ਔਰਤਾਂ ਦੀ ਸਿਹਤ ਤੇ ਸਸ਼ਕਤੀਕਰਨ ਨਾਲ ਹੀ ਤਰੱਕੀ ਸੰਭਵ: ਸਿਵਲ ਸਰਜਨ
ਮਹਿਲਾਵਾਂ ਦੀ ਸਿਹਤ ਅਤੇ ਸਸ਼ਕਤੀਕਰਨ ਨਾਲ ਹੀ ਸਮਾਜ ਦੀ ਤਰੱਕੀ ਸੰਭਵ: ਸਿਵਲ ਸਰਜਨ ਡਾ. ਮਨਦੀਪ ਕਮਲ
Publish Date: Sun, 08 Mar 2026 05:01 PM (IST)
Updated Date: Mon, 09 Mar 2026 04:03 AM (IST)

ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਨੇ ਜ਼ਿਲ੍ਹਾ ਵਾਸੀਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਮਹਿਲਾਵਾਂ ਸਮਾਜ ਦੀ ਮਜ਼ਬੂਤ ਨੀਂਹ ਹਨ ਅਤੇ ਹਰ ਖੇਤਰ ਵਿੱਚ ਆਪਣੀ ਯੋਗਤਾ, ਮਿਹਨਤ ਅਤੇ ਸਮਰਪਣ ਨਾਲ ਮਹੱਤਵਪੂਰਨ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਔਰਤਾਂ ਸਿੱਖਿਆ, ਸਿਹਤ, ਵਿਗਿਆਨ, ਪ੍ਰਸ਼ਾਸਨ, ਖੇਡਾਂ ਅਤੇ ਸਮਾਜ ਸੇਵਾ ਸਮੇਤ ਹਰ ਖੇਤਰ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ, ਜੋ ਸਮਾਜ ਦੀ ਤਰੱਕੀ ਲਈ ਬਹੁਤ ਜ਼ਰੂਰੀ ਹੈ। ਡਾ. ਮਨਦੀਪ ਕਮਲ ਨੇ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਔਰਤਾਂ ਦੇ ਅਧਿਕਾਰਾਂ, ਸਨਮਾਨ ਤੇ ਸਿਹਤ ਪ੍ਰਤੀ ਜਾਗਰੂਕਤਾ ਫੈਲਾਉਣ ਦਾ ਮੌਕਾ ਦਿੰਦਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਔਰਤਾਂ ਦੀ ਸਿਹਤ ਨੂੰ ਧਿਆਨ ’ਚ ਰੱਖਦਿਆਂ ਕਈ ਮਹੱਤਵਪੂਰਨ ਯੋਜਨਾਵਾਂ ਤੇ ਸਿਹਤ ਪ੍ਰੋਗਰਾਮ ਚਲਾਏ ਜਾ ਰਹੇ ਹਨ। ਇਨ੍ਹਾਂ ’ਚ ਮਾਤਾ ਅਤੇ ਬੱਚਾ ਸਿਹਤ ਸੇਵਾਵਾਂ, ਗਰਭਵਤੀ ਔਰਤਾਂ ਦੀ ਨਿਯਮਿਤ ਜਾਂਚ, ਟੀਕਾਕਰਨ, ਪੋਸ਼ਣ ਸਬੰਧੀ ਸਲਾਹ ਤੇ ਕੈਂਸਰ ਦੀ ਸਕਰੀਨਿੰਗ ਵਰਗੀਆਂ ਸਹੂਲਤਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਯੋਜਨਾਵਾਂ ਦਾ ਮੁੱਖ ਉਦੇਸ਼ ਔਰਤਾਂ ਨੂੰ ਸਿਹਤਮੰਦ ਜੀਵਨ ਪ੍ਰਦਾਨ ਕਰਨਾ ਤੇ ਉਨ੍ਹਾਂ ਨੂੰ ਬਿਮਾਰੀਆਂ ਤੋਂ ਬਚਾਉਣਾ ਹੈ। ਉਨ੍ਹਾਂ ਔਰਤਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਰਹਿਣ ਤੇ ਸਮੇਂ-ਸਮੇਂ ’ਤੇ ਸਿਹਤ ਜਾਂਚ ਕਰਵਾਉਣ ਦੀ ਅਪੀਲ ਕੀਤੀ। ਡਾ. ਮਨਦੀਪ ਕਮਲ ਨੇ ਖਾਸ ਤੌਰ ’ਤੇ ਗਰਭਵਤੀ ਔਰਤਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ’ਚ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਡਾਕਟਰੀ ਸਲਾਹ ਅਨੁਸਾਰ ਜਾਂਚਾਂ ਅਤੇ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਔਰਤਾਂ ਦੇ ਸਨਮਾਨ, ਸੁਰੱਖਿਆ ਤੇ ਸਾਮਾਨ ਅਧਿਕਾਰਾਂ ਨੂੰ ਯਕੀਨੀ ਬਣਾਉਣ ਲਈ ਮਿਲਜੁਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜਦੋਂ ਔਰਤਾਂ ਸਿਹਤਮੰਦ, ਸਿੱਖਿਆਯੁਕਤ ਤੇ ਸਸ਼ਕਤ ਹੋਣਗੀਆਂ ਤਾਂ ਹੀ ਸਮਾਜ ਅਤੇ ਦੇਸ਼ ਦੀ ਤਰੱਕੀ ਸੰਭਵ ਹੋ ਸਕਦੀ ਹੈ। ਅਖੀਰ ’ਚ ਉਨ੍ਹਾਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਔਰਤਾਂ ਦੀ ਸਿਹਤ ਤੇ ਭਲਾਈ ਲਈ ਜਾਗਰੂਕਤਾ ਫੈਲਾਈ ਜਾਵੇ ਤੇ ਉਨ੍ਹਾਂ ਨੂੰ ਸਮਾਜ ’ਚ ਸਮਾਨ ਮੌਕੇ ਤੇ ਸਨਮਾਨ ਦਿੱਤਾ ਜਾਵੇ।