ਮਿਡ ਡੇ ਮੀਲ ਵਰਕਰਾਂ ਵੱਲੋਂ ਸਰਕਾਰ ਵਿਰੁੱਧ ਮੋਰਚਾ ਖੋਲ੍ਹਣ ਦੀ ਤਿਆਰੀ
ਮਿਡ ਡੇ ਮੀਲ ਵਰਕਰਾਂ ਵੱਲੋਂ ਸਰਕਾਰ ਵਿਰੁੱਧ ਮੋਰਚਾ ਖੋਲ੍ਹਣ ਦੀ ਤਿਆਰੀ; 8 ਮਾਰਚ ਦੀ ਸੂਬਾਈ ਰੈਲੀ ਵਿੱਚ ਹੋਵੇਗੀ ਭਰਵੀਂ ਸ਼ਮੂਲੀਅਤ
Publish Date: Tue, 03 Mar 2026 06:42 PM (IST)
Updated Date: Wed, 04 Mar 2026 04:08 AM (IST)

8 ਮਾਰਚ ਦੀ ਸੂਬਾਈ ਰੈਲੀ ’ਚ ਹੋਵੇਗੀ ਭਰਵੀਂ ਸ਼ਮੂਲੀਅਤ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਮਿਡ ਡੇ ਮੀਲ ਵਰਕਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਹੁਸ਼ਿਆਰਪੁਰ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਆਸ਼ਾ ਰਾਣੀ ਦੀ ਪ੍ਰਧਾਨਗੀ ਹੇਠ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਹੋਈ। ਇਸ ਮੀਟਿੰਗ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਮੌਕੇ ਜਥੇਬੰਦੀ ਦੀ ਸੂਬਾ ਜਨਰਲ ਸਕੱਤਰ ਕਮਲਜੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਲੋਕ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ ਅਤੇ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਵਰਕਰਾਂ ਨਾਲ ਪੁਲਿਸ ਵੱਲੋਂ ਕਠੋਰ ਰਵੱਈਆ ਅਪਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ’ਤੇ ਕਰਜ਼ੇ ਦਾ ਬੋਝ ਵੱਧ ਰਿਹਾ ਹੈ ਅਤੇ ਸਰਕਾਰ ਨੂੰ ਮੁਲਾਜ਼ਮਾਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਬਜਟ ਸੈਸ਼ਨ ਮੌਕੇ ਉਲੀਕੇ ਗਏ ਸੰਘਰਸ਼ ਦੇ ਪਹਿਲੇ ਦਿਨ, 8 ਮਾਰਚ ਨੂੰ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਬੈਨਰ ਹੇਠ ਮਿਡ ਡੇ ਮੀਲ ਵਰਕਰ ਜ਼ਿਲ੍ਹੇ ਵਿੱਚੋਂ ਭਰਵੀਂ ਸ਼ਮੂਲੀਅਤ ਕਰਨਗੇ। ਆਗੂਆਂ ਨੇ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਇਸ ਵਾਰ ਸੰਘਰਸ਼ ਦੇ ਲੇਖੇ ਲਗਾਇਆ ਜਾਵੇਗਾ। ਮੀਟਿੰਗ ’ਚ ਸੁਰਿੰਦਰ ਕੌਰ, ਸੀਮਾ ਰਾਣੀ, ਲਖਵਿੰਦਰ ਕੌਰ, ਬਿਮਲਾ ਰਾਣੀ, ਨੀਲਮ, ਚਰਨਜੀਤ ਕੌਰ, ਜਸਵੀਰ ਕੌਰ, ਸੰਦੀਪ ਕੌਰ, ਮਨਜਿੰਦਰ ਕੌਰ, ਗੋਗੀ, ਬਲਵੀਰ ਕੌਰ, ਕਮਲੇਸ਼ ਕੌਰ, ਕੁਲਵੰਤ ਕੌਰ ਸਮੇਤ ਹੋਰ ਆਗੂ ਹਾਜ਼ਰ ਸਨ।