ਪ.ਸ.ਸ.ਫ. ਵੱਲੋਂ ਅਧਿਆਪਕਾਂ ’ਤੇਪੁਲਿਸ ਤਸ਼ੱਦਦ ਦੀ ਨਿਖੇਧੀ
ਪ.ਸ.ਸ.ਫ. ਵੱਲੋਂ ਅਧਿਆਪਕਾਂ 'ਤੇ ਹੋਏ ਪੁਲਿਸ ਤਸ਼ੱਦਦ ਦੀ ਸਖ਼ਤ ਨਿਖੇਧੀ; ਸਰਕਾਰ ਵਿਰੁੱਧ ਸੰਘਰਸ਼ ਤੇਜ਼ ਕਰਨ ਦਾ ਐਲਾਨ
Publish Date: Thu, 12 Mar 2026 08:32 PM (IST)
Updated Date: Fri, 13 Mar 2026 04:10 AM (IST)

ਸਰਕਾਰ ਵਿਰੁੱਧ ਸੰਘਰਸ਼ ਤੇਜ਼ ਕਰਨ ਦਾ ਐਲਾਨ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਸਾਂਝੇ ਬਿਆਨ ਰਾਹੀਂ ਸਾਂਝਾ ਅਧਿਆਪਕ ਮੋਰਚਾ ਅਤੇ ਹੋਰ ਅਧਿਆਪਕ ਜੱਥੇਬੰਦੀਆਂ ਵੱਲੋਂ ਚੰਡੀਗੜ੍ਹ ਵਿੱਚ ਟੈਟ ਦੇ ਖ਼ਿਲਾਫ਼ ਕੀਤੇ ਗਏ ਸ਼ਾਂਤਮਈ ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਕੀਤੀ ਕਾਰਵਾਈ ਦੀ ਕੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਸ਼ਹਿ ‘ਤੇ ਅਧਿਆਪਕਾਂ ‘ਤੇ ਪਾਣੀ ਦੀਆਂ ਬੌਛਾੜਾਂ ਕੀਤੀਆਂ ਗਈਆਂ, ਲਾਠੀਚਾਰਜ ਕੀਤਾ ਗਿਆ ਅਤੇ ਅੱਥਰੂ ਗੈਸ ਦੇ ਗੋਲੇ ਵੀ ਦਾਗੇ ਗਏ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਦਿਨਾਂ ਵਿੱਚ ਦੋ ਵਾਰ ਮੁਲਾਜ਼ਮਾਂ ਅਤੇ ਅਧਿਆਪਕਾਂ ‘ਤੇ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਗਈ ਹੈ, ਜਿਸ ਨੂੰ ਮੁਲਾਜ਼ਮ ਵਰਗ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗਾ। ਪ.ਸ.ਸ.ਫ. ਦੇ ਸੂਬਾ ਪ੍ਰੈਸ ਸਕੱਤਰ ਇੰਦਰਜੀਤ ਵਿਰਦੀ ਨੇ ਕਿਹਾ ਕਿ ਸਰਕਾਰ ਕੋਲ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮੁਲਾਜ਼ਮ, ਪੈਨਸ਼ਨਰ ਅਤੇ ਲੋਕ ਵਿਰੋਧੀ ਨੀਤੀਆਂ ਸਬੰਧੀ ਕੋਈ ਢੰਗ ਦਾ ਜਵਾਬ ਨਹੀਂ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੁਲਾਜ਼ਮ ਵਰਗ ਦੇ ਸਵਾਲਾਂ ਤੋਂ ਬਚਣ ਲਈ ਸਰਕਾਰ ਦਮਨਕਾਰੀ ਰਵੱਈਆ ਅਪਣਾ ਰਹੀ ਹੈ। ਆਗੂਆਂ ਨੇ ਕਿਹਾ ਕਿ ਜੇਕਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬ ਭਰ ਵਿੱਚ ਮੰਤਰੀਆਂ ਅਤੇ ਵਿਧਾਇਕਾਂ ਦਾ ਵੱਡੇ ਪੱਧਰ ‘ਤੇ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਮੱਖਣ ਸਿੰਘ ਵਾਹਿਦਪੁਰੀ, ਗੁਰਬਿੰਦਰ ਸਿੰਘ, ਕਿਸ਼ੋਰ ਚੰਦ ਗਾਜ, ਬੋਬਿੰਦਰ ਸਿੰਘ, ਅਨਿਲ ਕੁਮਾਰ, ਰਜੇਸ਼ ਕੁਮਾਰ ਅਮਲੋਹ, ਗੁਰਦੇਵ ਸਿੰਘ ਸਿੱਧੂ, ਜਸਵਿੰਦਰ ਸੋਜਾ, ਰਜਿੰਦਰ ਸਿੰਘ ਰਿਆੜ, ਮਾਲਵਿੰਦਰ ਸਿੰਘ, ਜਤਿੰਦਰ ਕੁਮਾਰ, ਬਲਵਿੰਦਰ ਭੁੱਟੋ, ਅਮਨਦੀਪ ਸ਼ਰਮਾ, ਗੁਰਪ੍ਰੀਤ ਸਿੰਘ ਮਜਕੀਮਪੁਰ, ਜਸਵੀਰ ਸਿੰਘ ਸ਼ੀਰਾ, ਗੁਰਪ੍ਰੀਤ ਰੰਗੀਲਪੁਰ, ਅਮਰੀਕ ਸਿੰਘ, ਚਮਕੌਰ ਸਿੰਘ ਨਾਭਾ ਆਦਿ ਆਗੂ ਵੀ ਹਾਜ਼ਰ ਸਨ।