- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਵਲ ਸਰਜਨ ਡਾ. ਮਨਦੀਪ ਕਮਲ ਵੱਲੋਂ ਜ਼ਿਲ੍ਹੇ ਦੇ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਲਈ ਵਿਸ਼ੇਸ਼ ਮੀਟਿੰਗ

ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੀ ਪ੍ਰਧਾਨਗੀ ਹੇਠ ਅੱਜ ਦਫਤਰ ਸਿਵਲ ਸਰਜਨ ਵਿਖੇ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਦੀ ਇੱਕ ਅਹਿਮ ਮੀਟਿੰਗ ਹੋਈ. ਇਸ ਮੀਟਿੰਗ ਦਾ ਮੁੱਖ ਮਕਸਦ ਜ਼ਿਲ੍ਹੇ ਅੰਦਰ ਚੱਲ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕਰਨਾ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਵਿੱਚ ਹੋਰ ਸੁਧਾਰ ਲਿਆਉਣਾ ਸੀ।
ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਬਲਾਕ ਪੱਧਰ ’ਤੇ ਸਪੈਸ਼ਲਿਸਟ ਡਾਕਟਰਾਂ ਅਤੇ ਮੈਡੀਕਲ ਅਫਸਰਾਂ ਦੀ ਉਪਲਬੱਧਤਾ, ਬਲੱਡ ਯੂਨਿਟਾਂ ਦੀ ਕਾਰਗੁਜ਼ਾਰੀ, ਐਬੂਲੈਂਸ ਅਤੇ ਐਮਰਜੈਂਸੀ ਸੇਵਾਵਾਂ, ਮੋਬਾਈਲ ਮੈਡੀਕਲ ਯੂਨਿਟ ਅਤੇ 108 ਐਬੂਲੈਂਸ ਸੇਵਾਵਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਆਮ ਲੋਕਾਂ ਤੱਕ ਸਮੇਂ ਸਿਰ ਅਤੇ ਗੁਣਵੱਤਾਪੂਰਨ ਸਿਹਤ ਸੇਵਾਵਾਂ ਪਹੁੰਚਾਉਣ ਲਈ ਸਿਸਟਮ ਨੂੰ ਹੋਰ ਮਜ਼ਬੂਤ ਅਤੇ ਸੁਚਾਰੂ ਬਣਾਇਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਕਮੀ ਤੁਰੰਤ ਦੂਰ ਕੀਤੀ ਜਾਵੇ।
ਮੀਟਿੰਗ ਦੌਰਾਨ ਓਪੀਡੀ ਖੇਤਰ ਵਿੱਚ ਮਰੀਜ਼ਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ ਦੀ ਉਚਿਤ ਵਿਵਸਥਾ, ਸੈੱਡਾਂ ਦੀ ਉਪਲਬੱਧਤਾ, ਸਾਫ਼-ਸੁਥਰੇ ਬਾਥਰੂਮ ਅਤੇ ਬੈਠਣ ਲਈ ਸੁਵਿਧਾਜਨਕ ਇੰਤਜ਼ਾਮ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਇਸਦੇ ਨਾਲ ਹੀ ਮੁੱਖ ਮੰਤਰੀ ਸਿਹਤ ਯੋਜਨਾ ਸੰਬੰਧੀ ਜਾਗਰੂਕਤਾ ਬੈਨਰ ਅਤੇ ਜਾਣਕਾਰੀ ਬੋਰਡ ਹਰ ਸਿਹਤ ਸੰਸਥਾ ਵਿੱਚ ਪ੍ਰਮੁੱਖ ਥਾਵਾਂ ’ਤੇ ਲਗਾਉਣ ਲਈ ਕਿਹਾ ਗਿਆ।
ਗਰਭਵਤੀ ਔਰਤਾਂ ਦੀ ਪਹਿਲੀ ਤਿਮਾਹੀ ਵਿੱਚ ਰਜਿਸਟ੍ਰੇਸ਼ਨ, ਚਾਰ ਏਐਨਸੀ ਚੈਕਅਪ, ਸੰਪੂਰਨ ਟੀਕਾਕਰਨ ਅਤੇ ਹਾਈ ਰਿਸਕ ਗਰਭਵਤੀਆਂ ਦੀ ਪਛਾਣ ਕਰਕੇ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣ ’ਤੇ ਵੀ ਜ਼ੋਰ ਦਿੱਤਾ ਗਿਆ। ਆਸ਼ਾ ਅਤੇ ਏਐਨਐਮ ਰਾਹੀਂ ਨਿਰੰਤਰ ਫਾਲੋਅੱਪ ਕਰਕੇ ਮਾਤਾ ਮੌਤ ਦਰ ਘਟਾਉਣ ਲਈ ਸੰਵੇਦਨਸ਼ੀਲਤਾ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ।
ਸਿਵਲ ਸਰਜਨ ਨੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਰ ਮਹੀਨੇ ਬਲਾਕ ਪੱਧਰ ’ਤੇ ਆਸ਼ਾ, ਏਐੱਨਐੱਮ, ਐੱਲਐੱਚਵੀ ਅਤੇ ਸੀਐੱਚਓ ਨਾਲ ਮੀਟਿੰਗ ਕਰਕੇ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਅਤੇ ਮੈਦਾਨੀ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਲਈ ਕਿਹਾ। ਜ਼ਿਲ੍ਹੇ ਦੇ ਸੈਕਸ ਰੇਸ਼ੋ ਵਿੱਚ ਸੁਧਾਰ ਲਈ ਕੀਤੀ ਗਈ ਬਿਹਤਰ ਕਾਰਗੁਜ਼ਾਰੀ ’ਤੇ ਸਟੇਟ ਐਵਾਰਡ ਮਿਲਣ ਸਬੰਧੀ ਸਿਹਤ ਕਰਮਚਾਰੀਆਂ ਦੀ ਸ਼ਲਾਘਾ ਵੀ ਕੀਤੀ ਗਈ।
ਉਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸਹੂਲਤਾਂ, ਦਵਾਈਆਂ ਦੀ ਲਗਾਤਾਰ ਉਪਲਬੱਧਤਾ ਅਤੇ ਮਰੀਜ਼ਾਂ ਨੂੰ ਬਿਨਾਂ ਕਿਸੇ ਦਿੱਕਤ ਦੇ ਸੇਵਾਵਾਂ ਦੇਣ ਦੇ ਨਿਰਦੇਸ਼ ਦਿੱਤੇ। ਟੈਲੀ ਮਾਨਸ ਸੇਵਾ ਸਬੰਧੀ ਵੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਮਾਨਸਿਕ ਰੋਗੀਆਂ ਲਈ ਕੌਂਸਲਿੰਗ ਸਹੂਲਤਾਂ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ ਗਿਆ।
ਸਿਵਲ ਸਰਜਨ ਨੇ ਕਿਹਾ ਕਿ ਸਾਰੇ ਅਧਿਕਾਰੀ ਅਤੇ ਕਰਮਚਾਰੀ ਟੀਮ ਭਾਵਨਾ ਨਾਲ ਕੰਮ ਕਰਦੇ ਹੋਏ ਸਰਕਾਰੀ ਸਿਹਤ ਯੋਜਨਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਨਿਸ਼ਠਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ।