ਪੈਨਸ਼ਨਰਾਂ ਕੀਤਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ
ਪੈਨਸ਼ਨਰਾਂ ਕੀਤਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ
Publish Date: Sun, 08 Mar 2026 07:47 PM (IST)
Updated Date: Mon, 09 Mar 2026 04:12 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਵਲੋਂ ਟਾਂਡਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਕੀਤੀ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਅਜੀਤ ਸਿੰਘ ਗੁਰਾਇਆ ਅਤੇ ਜਨਰਲ ਸਕੱਤਰ ਪ੍ਰੇਮ ਸਾਗਰ ਅਰੋੜਾ ਦੀ ਅਗਵਾਈ ਵਿੱਚ ਸ਼ਿਮਲਾ ਪਹਾੜੀ ਪਾਰਕ ਵਿਖੇ ਪੈਨਸ਼ਨਰਾ ਦਾ ਇਕੱਠ ਕੀਤਾ ਤੇ ਆਪਣੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਪੈਨਸ਼ਨਰਾਂ ਨੇ ਸੂਬਾ ਸਰਕਾਰ ਖਿਲਾਫ ਰੋਸ ਜਤਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਪੈਨਸ਼ਨਰਾਂ ਨਾਲ ਵਾਅਦਾ ਖ਼ਿਲਾਫ਼ੀ ਕੀਤੀ ਹੈ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਪ੍ਰਤੀ ਪਿਛਲੇ ਚਾਰ ਸਾਲਾਂ ਵਿਚ ਕੋਈ ਸੰਜੀਦਗੀ ਨਹੀਂ ਵਿਖਾਈ, ਜਿਸ ਕਾਰਨ ਪੈਨਸ਼ਨਰਾਂ ਵਿਚ ਸਰਕਾਰ ਪ੍ਰਤੀ ਰੋਸ ਹੈ। ਪੰਜਾਬ ਸਰਕਾਰ ਤੋਂ 16 ਫੀਸਦੀ ਡੀਏ ਅਤੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੀ ਮੰਗ ਕਰਦੇ ਹੋਏ ਪੈਨਸ਼ਨਰਾਂ ਨੇ ਕਿਹਾ ਕਿ 1 ਜਨਵਰੀ 2016 ਤੋਂ ਪਹਿਲਾਂ ਰਿਟਾਇਰ ਹੋਏ ਕਰਮਚਾਰੀਆਂ ਦੀਆਂ ਪੈਨਸ਼ਨਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਅਨੁਸਾਰ 2.59 ਦੇ ਫਾਰਮੂਲੇ ਮੁਤਾਬਕ ਤੁਰੰਤ ਤੌਰ ’ਤੇ ਸੰਸ਼ੋਧਿਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਅੱਜ ਉਹ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਸਾਂਝੇ ਫ਼ਰੰਟ ਵੱਲੋਂ ਮੋਹਾਲੀ ਵਿਖੇ ਹੋਣ ਵਾਲੀ ਸੂਬਾ ਪੱਧਰੀ ਰੋਸ ਰੈਲੀ ਵਿਚ ਭਾਗ ਲੈਣ ਲਈ ਜਾ ਰਹੇ ਹਨ | ਉੱਥੇ ਜਾ ਕੇ ਵੀ ਮੁਲਾਜਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਪੈਰਵਾਈ ਕੀਤੀ ਜਾਵੇਗੀ | ਉਨ੍ਹਾਂ ਆਖਿਆ ਕਿ ਸਰਕਾਰ ਪੁਰਾਣੀ ਪੈਨਸ਼ਨ ਨੂੰ ਬਹਾਲ ਕਰਨ ਦੇ ਨਾਲ ਨਾਲ ਪੈਨਸ਼ਨਰਾਂ ਅਤੇ ਮੁਲਾਜਮਾਂ ਦੀਆਂ ਮੰਗਾਂ ਨੂੰ ਮੰਨੇ। ਇਸ ਮੌਕੇ ਸੰਤੋਖ ਸਿੰਘ, ਪ੍ਰੋ. ਕੇ. ਕਲੋਟੀ, ਸੁਖਵੀਰ ਸਿੰਘ, ਝਿਰਮਲ ਸਿੰਘ, ਸ਼ਿਵ ਕੁਮਾਰ ਆਦਿ ਮੌਜੂਦ ਸਨ ।