ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ’ਤੇ ਤਸ਼ੱਦਦ ਮੰਦਭਾਗਾ : ਸਮਿਆਲ
ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਉੱਤੇ ਤਸ਼ੱਦਦ ਕਰਨਾ ਮੰਦਭਾਗਾ - ਸਚਿਨ ਸਮਿਆਲ
Publish Date: Fri, 13 Mar 2026 04:32 PM (IST)
Updated Date: Sat, 14 Mar 2026 04:03 AM (IST)

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ: ਬੀਤੇ ਦਿਨੀਂ ਚੰਡੀਗੜ੍ਹ ਵਿੱਚ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰ ਰਹੇ ਅਧਿਆਪਕਾਂ ਉੱਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ, ਪਾਣੀ ਦੀਆਂ ਬੁਛਾੜਾਂ ਅਤੇ ਹੰਝੂ ਗੈਸ ਦੇ ਗੋਲਿਆਂ ਦੀ ਘਟਨਾ ਦੀ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਸਚਿਨ ਸਮਿਆਲ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਸਮਿਆਲ ਨੇ ਇਸ ਘਟਨਾ ਨੂੰ ਬੇਹੱਦ ਸ਼ਰਮਨਾਕ ਅਤੇ ਨਿੰਦਣਯੋਗ ਕਰਾਰ ਦਿੰਦਿਆਂ ਕਿਹਾ ਕਿ ਕੌਮ ਦੇ ਨਿਰਮਾਤਿਆਂ ਨਾਲ ਇਸ ਤਰ੍ਹਾਂ ਦਾ ਵਰਤਾਰਾ ਕਰਨਾ ਬਹੁਤ ਹੀ ਮੰਦਭਾਗਾ ਹੈ। ਆਪਣੇ ਹੱਕਾਂ ਲਈ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ’ਤੇ ਤਸ਼ੱਦਦ ਕਰਨਾ ਕਿਸੇ ਵੀ ਲੋਕਤੰਤਰਿਕ ਸਰਕਾਰ ਨੂੰ ਸ਼ੋਭਾ ਨਹੀਂ ਦਿੰਦਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਇੱਕ ਅਧਿਆਪਕ ਪਿਤਾ ਦੇ ਪੁੱਤਰ ਹਨ ਅਤੇ ਉਨ੍ਹਾਂ ਨੂੰ ਅਧਿਆਪਕਾਂ ਦੀ ਪੀੜ੍ਹ, ਸਮੱਸਿਆਵਾਂ ਅਤੇ ਸੰਘਰਸ਼ ਨੂੰ ਹੋਰ ਚੰਗੀ ਤਰ੍ਹਾਂ ਸਮਝਣਾ ਚਾਹੀਦਾ ਹੈ। ਇਸਦੇ ਬਾਵਜੂਦ ਚੰਡੀਗੜ੍ਹ ਦੀ ਧਰਤੀ ‘ਤੇ ਆਪਣੇ ਜਾਇਜ਼ ਹੱਕਾਂ ਲਈ ਆਵਾਜ਼ ਉਠਾਉਂਦੇ ਅਧਿਆਪਕਾਂ ਨਾਲ ਆਮ ਆਦਮੀ ਪਾਰਟੀ ਦੇ ਇਸ਼ਾਰੇ ‘ਤੇ ਪੁਲਿਸ ਵੱਲੋਂ ਅਜਿਹਾ ਵਤੀਰਾ ਕਰਨਾ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦਾ ਹੈ। ਜੋ ਪਾਰਟੀ ਕਦੇ ਧਰਨਿਆਂ ਅਤੇ ਸੰਘਰਸ਼ਾਂ ਰਾਹੀਂ ਸੱਤਾ ਵਿੱਚ ਆਈ ਸੀ, ਉਹੀ ਪਾਰਟੀ ਅੱਜ ਆਪਣੀਆਂ ਹੱਕੀ ਮੰਗਾਂ ਲਈ ਧਰਨਾ ਦੇ ਰਹੇ ਅਧਿਆਪਕਾਂ ਉੱਤੇ ਧੱਕੇਸ਼ਾਹੀ ਕਰ ਰਹੀ ਹੈ। ਧਰਨੇ ਦੌਰਾਨ ਸਿੱਖ ਮੁਲਾਜ਼ਮਾਂ ਦੀਆਂ ਪੱਗਾਂ ਉਤਾਰੀਆਂ ਜਾਣੀਆਂ ਅਤੇ ਧੀਆਂ-ਭੈਣਾਂ ਨਾਲ ਬਦਸਲੂਕੀ ਹੋਣਾ ਬਹੁਤ ਹੀ ਨਿੰਦਣਯੋਗ ਅਤੇ ਦੁਖਦਾਈ ਘਟਨਾ ਹੈ, ਜਿਸਨੂੰ ਪੰਜਾਬੀ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।