ਐਨਰੋਲਮੈਂਟ ਬੂਸਟਰ ਮੁਹਿੰਮ ਤੇਜ਼; ਟੀਮਾਂ ਪਹੁੰਚ ਰਹੀਆਂ ਨੇ ਘਰ-ਘਰ
ਸਰਕਾਰੀ ਸਕੂਲਾਂ ਵਿੱਚ ਦਾਖਲੇ ਵਧਾਉਣ ਲਈ 'ਐਨਰੋਲਮੈਂਟ ਬੂਸਟਰ' ਮੁਹਿੰਮ ਤੇਜ਼; ਟੀਮਾਂ ਪਹੁੰਚ ਰਹੀਆਂ ਨੇ ਘਰ-ਘਰ
Publish Date: Fri, 13 Mar 2026 05:27 PM (IST)
Updated Date: Sat, 14 Mar 2026 04:07 AM (IST)

ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਅਤੇ ਸਿੱਖਿਆ ਵਿਭਾਗ ਦੇ ਨਵੇਂ ਸੁਧਾਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਇੱਕ ਵਿਸ਼ੇਸ਼ ਐਨਰੋਲਮੈਂਟ ਬੂਸਟਰ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਬਣਾਈਆਂ ਗਈਆਂ ਟੀਮਾਂ ਪਿੰਡਾਂ ਅਤੇ ਮੋਹੱਲਿਆਂ ਵਿੱਚ ਘਰ-ਘਰ ਜਾ ਕੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਅਤੇ ਨਵੀਆਂ ਸਿੱਖਿਆ ਪਹਿਲਾਂ ਬਾਰੇ ਜਾਣਕਾਰੀ ਦੇ ਰਹੀਆਂ ਹਨ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੁਹਿੰਮ ਦੇ ਤਹਿਤ ਜ਼ਿਲ੍ਹਾ, ਬਲਾਕ ਅਤੇ ਸਕੂਲ ਪੱਧਰ ’ਤੇ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ। ਇਹ ਟੀਮਾਂ ਮਾਪਿਆਂ ਨੂੰ ਸਮਝਾ ਰਹੀਆਂ ਹਨ ਕਿ ਸਰਕਾਰੀ ਸਕੂਲ ਹੁਣ ਆਧੁਨਿਕ ਸਹੂਲਤਾਂ ਨਾਲ ਲੈਸ ਹੋ ਚੁੱਕੇ ਹਨ ਅਤੇ ਇੱਥੇ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ ਦੇ ਨਾਲ ਕਈ ਹੋਰ ਸੁਵਿਧਾਵਾਂ ਵੀ ਦਿੱਤੀਆਂ ਜਾ ਰਹੀਆਂ ਹਨ। ਮੁਹਿੰਮ ਦੇ ਤਹਿਤ ਸਕੂਲਾਂ ਵੱਲੋਂ ਫਲੈਕਸ ਬੈਨਰ ਤਿਆਰ ਕਰਕੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਲਗਾਏ ਗਏ ਹਨ ਅਤੇ ਪੈਂਫਲਟ ਵੀ ਲੋਕਾਂ ਵਿੱਚ ਵੰਡੇ ਜਾ ਰਹੇ ਹਨ, ਤਾਂ ਜੋ ਵੱਧ ਤੋਂ ਵੱਧ ਮਾਪਿਆਂ ਤੱਕ ਸਰਕਾਰੀ ਸਕੂਲਾਂ ਦੀਆਂ ਸਹੂਲਤਾਂ ਬਾਰੇ ਜਾਣਕਾਰੀ ਪਹੁੰਚ ਸਕੇ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਗੁਰਿੰਦਰਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਡਿਜੀਟਲ ਸਿੱਖਿਆ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਇੰਟਰਨੈੱਟ ਸਹੂਲਤ, ਕੰਪਿਊਟਰ ਲੈਬ ਅਤੇ ਆਧੁਨਿਕ ਸਿੱਖਣ ਸਮੱਗਰੀ ਉਪਲਬਧ ਕਰਵਾਈ ਜਾ ਰਹੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਗੁਣਵੱਤਾਪੂਰਨ ਸਿੱਖਿਆ ਮਿਲ ਸਕੇ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਵਜ਼ੀਫ਼ੇ, ਮੁਫ਼ਤ ਕਿਤਾਬਾਂ, ਮੁਫ਼ਤ ਵਰਦੀਆਂ ਅਤੇ ਖ਼ਾਸ ਲੋੜਾਂ ਵਾਲੇ ਬੱਚਿਆਂ ਲਈ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਆਧੁਨਿਕ ਕੰਪਿਊਟਰ ਲੈਬ ਅਤੇ ਤਕਨੀਕੀ ਸਿੱਖਿਆ ਨਾਲ ਵੀ ਜੋੜਿਆ ਜਾ ਰਿਹਾ ਹੈ। ਜ਼ਿਲ੍ਹਾ ਨੋਡਲ ਅਫ਼ਸਰ ਦਾਖਲਾ ਮੁਹਿੰਮ ਅਤੇ ਸਿੱਖਿਆਵਿਦ ਪ੍ਰਿੰਸੀਪਲ ਸ਼ੈਲੇਂਦਰ ਠਾਕੁਰ ਨੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੋ ਪਰਿਵਾਰ ਨਿੱਜੀ ਸਕੂਲਾਂ ਦੀ ਵਧ ਰਹੀ ਫੀਸ ਦਾ ਬੋਝ ਨਹੀਂ ਝੱਲ ਸਕਦੇ, ਉਹ ਸਰਕਾਰੀ ਸਕੂਲਾਂ ਵੱਲ ਰੁਖ ਕਰਨ। ਉਨ੍ਹਾਂ ਕਿਹਾ ਕਿ ਖ਼ਾਸ ਕਰਕੇ ਸਕੂਲ ਆਫ਼ ਐਮੀਨੈਂਸ ਵਿੱਚ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਅਤੇ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।