22 ਨੂੰ ਹੋਵੇਗੀ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ
ਨਸ਼ਾ ਮੁਕਤ ਪੰਜਾਬ ਦੇ ਸੰਦੇਸ਼ ਨਾਲ 22 ਮਾਰਚ ਨੂੰ ਮਾਹਿਲਪੁਰ ’ਚ ਹੋਵੇਗੀ ‘ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਰਾਸ਼ਟਰੀ ਮੈਰਾਥਨ’
Publish Date: Fri, 13 Mar 2026 06:14 PM (IST)
Updated Date: Sat, 14 Mar 2026 04:10 AM (IST)

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪੋਸਟਰ ਅਤੇ ਟੀ-ਸ਼ਰਟ ਜਾਰੀ ਕੀਤੀ 5, 10, 21 ਅਤੇ 42 ਕਿਲੋਮੀਟਰ ਦੌੜਾਂ ’ਚ ਵੱਖ-ਵੱਖ ਵਰਗਾਂ ਲਈ ਹੋਵੇਗੀ ਭਾਗੀਦਾਰੀ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ 22 ਮਾਰਚ ਨੂੰ ਮਾਹਿਲਪੁਰ (ਗੜ੍ਹਸ਼ੰਕਰ) ਵਿਖੇ ਇੱਕ ਵਿਸ਼ਾਲ ’ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਰਾਸ਼ਟਰੀ ਮੈਰਾਥਨ ਕਰਵਾਈ ਜਾ ਰਹੀ ਹੈ। ਇਸ ਦੌੜ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾ ਕੇ ਖੇਡਾਂ ਅਤੇ ਸਿਹਤਮੰਦ ਜੀਵਨਸ਼ੈਲੀ ਨਾਲ ਜੋੜਨਾ ਹੈ। ਇਸ ਮੈਰਾਥਨ ਰਾਹੀਂ ‘ਨਸ਼ਾ ਮੁਕਤ ਪੰਜਾਬ’ ਦਾ ਸੁਨੇਹਾ ਘਰ-ਘਰ ਪਹੁੰਚਾਇਆ ਜਾਵੇਗਾ। ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸ਼ੁੱਕਰਵਾਰ ਨੂੰ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਇਹ ਮੈਰਾਥਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਖੇਡਾਂ ਅਤੇ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨ ਲਈ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਉਨ੍ਹਾਂ ਦਾ ਭਵਿੱਖ ਉਜਵੱਲ ਬਣਾਉਣਾ ਅਤੇ ਪੰਜਾਬ ਨੂੰ ਮੁੜ ਖੁਸ਼ਹਾਲ ਤੇ ਖੇਡਾਂ ਵਿੱਚ ਅੱਗੇ ਲੈ ਕੇ ਜਾਣਾ ਇਸ ਮੁਹਿੰਮ ਦਾ ਮੁੱਖ ਉਦੇਸ਼ ਹੈ। ਇਸ ਮੌਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਵੀ ਮੌਜੂਦ ਸਨ। ਰੌੜੀ ਨੇ ਦੱਸਿਆ ਕਿ ਆਜ਼ਾਦੀ ਤੋਂ ਬਾਅਦ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਵਿੱਚ ਸਰਕਾਰ ਵੱਲੋਂ ਪਹਿਲੀ ਵਾਰ ਵੱਡੇ ਪੱਧਰ ’ਤੇ ਮੈਰਾਥਨ ਕਰਵਾਈ ਜਾ ਰਹੀ ਹੈ। ਇਸ ਮੈਰਾਥਨ ਵਿੱਚ 5 ਕਿਲੋਮੀਟਰ, 10 ਕਿਲੋਮੀਟਰ, 21 ਕਿਲੋਮੀਟਰ ਅਤੇ 42 ਕਿਲੋਮੀਟਰ ਦੀਆਂ ਵੱਖ-ਵੱਖ ਸ਼੍ਰੇਣੀਆਂ ਵਿੱਚ ਬੱਚੇ, ਨੌਜਵਾਨ, ਬਜ਼ੁਰਗ ਅਤੇ ਦਿਵਿਆਂਗਜਨ ਭਾਗ ਲੈ ਸਕਣਗੇ। ਜੇਤੂਆਂ ਨੂੰ ਉਤਸ਼ਾਹਿਤ ਕਰਨ ਲਈ ਆਕਰਸ਼ਕ ਪੁਰਸਕਾਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਮੈਰਾਥਨ ਵਿੱਚ ਭਾਗ ਲੈਣ ਲਈ ਡਿਫੈਂਸ ਕਰਮਚਾਰੀਆਂ (ਆਰਮੀ, ਏਅਰਫੋਰਸ, ਨੇਵੀ, ਪੁਲਿਸ), ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ, ਅੰਡਰ-18 ਬੱਚਿਆਂ ਅਤੇ ਦਿਵਿਆਂਗਜਨਾਂ ਲਈ ਦਾਖਲਾ ਪੂਰੀ ਤਰ੍ਹਾਂ ਮੁਫ਼ਤ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਨਮਨ ਕੀਤਾ ਸੀ ਅਤੇ ਹਰ ਸਾਲ ਉਨ੍ਹਾਂ ਦੇ ਸ਼ਹੀਦੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਕਰਵਾਏ ਜਾਂਦੇ ਹਨ। ਇਸੇ ਲੜੀ ਤਹਿਤ ਸ਼ਹੀਦੀ ਦਿਵਸ ਤੋਂ ਇਕ ਦਿਨ ਪਹਿਲਾਂ 22 ਮਾਰਚ ਨੂੰ ਇਹ ਮੈਰਾਥਨ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਸਮਰਪਿਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੇ ਇਕ ਸਿਹਤਮੰਦ, ਸ਼ਕਤੀਸ਼ਾਲੀ ਅਤੇ ਜਾਗਰੂਕ ਰਾਸ਼ਟਰ ਦਾ ਸੁਪਨਾ ਦੇਖਿਆ ਸੀ। ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਨਸ਼ਿਆਂ ਦਾ ਖਾਤਮਾ ਕਰਨਾ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਵੱਡੀ ਲੋੜ ਹੈ। ਰੌੜੀ ਨੇ ਦੱਸਿਆ ਕਿ ਇਸ ਵਿਸ਼ਾਲ ਪ੍ਰੋਗਰਾਮ ਵਿੱਚ ਦੇਸ਼ ਅਤੇ ਵਿਦੇਸ਼ ਵਿੱਚ ਨਾਮ ਕਮਾ ਚੁੱਕੀਆਂ ਕਈ ਪ੍ਰਮੁੱਖ ਹਸਤੀਆਂ ਤੋਂ ਇਲਾਵਾ ਵੱਖ-ਵੱਖ ਖੇਡਾਂ ਵਿੱਚ ਉਪਲਬਧੀਆਂ ਹਾਸਲ ਕਰ ਚੁੱਕੇ ਪੰਜਾਬ ਪੁਲਿਸ ਦੇ 19 ਅਧਿਕਾਰੀ ਤੇ ਕਰਮਚਾਰੀ ਵੀ ਭਾਗ ਲੈਣਗੇ। ਪ੍ਰੈੱਸ ਕਾਨਫਰੰਸ ਤੋਂ ਬਾਅਦ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਅਧਿਕਾਰੀਆਂ ਦੇ ਨਾਲ ਮੈਰਾਥਨ ਦਾ ਪੋਸਟਰ ਅਤੇ ਟੀ-ਸ਼ਰਟ ਜਾਰੀ ਕੀਤੀ। ਇਸ ਮੌਕੇ ਏਡੀਸੀ ਨਿਕਾਸ ਕੁਮਾਰ, ਐੱਸਪੀ ਨਵਨੀਤ ਕੌਰ, ਸਹਾਇਕ ਕਮਿਸ਼ਨਰ ਓਇਸ਼ੀ ਮੰਡਲ, ਐੱਸਡੀਐੱਮ ਗੜ੍ਹਸ਼ੰਕਰ ਪਰਮਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਜੀਤ ਸਿੰਘ ਵੀ ਮੌਜੂਦ ਸਨ।