8 ਨੂੰ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਫੈਸਲਾ : ਰਾਜੀਵ ਸ਼ਰਮਾ
08 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਫੈਸਲਾ- ਬਲੌਕ ਪ੍ਰਧਾਨ ਰਾਜੀਵ ਸ਼ਰਮਾ
Publish Date: Thu, 05 Mar 2026 05:37 PM (IST)
Updated Date: Fri, 06 Mar 2026 04:06 AM (IST)

ਜਗਮੋਹਨ ਸ਼ਰਮਾ ,ਪੰਜਾਬੀ ਜਾਗਰਣ, ਤਲਵਾੜਾ: ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸਾਂਝੀਆਂ ਮੰਗਾਂ ਨੂੰ ਲੈ ਕੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਵੀ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਜਿਸ ਦੀ ਕੜੀ ਵਜੋਂ 8 ਮਾਰਚ ਨੂੰ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਤੇ ਬੈਨਰ ਹੇਠ ਰੋਸ ਮੁਜਾਹਿਰਾ ਕਰਨ ਤੋਂ ਬਾਅਦ ਪੰਜਾਬ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ। ਇਸ ਦੀ ਤਿਆਰੀ ਵਜੋਂ ਬਲੌਕ ਤਲਵਾੜਾ ਦੀ ਮੀਟਿੰਗ ਬਲੌਕ ਪ੍ਰਧਾਨ ਰਾਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿੱਚ ਆਗੂਆਂ ਨੇ ਕਿਹਾ ਕਿ ਇਨਕਲਾਬ ਦੇ ਨਾਂ ਤੇ ਇਹ ਆਈ ਹੋਈ ਭਗਵੰਤ ਮਾਨ ਦੀ ਸਰਕਾਰ ਨੇ ਚੋਣਾਂ ਸਮੇਂ ਵਾਅਦੇ ਹੀ ਨਹੀਂ ਕੀਤੇ ਸਨ ਸਗੋਂ ਕੰਮਾਂ ਦੀਆਂ ਗਰੰਟੀਆਂ ਦਿੱਤੀਆਂ ਸਨ ਪਰ ਹੁਣ ਤੱਕ ਮੰਗਾਂ ਮੰਨਣ ਦੀ ਬਜਾਏ ਹਰ ਵਾਰ ਮੀਟਿੰਗਾਂ ਦੇ ਕੇ ਮੀਟਿੰਗਾਂ ਨੂੰ ਮੁਲਤਵੀ ਕਰਨ ਦਾ ਇਤਿਹਾਸ ਸਿਰਜਿਆ ਹੈ, ਜਿਸ ਕਾਰਨ ਮੁਲਾਜ਼ਮਾਂ ਤੇ ਪੈਨਸ਼ਨਾਂ ਅੰਦਰ ਪੰਜਾਬ ਸਰਕਾਰ ਪ੍ਰਤੀ ਅਤਿਅੰਤ ਰੋਹ ਪਾਇਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇੰਨਲਿਸਟ ਮਿੰਟ ਠੇਕਾ ਮੁਲਾਜ਼ਮ ਵਿਭਾਗ ਅੰਦਰ ਲੈਕੇ ਪਕੇ ਕੀਤੇ ਜਾਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, 16 ਫੀਸਦੀ ਪੈਂਡਿੰਗ ਡੀ ਏ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਦਫਤਰੀ ਕਰਮਚਾਰੀਆਂ ਦੀ ਤਨਖਾਹ ਘਟਾਉਣ ਦਾ ਫੈਸਲਾ ਵਾਪਸ ਲਿਆ ਜਾਵੇ, ਦਹਾਕਿਆਂ ਤੋਂ ਸਕੂਲਾਂ ’ਚ ਕੰਮ ਕਰਦੇ ਅਧਿਆਪਕਾਂ ਤੇ ਮਾਨਯੋਗ ਸੁਪਰੀਮ ਕੋਰਟ ਦੀ ਆੜ ਵਿੱਚ ਥੋਪੀ ਅਧਿਆਪਕ ਯੋਗਤਾ ਟੈਸਟ ਦੀ ਸ਼ਰਤ ਹਟਾਉਣ ਲਈ ਪੰਜਾਬ ਵਿਧਾਨ ਸਭਾ ਵਿੱਚ ਬਿੱਲ ਲਿਆ ਕੇ ਖਾਰਜ ਕੀਤਾ ਜਾਵੇ। ਇਸ ਮੀਟਿੰਗ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਦੇ ਸੂਬਾ ਕਨਵੀਨਰ ਜਸਬੀਰ ਤਲਵਾੜਾ, ਜਲ ਸਪਲਾਈ ਤੋ ਸ਼ਾਮ ਸਿੰਘ, ਜਗਦੀਸ਼ ਸਿੰਘ, ਗੌਰਵ ਕੁਮਾਰ ਤੇ ਹੋਰ ਸਾਥੀ ਸ਼ਾਮਿਲ ਹੋਏ।