ਬਜਟ ’ਚ ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਦਾ ਸਵਾਗਤ
ਮਹਿਲਾ ਦਿਵਸ ਮੌਕੇ ਹੁਸ਼ਿਆਰਪੁਰ 'ਚ ਜਸ਼ਨ: ਵਿਭਾ ਸ਼ਰਮਾ ਵੱਲੋਂ ਬਜਟ ਵਿੱਚ ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਦਾ ਸਵਾਗਤ
Publish Date: Sun, 08 Mar 2026 06:21 PM (IST)
Updated Date: Mon, 09 Mar 2026 04:09 AM (IST)

ਮਹਿਲਾ ਦਿਵਸ ਮੌਕੇ ਹੁਸ਼ਿਆਰਪੁਰ ’ਚ ਮਨਾਇਆ ਜਸ਼ਨ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਇੱਥੇ ਆਯੋਜਿਤ ਇਕ ਪ੍ਰੋਗਰਾਮ ਦੌਰਾਨ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੀ ਪਤਨੀ ਵਿਭਾ ਸ਼ਰਮਾ ਨੇ ਪੰਜਾਬ ਬਜਟ ਵਿੱਚ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੇਣ ਦੇ ਐਲਾਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪਰਵੀਨ ਸੈਣੀ ਅਤੇ ਡਿਪਟੀ ਮੇਅਰ ਰੰਜੀਤਾ ਚੌਧਰੀ ਦੀ ਮੌਜੂਦਗੀ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਨੇ ਹਿੱਸਾ ਲਿਆ ਅਤੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ। ਵਿਭਾ ਸ਼ਰਮਾ ਨੇ ਕਿਹਾ ਕਿ ਹੁਣ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਹਰ ਮਹੀਨੇ ਮਿਲਣਗੇ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੇਸ਼ ਕੀਤਾ ਗਿਆ ਇਹ ਬਜਟ ਪੰਜਾਬ ਦੀਆਂ ਔਰਤਾਂ ਲਈ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤੀ ਮਿਲੇਗੀ ਅਤੇ ਸੂਬੇ ਦੀਆਂ ਲੱਖਾਂ ਔਰਤਾਂ ਨੂੰ ਆਤਮਨਿਰਭਰ ਬਣਨ ਵਿੱਚ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਅਤੇ ਸਨਮਾਨ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦੌਰਾਨ ਮੌਜੂਦ ਔਰਤਾਂ ਨੇ ਵੀ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਅਤੇ ਇਸ ਫੈਸਲੇ ਨੂੰ ਔਰਤਾਂ ਲਈ ਇਤਿਹਾਸਕ ਕਰਾਰ ਦਿੱਤਾ। ਇਸ ਮੌਕੇ ਬਲਾਕ ਕਮੇਟੀ ਮੈਂਬਰ ਵਾਈਸ ਚੇਅਰਮੈਨ ਹਰਦੀਪ ਕੌਰ ਨੰਗਲ, ਕੌਂਸਲਰ ਮੋਨਿਕਾ ਕਟਾਣਾ, ਚੰਦਰਵਤੀ ਦੇਵੀ, ਨਰਿੰਦਰ ਕੌਰ ਸਮੇਤ ਆਮ ਆਦਮੀ ਪਾਰਟੀ ਦੀਆਂ ਮਹਿਲਾ ਵਰਕਰ ਅਤੇ ਹੋਰ ਔਰਤਾਂ ਵੀ ਮੌਜੂਦ ਸਨ।