ਡਾ. ਇਸ਼ਾਂਕ ਕੁਮਾਰ ਨੇ ਗਿਣਾਈਆਂ ਮਾਨ ਸਰਕਾਰ ਦੀਆਂ ਉਪਲੱਬਧੀਆਂ
ਵਿਧਾਨ ਸਭਾ ਵਿੱਚ ਡਾ. ਇਸ਼ਾਂਕ ਕੁਮਾਰ ਨੇ ਗਿਣਾਈਆਂ ਮਾਨ ਸਰਕਾਰ ਦੀਆਂ ਉਪਲਬਧੀਆਂ, ਹਲਕੇ ਦੇ ਪੁਲਾਂ ਲਈ ਫੰਡ ਅਲਾਟਮੈਂਟ ਦੀ ਕੀਤੀ ਮੰਗ
Publish Date: Tue, 10 Mar 2026 05:18 PM (IST)
Updated Date: Wed, 11 Mar 2026 04:04 AM (IST)

ਹਲਕੇ ਦੇ ਪੁਲਾਂ ਲਈ ਫੰਡ ਅਲਾਟਮੈਂਟ ਦੀ ਕੀਤੀ ਮੰਗ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਸਦਨ ਵਿੱਚ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ’ਤੇ ਆਪਣੇ ਵਿਚਾਰ ਰੱਖਦੇ ਹੋਏ ਵੱਖ-ਵੱਖ ਖੇਤਰਾਂ ਵਿੱਚ ਸਰਕਾਰ ਦੀਆਂ ਉਪਲਬਧੀਆਂ ਨੂੰ ਉਜਾਗਰ ਕੀਤਾ। ਸਦਨ ਵਿੱਚ ਉਨ੍ਹਾਂ ਦੇ ਸੰਬੋਧਨ ਨੂੰ ਮੈਂਬਰਾਂ ਵੱਲੋਂ ਸਰਾਹਨਾ ਮਿਲੀ। ਵਿਧਾਨ ਸਭਾ ’ਚ ਬੋਲਦਿਆਂ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਮਾਨ ਸਰਕਾਰ ਨੇ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਲਈ ਵੱਡੇ ਕਦਮ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 881 ਆਮ ਆਦਮੀ ਕਲੀਨਿਕਾਂ ਰਾਹੀਂ ਹੁਣ ਤੱਕ ਕਰੀਬ 5 ਕਰੋੜ ਲੋਕ ਮੁਫ਼ਤ ਇਲਾਜ ਅਤੇ ਸਿਹਤ ਸੇਵਾਵਾਂ ਦਾ ਲਾਭ ਲੈ ਚੁੱਕੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਲਗਭਗ 275 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਸਥਾਪਿਤ ਕੀਤਾ ਜਾਵੇਗਾ ਅਤੇ ਇਸ ਦਾ ਕੰਮ ਜਲਦ ਸ਼ੁਰੂ ਹੋਣ ਦੀ ਉਮੀਦ ਹੈ, ਜਿਸ ਨਾਲ ਖੇਤਰ ਵਿੱਚ ਸਿਹਤ ਸੇਵਾਵਾਂ ਅਤੇ ਮੈਡੀਕਲ ਸਿੱਖਿਆ ਨੂੰ ਵੱਡਾ ਫਾਇਦਾ ਮਿਲੇਗਾ। ਸਿੱਖਿਆ ਖੇਤਰ ਦੀਆਂ ਪ੍ਰਾਪਤੀਆਂ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਨੇ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ, ਜੋ ਸਕੂਲਾਂ ਦੀ ਗੁਣਵੱਤਾ ਸੁਧਾਰਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਯੋਜਨਾ ਤਹਿਤ ਲਗਭਗ 1 ਲੱਖ 65 ਹਜ਼ਾਰ ਵਿਦਿਆਰਥੀਆਂ ਨੂੰ 96 ਕਰੋੜ ਰੁਪਏ ਦੀ ਰਕਮ ਜਾਰੀ ਕਰਕੇ ਲਾਭ ਦਿੱਤਾ ਜਾ ਰਿਹਾ ਹੈ। ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ ਰਾਹਤ ਦਿੰਦਿਆਂ ਲਗਭਗ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਕਰ ਦਿੱਤੇ ਹਨ, ਜਿਸ ਨਾਲ ਆਮ ਪਰਿਵਾਰਾਂ ’ਤੇ ਆਰਥਿਕ ਬੋਝ ਘੱਟ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਅਤੇ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਪੰਜਾਬ ਨੂੰ ਨਸ਼ਿਆਂ ਅਤੇ ਅਪਰਾਧ ਤੋਂ ਮੁਕਤ ਬਣਾਇਆ ਜਾ ਸਕੇ। ਉਨ੍ਹਾਂ ਸੜਕ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਬਜਟ ਵਿੱਚ 5400 ਕਰੋੜ ਰੁਪਏ ਰੱਖਣ ਲਈ ਪੰਜਾਬ ਸਰਕਾਰ ਦੀ ਸਰਾਹਨਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਆਪਣੇ ਹਲਕੇ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਚੱਕ ਸਾਧੂ, ਨੌਨੀਤਪੁਰ, ਰੂਪੋਵਾਲ, ਜੇਜੋਂ, ਮਾਂਝੀ ਅਤੇ ਕਹਾਰਪੁਰ ਸਮੇਤ ਹੋਰ ਥਾਵਾਂ ’ਤੇ ਬਣਨ ਵਾਲੇ ਪੁਲਾਂ ਲਈ ਫੰਡ ਅਲਾਟਮੈਂਟ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੇ ਲੋਕਾਂ ਲਈ ਬਿਹਤਰ ਕਨੈਕਟਿਵਿਟੀ ਅਤੇ ਆਵਾਜਾਈ ਸੁਵਿਧਾ ਮੁਹੱਈਆ ਕਰਵਾਉਣ ਵਿੱਚ ਮਹੱਤਵਪੂਰਨ ਸਾਬਤ ਹੋਣਗੇ। ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਹਰ ਖੇਤਰ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ।