‘ਸਾਡੇ ਬਜ਼ੁਰਗ ਸਾਡਾ ਮਾਣ’ ਤਹਿਤ ਵਿਸ਼ਾਲ ਮੈਗਾ ਮੈਡੀਕਲ ਕੈਂਪ ਲਾਇਆ
ਗੜ੍ਹਸ਼ੰਕਰ ਵਿਖੇ "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਤਹਿਤ ਵਿਸ਼ਾਲ ਮੈਗਾ ਮੈਡੀਕਲ ਕੈਂਪ ਦਾ ਆਯੋਜਨ
Publish Date: Fri, 13 Mar 2026 04:54 PM (IST)
Updated Date: Sat, 14 Mar 2026 04:04 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਗੜ੍ਹਸ਼ੰਕਰ ਡਾ. ਅਜੇ ਬਸਰਾ ਦੀ ਰਹਿਨੁਮਾਈ ਹੇਠ ਸਬ-ਡਵੀਜ਼ਨ ਹਸਪਤਾਲ ਗੜ੍ਹਸ਼ੰਕਰ ਵਿਖੇ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਸਿਹਤ ਸੇਵਾਵਾਂ ਸਬੰਧੀ ਵਿਸ਼ਾਲ ਮੈਗਾ ਕੈਂਪ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ।ਇਸ ਮੌਕੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਦੇ ਓਐੱਸਡੀ ਚਰਨਜੀਤ ਸਿੰਘ ਚੰਨੀ, ਸਿਵਲ ਸਰਜਨ ਡਾ. ਮਨਦੀਪ ਕਮਲ, ਸਹਾਇਕ ਸਿਵਲ ਸਰਜਨ ਡਾ. ਅਜੇ ਬਸਰਾ ਅਤੇ ਤਰਸੇਮ ਲਾਲ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸਮੇਤ ਹੋਰ ਅਧਿਕਾਰੀ ਹਾਜ਼ਰ ਰਹੇ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਅਤੇ ਡਾ. ਮਨਦੀਪ ਕਮਲ ਵੱਲੋਂ ਕੈਂਪ ਵਿੱਚ ਬਜ਼ੁਰਗਾਂ ਦੀ ਸਿਹਤ ਜਾਂਚ ਲਈ ਲਗਾਏ ਗਏ ਵੱਖ-ਵੱਖ ਚੈਕਅੱਪ ਕਾਊਂਟਰਾਂ ਦਾ ਨਿਰੀਖਣ ਵੀ ਕੀਤਾ ਗਿਆ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਮਕਸਦ ਸਮਾਜ ਵਿੱਚ ਬਜ਼ੁਰਗਾਂ ਦੇ ਸਤਿਕਾਰ ਅਤੇ ਉਨ੍ਹਾਂ ਦੀ ਸੰਭਾਲ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੀ ਜ਼ਿੰਦਗੀ ਦਾ ਅਨਮੋਲ ਖਜ਼ਾਨਾ ਹਨ ਅਤੇ ਉਨ੍ਹਾਂ ਦੇ ਤਜਰਬੇ ਤੋਂ ਸਾਨੂੰ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਆਪਣੇ ਬਜ਼ੁਰਗਾਂ ਦੀ ਸੇਵਾ ਅਤੇ ਇੱਜ਼ਤ ਕਰਨ ਅਤੇ ਉਨ੍ਹਾਂ ਨੂੰ ਪਰਿਵਾਰ ਦਾ ਅਹਿਮ ਹਿੱਸਾ ਸਮਝੇ। ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਦੱਸਿਆ ਕਿ ਕੈਂਪ ਦੌਰਾਨ ਬਜ਼ੁਰਗਾਂ ਦੀ ਸਿਹਤ ਜਾਂਚ ਲਈ ਕੈਂਸਰ ਸਕ੍ਰੀਨਿੰਗ, ਹੱਡੀਆਂ ਦੀ ਜਾਂਚ, ਅੱਖਾਂ ਦੀ ਜਾਂਚ, ਗੈਰ-ਸੰਚਾਰੀ ਰੋਗਾਂ, ਮੈਡੀਸਨ, ਫਿਜ਼ਿਓਥੈਰਪੀ, ਦਿਮਾਗੀ ਰੋਗਾਂ ਅਤੇ ਮਹਿਲਾ ਰੋਗਾਂ ਨਾਲ ਸੰਬੰਧਤ ਕਾਊਂਟਰ ਲਗਾਏ ਗਏ। ਇਨ੍ਹਾਂ ਕਾਊਂਟਰਾਂ ਰਾਹੀਂ ਬਜ਼ੁਰਗਾਂ ਦੀ ਮੁਫ਼ਤ ਜਾਂਚ ਕਰਕੇ ਲੋੜਵੰਦਾਂ ਨੂੰ ਦਵਾਈਆਂ ਵੀ ਦਿੱਤੀਆਂ ਗਈਆਂ। ਸਹਾਇਕ ਸਿਵਲ ਸਰਜਨ ਡਾ. ਅਜੇ ਬਸਰਾ ਨੇ ਦੱਸਿਆ ਕਿ ਸਰਕਾਰ ਵੱਲੋਂ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਬਜ਼ੁਰਗਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਜ਼ਿਲ੍ਹਾ ਅਤੇ ਬਲਾਕ ਪੱਧਰ ‘ਤੇ ਅਜਿਹੇ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਇਸ ਮੌਕੇ ਤਰਸੇਮ ਲਾਲ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਨੇ ਦੱਸਿਆ ਕਿ ਕੈਂਪ ਵਿੱਚ ਬਜ਼ੁਰਗਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਅਤੇ ਉਨ੍ਹਾਂ ਲਈ ਬੈਠਣ ਅਤੇ ਰਿਫਰੈਸ਼ਮੈਂਟ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ। ਕੈਂਪ ਦੌਰਾਨ ਡਾ. ਸਿਮਰਨ ਸੈਣੀ, ਡਾ. ਮਨਦੀਪ ਕੌਰ, ਡਾ. ਅਮਿਤ ਕੁਮਾਰ, ਡਾ. ਪਰਮਿੰਦਰ ਕੌਰ, ਡਾ. ਅਨੀਸ਼ਾ, ਡਾ. ਪਰਮ ਹੰਸ, ਡਾ. ਨਵਨੀਤ ਕੌਰ, ਡਾ. ਵਿਕਰਮਜੀਤ ਸਿੰਘ, ਅਮਰਜੀਤ ਧਨੋਆ, ਤਨਿੰਦਰ ਕੌਰ, ਅਸ਼ੋਕ ਕੁਮਾਰ, ਸੁਖਵਿੰਦਰ ਕੌਰ, ਸੰਜੇ ਲੰਬ ਅਤੇ ਉਪਿੰਦਰ ਸਿੰਘ ਐਮ.ਐਲ.ਟੀ. ਸਮੇਤ ਹੋਰ ਸਟਾਫ਼ ਨੇ ਬਜ਼ੁਰਗਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਅਤੇ ਲੋੜ ਅਨੁਸਾਰ ਦਵਾਈਆਂ ਵੀ ਵੰਡੀਆਂ।