸਲੇ ਦਾ ਸਵਾਗਤ ਕਰਦਿਆਂ ਦੋਵੇਂ ਆਗੂਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਦਾਲਤ ਦੇ ਫੈਸਲੇ ਨੇ ਸੱਚਾਈ ਨੂੰ ਸਾਹਮਣੇ ਲਿਆ ਦਿੱਤਾ ਹੈ ਅਤੇ ਇਹ ਨਿਆਂ ਪ੍ਰਣਾਲੀ ’ਤੇ ਲੋਕਾਂ ਦੇ ਭਰੋਸੇ ਨੂੰ ਮਜ਼ਬੂਤ ਕਰਦਾ ਹੈ। ਇਸ ਮੌਕੇ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ‘ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ। ਇਨਸਾਫ ਵਿੱਚ ਦੇਰੀ ਹੋ ਸਕਦੀ ਹੈ ਪਰ ਇਨਸਾਫ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।’ ਉਨ੍ਹਾਂ ਕਿਹਾ ਕਿ ਅਦਾਲਤ ਵੱਲੋਂ ਝੂਠੇ ਅਤੇ ਮਨਘੜਤ ਦੋਸ਼ਾਂ ਤੋਂ ਬਰੀ ਕਰ ਦਿੱਤਾ ਜਾਣਾ ਸਾਬਤ ਕਰਦਾ ਹੈ ਕਿ ਆਮ ਆਦਮੀ ਪਾਰਟੀ ਦੀ ਇਮਾਨਦਾਰ ਰਾਜਨੀਤੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਛੋਟੇ ਸਮੇਂ ਦੀ ਰਾਜਨੀਤੀ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਸਾਖ ਨੂੰ ਦਾਅ ’ਤੇ ਲਾਇਆ ਗਿਆ। ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ‘ਸਾਂਚ ਕੋ ਆਂਚ ਨਹੀਂ’ ਅਤੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਸੀ ਕਿ ਅਖੀਰ ਵਿੱਚ ਸੱਚ ਦੀ ਹੀ ਜਿੱਤ ਹੋਵੇਗੀ। ਉਨ੍ਹਾਂ ਕਿਹਾ ਕਿ ਰਾਜਨੀਤਿਕ ਪ੍ਰੇਰਨਾ ਨਾਲ ਕੇਸ ਦਰਜ ਕਰ ਕੇ ਪਾਰਟੀ ਨੂੰ ਤੋੜਨ ਅਤੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਅਖੀਰਕਾਰ ਸੱਚ ਸਾਹਮਣੇ ਆ ਹੀ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਦੇਸ਼ ਦੀ ਲੋਕਤੰਤਰਕ ਪ੍ਰਣਾਲੀ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰੇਗਾ। ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਇਹ ਫੈਸਲਾ ਦਰਸਾਉਂਦਾ ਹੈ ਕਿ ਸੱਚ ਨੂੰ ਕੁਝ ਸਮੇਂ ਲਈ ਦਬਾਇਆ ਜਾ ਸਕਦਾ ਹੈ, ਪਰ ਕਦੇ ਹਰਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਲੱਖਾਂ ਲੋਕਾਂ ਦੀਆਂ ਦੁਆਵਾਂ ਅਤੇ ਸਮਰਥਨ ਨਾਲ ਦੋਵੇਂ ਆਗੂ ਬਰੀ ਹੋਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਅੰਦਰ ਖੁਸ਼ੀ ਦੀ ਲਹਿਰ ਹੈ ਅਤੇ ਵਰਕਰ ਇਸਨੂੰ ਇਤਿਹਾਸਕ ਫੈਸਲਾ ਮੰਨ ਰਹੇ ਹਨ। ਪਾਰਟੀ ਆਗੂਆਂ ਨੇ ਕਿਹਾ ਕਿ ਅਦਾਲਤ ਦੇ ਇਸ ਫੈਸਲੇ ਨਾਲ ਆਮ ਆਦਮੀ ਪਾਰਟੀ ਹੋਰ ਮਜ਼ਬੂਤੀ ਨਾਲ ਲੋਕਾਂ ਦੇ ਮੁੱਦਿਆਂ ਲਈ ਸੰਘਰਸ਼ ਕਰੇਗੀ ਅਤੇ ਸੱਚਾਈ ਅਤੇ ਪਾਰਦਰਸ਼ੀ ਸ਼ਾਸਨ ਦੇ ਅਜੰਡੇ ਨੂੰ ਅੱਗੇ ਵਧਾਏਗੀ। ਉਨ੍ਹਾਂ ਨੇ ਸਮੂਹ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਦਿਨ ਪਾਰਟੀ ਲਈ ਇਤਿਹਾਸਕ ਮਹੱਤਵ ਰੱਖਦਾ ਹੈ। - ਸ਼ਰਾਬ ਨੀਤੀ ਮਾਮਲੇ ’ਚ ਕੇਜਰੀਵਾਲ ਸਮੇਤ 23 ਦੋਸ਼ੀ ਬਰੀ ਦੱਸਣਯੋਗ ਹੈ ਕਿ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸ਼ਰਾਬ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਸਮੇਤ ਸਾਰੇ 23 ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ ਕਿਸੇ ਵੀ ਵਿਅਕਤੀ ਖ਼ਿਲਾਫ਼ ਦੋਸ਼ ਤੈਅ ਕਰਨ ਤੋਂ ਇਨਕਾਰ ਕਰਦੇ ਹੋਏ ਸੈਂਟਰ ਬਿਊਰੋ ਆਫ ਇਨਵੈਸਟੀਗੇਸ਼ਨ ਦੀ ਜਾਂਚ ਪ੍ਰਕਿਰਿਆ ਨੂੰ ਖਾਮੀਪੂਰਨ ਕਰਾਰ ਦਿੱਤਾ।