ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਮਿਲੇ ਕੇਜਰੀਵਾਲ ਨੂੰ, ਦਿੱਤੀ ਵਧਾਈ
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ; ਦਿੱਤੀ ਵਧਾਈ
Publish Date: Sat, 28 Feb 2026 06:10 PM (IST)
Updated Date: Sun, 01 Mar 2026 04:08 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨੂੰ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਅਦਾਲਤ ਵੱਲੋਂ ਮਿਲੀ ਕਲੀਨ ਚਿੱਟ ਤੇ ਨਿੱਜੀ ਤੌਰ ਤੇ ਵਧਾਈ ਦਿੱਤੀ। ਦੱਸਣਯੋਗ ਹੈ ਕਿ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਸ਼ਰਾਬ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਸਮੇਤ ਸਾਰੇ 23 ਦੋਸ਼ੀਆਂ ਨੂੰ ਸ਼ੁੱਕਰਵਾਰ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ ਕਿਸੇ ਵੀ ਵਿਅਕਤੀ ਖ਼ਿਲਾਫ਼ ਦੋਸ਼ ਤੈਅ ਕਰਨ ਤੋਂ ਇਨਕਾਰ ਕਰਦੇ ਹੋਏ ਕੇਂਦਰੀ ਜਾਂਚ ਬਿਊਰੋ ਦੀ ਜਾਂਚ ਪ੍ਰਕਿਰਿਆ ਨੂੰ ਖਾਮੀਪੂਰਨ ਕਰਾਰ ਦਿੱਤਾ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਅਦਾਲਤ ਦਾ ਇਹ ਫੈਸਲਾ ਕੇਜਰੀਵਾਲ ਦੀ ਇਮਾਨਦਾਰ ਰਾਜਨੀਤੀ ਤੇ ਨਿਆਂਪਾਲਿਕਾ ਦੀ ਪੱਕੀ ਮੋਹਰ ਹੈ। ਉਨ੍ਹਾਂ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸਨੂੰ ਸੱਚ ਅਤੇ ਨਿਆਂ ਦੀ ਜਿੱਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸਾਬਤ ਕਰਦਾ ਹੈ ਕਿ ਝੂਠ ਅਤੇ ਸਾਜ਼ਿਸ਼ਾਂ ਜ਼ਿਆਦਾ ਸਮੇਂ ਤੱਕ ਕਾਇਮ ਨਹੀਂ ਰਹਿ ਸਕਦੀਆਂ। ਕੈਬਨਿਟ ਮੰਤਰੀ ਨੇ ਵਿਰੋਧੀਆਂ, ਖਾਸ ਕਰਕੇ ਭਾਜਪਾ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਕਥਿਤ ਤੌਰ ਤੇ ਬਦਨਾਮ ਕਰਨ ਲਈ ਰਚੀਆਂ ਗਈਆਂ ਨਕਾਰਾਤਮਕ ਸਾਜ਼ਿਸ਼ਾਂ ਪੂਰੀ ਤਰ੍ਹਾਂ ਬੇਨਕਾਬ ਹੋ ਗਈਆਂ ਹਨ। ਉਨ੍ਹਾਂ ਦੋਹਰਾਇਆ ਕਿ ਪਾਰਟੀ ਹਮੇਸ਼ਾ ਪਾਰਦਰਸ਼ਤਾ, ਇਮਾਨਦਾਰੀ ਅਤੇ ਲੋਕ ਸੇਵਾ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਲੀਡਰਸ਼ਿਪ ਨੇ ਹਰ ਚੁਣੌਤੀ ਦਾ ਡਟ ਕੇ ਸਾਹਮਣਾ ਕੀਤਾ ਹੈ ਤੇ ਇਹ ਫੈਸਲਾ ਨਾ ਸਿਰਫ਼ ਲੀਡਰਸ਼ਿਪ ਦੀ ਇਮਾਨਦਾਰੀ ਦੀ ਜਿੱਤ ਹੈ, ਸਗੋਂ ਲੋਕਤੰਤਰ ਅਤੇ ਨਿਆਂ ਪ੍ਰਣਾਲੀ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਵੀ ਮਜ਼ਬੂਤ ਕਰਦਾ ਹੈ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਸੱਚਾਈ ਨੂੰ ਕੁਝ ਸਮੇਂ ਲਈ ਪਰੇਸ਼ਾਨ ਕੀਤਾ ਜਾ ਸਕਦਾ ਹੈ ਪਰ ਇਸ ਨੂੰ ਹਰਾਇਆ ਨਹੀਂ ਜਾ ਸਕਦਾ।