ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਕਰਾਂਗੇ ਹੱਲ : ਮੰਝਪੁਰ
ਵਪਾਰੀ ਵਰਗ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ ਹੱਲ : ਅੰਮ੍ਰਿਤਪਾਲ ਸਿੰਘ ਮੰਝਪੁਰ
Publish Date: Thu, 12 Mar 2026 04:47 PM (IST)
Updated Date: Fri, 13 Mar 2026 04:04 AM (IST)

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ: ਸ਼੍ਰੋਮਣੀ ਅਕਾਲੀ ਦਲ ਦੇ ਉਦਯੋਗ ਅਤੇ ਵਪਾਰ ਵਿੰਗ ਵੱਲੋਂ ਮੁਕੇਰੀਆਂ ਵਿੱਚ ਵਪਾਰੀ ਵਰਗ ਨਾਲ ਸੰਬੰਧਿਤ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਇੱਕ ਵਿਸ਼ੇਸ਼ ਮੀਟਿੰਗ ਕਰਵਾਈ ਗਈ। ਇਹ ਮੀਟਿੰਗ ਵਿੰਗ ਦੇ ਸੂਬਾ ਮੀਤ ਪ੍ਰਧਾਨ ਅੰਮ੍ਰਿਤਪਾਲ ਸਿੰਘ ਮੰਝਪੁਰ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਵਪਾਰੀਆਂ ਨੂੰ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ‘ਤੇ ਗੰਭੀਰ ਚਰਚਾ ਕੀਤੀ ਗਈ। ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਹਲਕਾ ਮੁਕੇਰੀਆਂ ਤੋਂ ਸੀਨੀਅਰ ਅਕਾਲੀ ਆਗੂ ਅਤੇ ਮੁਲਾਜ਼ਮ ਵਿੰਗ ਪੰਜਾਬ ਦੇ ਪ੍ਰਧਾਨ ਜਥੇਦਾਰ ਈਸ਼ਰ ਸਿੰਘ ਮੰਝਪੁਰ ਵੀ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਅੰਮ੍ਰਿਤਪਾਲ ਸਿੰਘ ਮੰਝਪੁਰ ਨੇ ਕਿਹਾ ਕਿ ਸਮੁੱਚੇ ਵਪਾਰੀ ਵਰਗ ਨਾਲ ਸ਼੍ਰੋਮਣੀ ਅਕਾਲੀ ਦਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ ਅਤੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨਾ ਪਾਰਟੀ ਦੀ ਪ੍ਰਮੁੱਖ ਤਰਜੀਹ ਰਹੇਗੀ, ਜਦੋਂ ਵੀ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣੇਗੀ ਤਾਂ ਵਪਾਰੀ ਵਰਗ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ। ਮੀਟਿੰਗ ਦੌਰਾਨ ਪਾਰਟੀ ਆਗੂਆਂ ਨੇ ਵਪਾਰੀਆਂ ਨੂੰ ਇਕਜੁੱਟ ਹੋ ਕੇ ਆਪਣੇ ਹੱਕਾਂ ਦੀ ਰੱਖਿਆ ਲਈ ਅੱਗੇ ਆਉਣ ਦੀ ਅਪੀਲ ਕੀਤੀ ਤੇ ਭਰੋਸਾ ਦਵਾਇਆ ਕਿ ਅਕਾਲੀ ਦਲ ਹਮੇਸ਼ਾਂ ਉਨ੍ਹਾਂ ਦੇ ਨਾਲ ਖੜ੍ਹਾ ਰਹੇਗਾ। ਇਸ ਮੌਕੇ ਸਪੋਰਟਸ ਵਿੰਗ ਦੇ ਸਰਕਲ ਪ੍ਰਧਾਨ ਸਤਨਾਮ ਸਿੰਘ, ਸਰਕਲ ਪ੍ਰਧਾਨ ਅਮਰਜੀਤ ਸਿੰਘ, ਵੀਰ ਸਿੰਘ, ਬਲਵਿੰਦਰ ਸਿੰਘ ਪਨਖੂਹ, ਰਘੂਨੰਦਨ ਸਿੰਘ, ਇਕਬਾਲ ਸਿੰਘ, ਰੌਸ਼ਨ ਖਾਨ, ਸਰਕਲ ਪ੍ਰਧਾਨ ਅਤਰ ਸਿੰਘ ਅਤੇ ਗੁਰਲਾਲ ਸਿੰਘ ਸਮੇਤ ਹੋਰ ਕਈ ਆਗੂ ਅਤੇ ਵਰਕਰ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਵਪਾਰੀ ਵਰਗ ਦੀ ਭਲਾਈ ਲਈ ਭਵਿੱਖ ਵਿੱਚ ਹੋਰ ਮਸਲਿਆਂ ’ਤੇ ਵੀ ਚਰਚਾ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ।