ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
Publish Date: Tue, 10 Mar 2026 07:59 PM (IST)
Updated Date: Wed, 11 Mar 2026 04:13 AM (IST)

ਨਸ਼ੀਲੀਆਂ ਦਵਾਈਆਂ, ਗਊ ਵੰਸ਼ ਦੀ ਢੋਆ-ਢੁਆਈ ਤੇ ਨਫ਼ਰਤ ਭਰੇ ਭਾਸ਼ਣਾਂ ’ਤੇ ਰਹੇਗੀ ਸਖ਼ਤ ਮਨਾਹੀ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 7 ਮਈ 2026 ਤੱਕ ਲਾਗੂ ਰਹਿਣਗੇ। ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਵਿੱਚ ਪ੍ਰੈਗਾਬਲਿਨ ਕੈਪਸੂਲਾਂ ਨੂੰ ਬਿਨ੍ਹਾਂ ਲਾਇਸੈਸ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ ਜਾਂ ਵੇਚਣ ਅਤੇ ਇਹ ਦਵਾਈ ਬਿਨ੍ਹਾਂ ਡਾਕਟਰ ਦੀ ਪਰਚੀ ਤੋਂ ਵੇਚਣ ‘ਤੇ ਪਾਬੰਦੀ ਲਗਾਈ ਗਈ ਹੈ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਤਹਿਤ ਗਰਮੀਆਂ ਦੇ ਮੌਸਮ ਦੌਰਾਨ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਵਿੱਚ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਸ ਦੇ ਨਾਲ ਹੀ ਜਿਨ੍ਹਾਂ ਵਿਅਕਤੀਆਂ ਕੋਲ ਗਊ ਵੰਸ਼ ਹੈ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਕੋਲ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਕਿਸੇ ਵੀ ਵਿਅਕਤੀ ਜਾਂ ਸਮਾਜਿਕ ਅਤੇ ਧਾਰਮਿਕ ਜਥੇਬੰਦੀ ਨੂੰ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਸਮਾਗਮਾਂ ਜਾਂ ਹੋਰ ਪ੍ਰੋਗਰਾਮਾਂ ਦੌਰਾਨ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਅਜਿਹਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਕ ਹੋਰ ਹੁਕਮ ਅਨੁਸਾਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ, ਪੰਚਾਇਤ, ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉਪ ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਮਨਜ਼ੂਰੀ ਤੋਂ ਬਿਨ੍ਹਾਂ ਛੱਪੜ ਨਹੀਂ ਪੂਰ ਸਕੇਗਾ। ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਗਲੀਆਂ ਅਤੇ ਰਸਤਿਆਂ ਵਿੱਚ ਨਾਜਾਇਜ਼ ਬੋਰ ਕਰਨ ‘ਤੇ ਵੀ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਸਾਰੇ ਹੁਕਮ 7 ਮਈ 2026 ਤੱਕ ਲਾਗੂ ਰਹਿਣਗੇ।