ਡਾ. ਮਨਦੀਪ ਕਮਲ ਨੇ ਸਿਵਲ ਸਰਜਨ ਵਜੋਂ ਸੰਭਾਲਿਆ ਅਹੁਦਾ
ਡਾ. ਮਨਦੀਪ ਕਮਲ ਨੇ ਸਿਵਲ ਸਰਜਨ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ
Publish Date: Sun, 01 Mar 2026 05:43 PM (IST)
Updated Date: Mon, 02 Mar 2026 04:05 AM (IST)

ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਡਾ. ਮਨਦੀਪ ਕਮਲ ਨੇ ਐਤਵਾਰ ਨੂੰ ਸਿਵਲ ਸਰਜਨ ਹੁਸ਼ਿਆਰਪੁਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਹ ਨਿਯੁਕਤੀ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਹੁਕਮਾਂ ਅਨੁਸਾਰ 28 ਫਰਵਰੀ 2026 ਨੂੰ ਸਿਵਲ ਸਰਜਨ ਡਾ. ਬਲਬੀਰ ਕੁਮਾਰ ਦੀ ਸੇਵਾਨਿਵ੍ਰਿਤੀ ਉਪਰੰਤ ਕੀਤੀ ਗਈ ਹੈ। ਦਫ਼ਤਰ ਪਹੁੰਚਣ ’ਤੇ ਡਿਪਟੀ ਮੈਡੀਕਲ ਕਮਿਸ਼ਨਰ, ਜ਼ਿਲ੍ਹਾ ਸਿਹਤ ਅਫਸਰ ਡਾ. ਜਤਿੰਦਰ ਭਾਟੀਆ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਣਜੀਤ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ. ਸਵੀਤਾ ਰਾਣਾ, ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਨਵਜੋਤ ਸਿੰਘ ਅਤੇ ਡਾ. ਨੇਹਾ ਪਾਲ, ਸੀਨੀਅਰ ਮੈਡੀਕਲ ਅਫਸਰ ਡਾ. ਰੋਹਿਤ ਬਰੁਟਾ, ਈਐਨਟੀ ਮਾਹਰ ਡਾ. ਰਾਜਵੰਤ ਕੌਰ, ਪੀਏ ਸਤਪਾਲ, ਸ੍ਰੀਮਤੀ ਆਸ਼ਾ ਰਾਣੀ ਸਮੇਤ ਹੋਰ ਸਟਾਫ਼ ਮੈਂਬਰਾਂ ਵੱਲੋਂ ਡਾ. ਮਨਦੀਪ ਕਮਲ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ ਅਤੇ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਵਧਾਈ ਦਿੱਤੀ ਗਈ। ਜਿਕਰਯੋਗ ਹੈ ਕਿ ਡਾ. ਮਨਦੀਪ ਕਮਲ ਤਬਾਦਲੇ ਤੋਂ ਪਹਿਲਾਂ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਮੈਡੀਕਲ ਸੁਪਰਡੈਂਟ ਵਜੋਂ ਸੇਵਾਵਾਂ ਨਿਭਾ ਰਹੇ ਸਨ। ਪ੍ਰਸ਼ਾਸਨਿਕ ਅਤੇ ਕਲੀਨਿਕਲ ਖੇਤਰ ਵਿੱਚ ਉਨ੍ਹਾਂ ਕੋਲ ਵਿਸ਼ਾਲ ਤਜਰਬਾ ਹੈ, ਜਿਸ ਨਾਲ ਜ਼ਿਲ੍ਹੇ ਦੀ ਸਿਹਤ ਪ੍ਰਣਾਲੀ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਹੈ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਮਨਦੀਪ ਕਮਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੌਂਪੀ ਗਈ ਇਸ ਮਹੱਤਵਪੂਰਨ ਜ਼ਿੰਮੇਵਾਰੀ ਨੂੰ ਉਹ ਪੂਰੀ ਨਿਸ਼ਠਾ, ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਨੇ ਕਿਹਾ ਕਿ ਆਮ ਲੋਕਾਂ ਲਈ ਸਰਕਾਰੀ ਸਿਹਤ ਸਹੂਲਤਾਂ ਨੂੰ ਹੋਰ ਪਹੁੰਚਯੋਗ, ਮਿਆਰੀ ਅਤੇ ਪ੍ਰਭਾਵਸ਼ਾਲੀ ਬਣਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ ਤਾਂ ਜੋ ਹਰ ਨਾਗਰਿਕ ਨੂੰ ਨੇੜੇ ਹੀ ਸਮੇਂ-ਸਿਰ ਅਤੇ ਗੁਣਵੱਤਾ ਭਰੀਆਂ ਸਿਹਤ ਸਹੂਲਤਾਂ ਪ੍ਰਾਪਤ ਹੋ ਸਕਣ। ਡਾ. ਮਨਦੀਪ ਕਮਲ ਨੇ ਸਟਾਫ਼ ਨੂੰ ਆਪਸੀ ਸਹਿਯੋਗ ਅਤੇ ਟੀਮਵਰਕ ਨਾਲ ਕੰਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਾਰਿਆਂ ਦੀ ਸਾਂਝੀ ਮਿਹਨਤ ਨਾਲ ਹੀ ਲੋਕਾਂ ਨੂੰ ਉੱਤਮ ਅਤੇ ਭਰੋਸੇਯੋਗ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਦੀਆਂ ਹਨ।