ਯੂਥ ਕਾਂਗਰਸੀਆਂ ’ਤੇ ਪੁਲਿਸ ਕਾਰਵਾਈ ਗ਼ਲਤ : ਸਮਿਆਲ
ਯੂਥ ਕਾਂਗਰਸੀਆਂ ’ਤੇ ਪੁਲਿਸ ਕਾਰਵਾਈ ਗ਼ਲਤ - ਸਚਿਨ ਸਮਿਆਲ
Publish Date: Sat, 28 Feb 2026 05:31 PM (IST)
Updated Date: Sun, 01 Mar 2026 04:05 AM (IST)

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਯੂਥ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ’ਤੇ ਦਿੱਲੀ ਵਿੱਚ ਹੋਈ ਪੁਲਿਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਹਲਕਾ ਮੁਕੇਰੀਆਂ ਦੇ ਸਾਬਕਾ ਯੂਥ ਕਾਂਗਰਸ ਪ੍ਰਧਾਨ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਸਚਿਨ ਸਮਿਆਲ ਨੇ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਲੋਕਤੰਤਰੀ ਅਧਿਕਾਰ ਹੈ ਅਤੇ ਇਸਨੂੰ ਕਦੇ ਵੀ ਜ਼ੁਰਮ ਦੀ ਸ਼੍ਰੇਣੀ ਵਿੱਚ ਨਹੀਂ ਰੱਖਿਆ ਜਾ ਸਕਦਾ। ਸਚਿਨ ਸਮਿਆਲ ਨੇ ਕਿਹਾ ਕਿ ਏਆਈ ਸ਼ਿਖਰ ਸੰਮੇਲਨ ਦੌਰਾਨ ਯੂਥ ਕਾਂਗਰਸੀਆਂ ਵੱਲੋਂ ਕੀਤੇ ਗਏ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਦੇ ਸੰਬੰਧ ਵਿੱਚ ਦਿੱਲੀ ਪੁਲਿਸ ਵੱਲੋਂ ਆਈਵਾਈਸੀ ਦੇ ਪ੍ਰਧਾਨ ਸਮੇਤ ਵਰਕਰਾਂ ਨੂੰ ਹਿਰਾਸਤ ਵਿੱਚ ਲੈਣਾ ਬਹੁਤ ਹੀ ਮੰਦਭਾਗਾ ਅਤੇ ਲੋਕਤੰਤਰ ਵਿਰੋਧੀ ਕਦਮ ਹੈ। ਉਨ੍ਹਾਂ ਨਸੀਹਤ ਦਿੱਤੀ ਕਿ ਕੇਂਦਰ ਸਰਕਾਰ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਵਿਰੋਧ ਪ੍ਰਦਰਸ਼ਨ ਲੋਕਤੰਤਰ ਦੀ ਆਤਮਾ ਹੁੰਦਾ ਹੈ, ਨਾ ਕਿ ਕੋਈ ਜ਼ੁਰਮ। ਸਚਿਨ ਸਮਿਆਲ ਨੇ ਕਿਹਾ ਕਿ ਯੂਥ ਕਾਂਗਰਸ ਦੇ ਵਰਕਰਾਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਹਿੰਮਤ ਅਤੇ ਸੱਚਾਈ ਨਾਲ ਜਨਤਾ ਸਾਹਮਣੇ ਰੱਖਿਆ ਹੈ ਤੇ ਇਹ ਪ੍ਰਦਰਸ਼ਨ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਕੀਤਾ ਗਿਆ ਸੀ ਅਤੇ ਕਿਸੇ ਵੀ ਤਰ੍ਹਾਂ ਦੀ ਹਿੰਸਾ ਨੂੰ ਨਾ ਤਾਂ ਭੜਕਾਇਆ ਗਿਆ ਅਤੇ ਨਾ ਹੀ ਉਸ ਦੀ ਕੋਸ਼ਿਸ਼ ਕੀਤੀ ਗਈ। ਇਸ ਦੇ ਬਾਵਜੂਦ ਵਰਕਰਾਂ ਨੂੰ ਹਿਰਾਸਤ ਵਿੱਚ ਲੈਣਾ ਗੈਰ-ਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਨੂੰ ਲੋਕਤੰਤਰੀ ਮਰਿਆਦਾ ਤੋਂ ਦੂਰ ਕਰਕੇ ਤਾਨਾਸ਼ਾਹੀ ਵੱਲ ਧੱਕ ਰਹੀ ਹੈ। ਯੂਥ ਕਾਂਗਰਸ ਨੇ ਸਿਰਫ਼ ਆਪਣੇ ਲੋਕਤੰਤਰੀ ਅਧਿਕਾਰਾਂ ਦੇ ਤਹਿਤ ਛੋਟਾ ਜਿਹਾ ਸ਼ਾਂਤਮਈ ਵਿਰੋਧ ਦਰਜ ਕਰਵਾਇਆ ਹੈ, ਜਿਸ ਨਾਲ ਸਰਕਾਰ ਦੀ ਘਬਰਾਹਟ ਸਾਫ਼ ਨਜ਼ਰ ਆ ਰਹੀ ਹੈ।