ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ : ਡਿਪਟੀ ਕਮਿਸ਼ਨਰ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰੇ ਵਿਭਾਗ ਮੁਖੀ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ
Publish Date: Fri, 06 Mar 2026 07:04 PM (IST)
Updated Date: Sat, 07 Mar 2026 04:12 AM (IST)

ਵਿਭਾਗ ਮੁਖੀਆਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ, ਜ਼ਿਲ੍ਹਾ ਵਾਸੀਆਂ ਨੂੰ ਵੀ ਜਲਦ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਵਿਭਾਗਾਂ ਅਧੀਨ ਆਉਂਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਯਕੀਨੀ ਬਣਾਉਣ। ਉਹ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਵਿਭਾਗ ਮੁਖੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਇਸ ਯੋਜਨਾ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਿਅਕਤੀ ਨੂੰ ਬਿਨਾ ਨਕਦ ਭੁਗਤਾਨ ਦੇ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ, ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਸ ਸਹੂਲਤ ਤੋਂ ਵਾਂਝਾ ਨਾ ਰਹਿ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਸਮੇਂ 300 ਤੋਂ ਵੱਧ ਥਾਵਾਂ ‘ਤੇ ਇਸ ਯੋਜਨਾ ਸਬੰਧੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਸੇਵਾ ਕੇਂਦਰ ਵਿੱਚ ਵੀ ਰਜਿਸਟ੍ਰੇਸ਼ਨ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਵਿਭਾਗਾਂ ਦੀ ਸਹੂਲਤ ਅਨੁਸਾਰ ਉਨ੍ਹਾਂ ਵੱਲੋਂ ਦੱਸੇ ਸਥਾਨ ‘ਤੇ ਰਜਿਸਟ੍ਰੇਸ਼ਨ ਕੈਂਪ ਵੀ ਲਗਾਏ ਜਾ ਸਕਦੇ ਹਨ, ਬਸ਼ਰਤੇ ਇਸ ਬਾਰੇ ਪਹਿਲਾਂ ਤੋਂ ਸੂਚਿਤ ਕੀਤਾ ਜਾਵੇ। ਉਨ੍ਹਾਂ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਜਲਦ ਤੋਂ ਜਲਦ ਆਪਣੀ ਯੋਜਨਾ ਤਿਆਰ ਕਰਕੇ ਸਹਾਇਕ ਕਮਿਸ਼ਨਰ ਓਇਸ਼ੀ ਮੰਡਲ ਨੂੰ ਭੇਜਣ, ਤਾਂ ਜੋ ਕੈਂਪਾਂ ਦੀ ਵਿਵਸਥਾ ਕੀਤੀ ਜਾ ਸਕੇ। ਆਸ਼ਿਕਾ ਜੈਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਂਦੇ ਹੋਏ ਆਪਣੀ ਰਜਿਸਟ੍ਰੇਸ਼ਨ ਕਰਵਾਈ ਜਾਵੇ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਹੇਠ ਰਜਿਸਟ੍ਰੇਸ਼ਨ ਦੇ ਪਹਿਲੇ ਦਿਨ ਤੋਂ ਹੀ ਲਾਭਪਾਤਰੀਆਂ ਨੂੰ ਬਿਨਾ ਨਕਦ ਭੁਗਤਾਨ ਦੇ ਇਲਾਜ ਦੀ ਸਹੂਲਤ ਮਿਲੇਗੀ। ਇਹ ਸਹੂਲਤ ਨਾ ਸਿਰਫ਼ ਸਰਕਾਰੀ ਸਗੋਂ ਨਿੱਜੀ ਹਸਪਤਾਲਾਂ ਵਿੱਚ ਵੀ ਲਾਗੂ ਹੈ। ਲਿਵਰ, ਕਿਡਨੀ, ਕੈਂਸਰ ਅਤੇ ਵੱਖ-ਵੱਖ ਕਿਸਮ ਦੀਆਂ ਸਰਜਰੀਆਂ ਸਮੇਤ ਗੰਭੀਰ ਬਿਮਾਰੀਆਂ ਦਾ ਇਲਾਜ ਵੀ ਇਸ ਯੋਜਨਾ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲਾਭਪਾਤਰੀਆਂ ਕੋਲ ਪਹਿਲਾਂ ਤੋਂ ਪੰਜ ਲੱਖ ਰੁਪਏ ਵਾਲਾ ਆਯੁਸ਼ਮਾਨ ਕਾਰਡ ਹੈ, ਉਹ ਸੌਖੀ ਈ-ਕੇਵਾਈਸੀ ਪ੍ਰਕਿਰਿਆ ਰਾਹੀਂ ਇਸਨੂੰ ਦਸ ਲੱਖ ਰੁਪਏ ਵਾਲੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਵਿੱਚ ਅਪਗ੍ਰੇਡ ਕਰ ਸਕਦੇ ਹਨ। ਲੋਕਾਂ ਦੀ ਸਹੂਲਤ ਲਈ 7589944720 ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ, ਜਿਸ ਰਾਹੀਂ ਨਾਗਰਿਕ ਜਾਣ ਸਕਦੇ ਹਨ ਕਿ ਉਹ ਆਪਣਾ ਕਾਰਡ ਕਿੱਥੇ ਅਤੇ ਕਿਵੇਂ ਬਣਵਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਾਰਡ ਬਣਵਾਉਣ ਲਈ ਆਧਾਰ ਕਾਰਡ (ਮੋਬਾਈਲ ਨਾਲ ਜੁੜਿਆ ਹੋਇਆ), ਵੋਟਰ ਕਾਰਡ ਅਤੇ ਨਾਬਾਲਿਗ ਬੱਚਿਆਂ ਲਈ ਜਨਮ ਪ੍ਰਮਾਣ ਪੱਤਰ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਕਾਰਡ ਬਣਵਾਉਣ ਲਈ ਪਰਿਵਾਰ ਦੇ ਘੱਟੋ-ਘੱਟ ਦੋ ਮੈਂਬਰਾਂ ਦੀ ਮੌਜੂਦਗੀ ਵੀ ਜ਼ਰੂਰੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਸੇਵਾ ਕੇਂਦਰ, ਕੈਂਪ ਜਾਂ ਸਾਂਝੇ ਸੇਵਾ ਕੇਂਦਰ ‘ਤੇ ਜਾ ਕੇ ਜਲਦ ਰਜਿਸਟ੍ਰੇਸ਼ਨ ਕਰਵਾਉਣ ਅਤੇ ਆਪਣੇ ਪਰਿਵਾਰ ਨੂੰ ਸਿਹਤ ਸੁਰੱਖਿਆ ਦਾ ਲਾਭ ਦਿਵਾਉਣ। ਇਸ ਮੌਕੇ ‘ਤੇ ਸਹਾਇਕ ਕਮਿਸ਼ਨਰ ਓਇਸ਼ੀ ਮੰਡਲ, ਸਿਵਲ ਸਰਜਨ ਡਾ. ਮਨਦੀਪ ਕਮਲ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।